- ਸਿਹਤ ਵਿਭਾਗ ਵਲੋਂ ਪ੍ਰਾਈਵੇਟ ਸੈਂਟਰਾਂ ਨਾਲ ਬਿਹਤਰ ਤੇ ਸੁਚਾਰੂ ਤਾਲਮੇਲ ਲਈ ਕੀਤੀ ਗਈ ਵਰਚੂਅਲ ਮੀਟਿੰਗ
ਜਲੰਧਰ 10 ਅਪ੍ਰੈਲ 2021 - ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵਲੋਂ ਕੋਵਿਡ ਵਾਇਰਸ ਤੋਂ ਬਚਾਅ ਲਈ ਸਹੂਲਤਾਂ ਪ੍ਰਦਾਨ ਕਰ ਰਹੇ ਸਾਰੇ 55 ਪ੍ਰਾਈਵੇਟ ਹਸਪਤਾਲਾਂ ਨੂੰ ਬਿਹਤਰ ਤਾਲਮੇਲ ਰਾਹੀਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦੁਆਇਆ ਗਿਆ।
ਸਿਹਤ ਵਿਭਾਗ ਵਲੋਂ ਕਰਵਾਈ ਗਈ ਵਰਚੂਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਸੂਬੇ ਭਰ ਵਿੱਚ ਕੋਵਿਡ ਪ੍ਰਬੰਧਨ ਸਬੰਧੀ ਸਹੂਲਤਾਂ ਪ੍ਰਦਾਨ ਕਰਨ ਵਾਲੀਆਂ ਪ੍ਰਾਈਵੇਟ ਸੰਸਥਾਵਾਂ ਵਿਚੋਂ 25 ਫੀਸਦ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਹਨ ਅਤੇ ਜ਼ਿਲ੍ਹੇ ਵਲੋਂ ਉਨਾਂ ਨੂੰ ਦਿਨ ਪ੍ਰਤੀ ਦਿਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨਾਂ ਸੰਸਥਾਵਾਂ ਵਲੋਂ ਕੋਵਿਡ-19 ਦੇ ਲੈਵਲ-2 ਅਤੇ ਲੈਵਲ-3 ਦੇ ਮਰੀਜ਼ਾਂ ਲਈ 1200 ਦੇ ਕਰੀਬ ਬੈਡਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਵਲੋਂ ਸਿਹਤ ਸੰਸਥਾਵਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ-19 ਦੇ ਮਰੀਜ਼ਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤੋਂ ਜਾਣੂੰ ਕਰਵਾਇਆ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਜ਼ਿਲ੍ਹਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਇਨਾਂ ਸੰਸਥਾਵਾਂ ਨੂੰ ਮੁਫ਼ਤ ਵੈਂਟੀਲੇਟਰ, ਆਕਸੀਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨਾਂ ਸੰਸਥਾਵਾਂ ਨਾਲ ਬਿਹਤਰ ਤੇ ਨਿਰਵਿਘਨ ਤਾਲਮੇਲ ਲਈ ਵਿਸ਼ੇਸ਼ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਸਾਰੰਗਲ ਵਲੋਂ ਪ੍ਰਾਈਵੇਟ ਕੋਵਿਡ ਕੇਅਰ ਸੰਸਥਾਵਾਂ ਵਲੋਂ ਕੋਵਿਡ ਦੀ ਪਹਿਲੀ ਲਹਿਰ ਦੌਰਾਨ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਦੀ ਸ਼ਲਾਘਾ ਕੀਤੀ ਗਈ ਅਤੇ ਆਸ ਪ੍ਰਗਟਾਈ ਕਿ ਇਸੇ ਤਰ੍ਹਾਂ ਕੋਵਿਡ ਦੀ ਦੂਜੀ ਲਹਿਰ ਨਾਲ ਵੀ ਪੂਰੀ ਸਮਰੱਥਾ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਨਾਲ ਨਿਪਟਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਇਸ ਸਬੰਧੀ ਜੰਗੀ ਪੱਧਰ 'ਤੇ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਖਿਲਾਫ਼ ਚੱਲ ਰਹੀ ਇਸ ਜੰਗ ਨੂੰ ਜਿੱਤਣ ਲਈ ਠੋਸ ਯਤਨ ਕੀਤੇ ਜਾਣ ਕਿਉਂਕਿ ਸਾਡੇ ਸਭ ਵਲੋਂ ਕੀਤੇ ਗਏ ਸਾਂਝੇ ਯਤਨਾਂ ਸਦਕਾ ਹੀ ਸਾਰਥਕ ਨਤੀਜੇ ਨਿਕਲ ਸਕਦੇ ਹਨ।
ਇਸ ਮੌਕੇ ਪ੍ਰਾਈਵੇਟ ਸਿਹਤ ਸੰਸਥਾਵਾਂ ਵਲੋਂ ਵੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਖਿਲਾਫ਼ ਜੰਗ ਵਿੱਚ ਉਨਾਂ ਨੂੰ ਦਿੱਤੇ ਜਾ ਰਹੇ ਸਹਿਯੋਗ ਦੀ ਪ੍ਰਸ਼ੰਸਾ ਕੀਤੀ ਗਈ। ਇਸ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਪ੍ਰਾਈਵੇਟ ਸਿਹਤ ਸੰਸਥਾਵਾਂ ਨੇ ਸਪਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲੰਧਰ ਵਿੱਚ ਕੋਵਿਡ ਵਾਇਰਸ ਖਿਲਾਫ਼ ਜੰਗ ਜਿੱਤਣ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ।