ਨਵੀਂ ਦਿੱਲੀ, 10 ਅਪ੍ਰੈਲ 2021 - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫੇਰ ਕਿਸਾਨਾਂ ਨਾਲ ਗੱਲਬਾਤ ਦੇ ਖੁੱਲ੍ਹੇ ਦਰਵਾਜ਼ਿਆਂ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸਰਕਾਰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਤੇ ਅਰਥਸ਼ਾਸਤਰੀ ਖੇਤੀ ਕਾਨੂੰਨਾਂ ਨੂੰ ਸਹੀ ਦੱਸ ਰਹੇ ਨੇ, ਪਰ ਕੁਝ ਕੁ ਕਿਸਾਨ ਜਥੇਬੰਦੀਆਂ ਇੰਨ੍ਹਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਨੇ।
ਉਨ੍ਹਾਂ ਇੱਕ ਵਾਰ ਫਿਰ ਕਿਸਾਨ ਜਥੇਬੰਦੀਆਂ ਨੂੰ ਆਪਣਾ ਅੰਦੋਲਨ ਖ਼ਤਮ ਕਰਨ ਦੀ ਅਪੀਲ ਕੀਤੀ ਹੈ। ਨਰਿੰਦਰ ਸਿੰਘ ਤੋਮਰ ਨੇ ਕਿਹਾ, “ਕਿਸਾਨਾਂ ਦੇ ਦਿਲ ਵਿਚ ਅਸੰਤੋਸ਼ ਨਹੀਂ ਹੈ। ਜੋ ਇਨ੍ਹਾਂ ਬਿੱਲਾਂ ਦੇ ਵਿਰੁੱਧ ਹਨ ਸਰਕਾਰ ਉਨ੍ਹਾਂ ਕਿਸਾਨ ਸੰਗਠਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ। ਮੈਂ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਾਂਗਾ ਕਿ ਉਹ ਆਪਣਾ ਅੰਦੋਲਨ ਮੁਲਤਵੀ ਕਰਨ, ਜੇਕਰ ਉਹ ਗੱਲਬਾਤ ਲਈ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।”