- ਜ਼ਿਲ੍ਹੇ ’ਚ ਕੋਵਿਡ ਦੇ ਕੇਸਾਂ ਦੇ ਸੰਪਰਕ ਤਲਾਸ਼ਣ ਅਤੇ ਸਹੀ ਢੰਗ ਨਾਲ ਇਕਾਂਤਵਾਸ ਲਾਗੂ ਕਰਵਾਉਣ ਲਈ ਪੁਲਿਸ ਦੀਆਂ 8 ਟੀਮਾਂ ਦਾ ਗਠਨ : ਐਸ.ਐਸ.ਪੀ.
- ਹਦਾਇਤਾਂ ਦੀ ਉਲੰਘਣਾ ’ਤੇ ਹੋਵੇਗੀ ਸਖਤ ਕਾਰਵਾਈ : ਨਵਜੋਤ ਸਿੰਘ ਮਾਹਲ
ਹੁਸ਼ਿਆਰਪੁਰ, 10 ਅਪ੍ਰੈਲ 2021 - ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜਨਤਕ ਹਿੱਤਾਂ ਲਈ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਅੱਜ ਸਾਰੀਆਂ ਸਮਾਜਿਕ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਕੋਰੋਨਾ ’ਤੇ ਫਤਿਹ ਪਾਉਣ ਲਈ ਉਨ੍ਹਾਂ ਦਾ ਸਹਿਯੋਗ ਅਤਿ ਲੋੜੀਂਦਾ ਹੈ ਜਿਸ ਲਈ ਇਨ੍ਹਾਂ ਸੰਸਥਾਵਾਂ ਨੂੰ ਆਪੋ-ਆਪਣੇ ਪੱਧਰ ’ਤੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਨਾਉਣਾ ਚਾਹੀਦਾ ਹੈ।
ਆਰ.ਟੀ.-ਪੀ.ਸੀ.ਆਰ. ਸੈਂਪÇਲੰਗ ਅਤੇ ਕੋਵਿਡ ਟੀਕਾਕਰਨ ਵਿੱਚ ਤੇਜ਼ੀ ਲਿਆਉਣ ਨੂੰ ਲੈ ਕੇ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਟੈਸਟਿੰਗ ਅਤੇ ਟੀਕਾਕਰਨ ਕੀਤਾ ਜਾਵੇਗਾ ਤਾਂ ਜੋ ਸਮੇਂ ਸਿਰ ਇਸ ਵਾਇਰਸ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸਬੰਧਤ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਕਿਹਾ ਕਿ ਉਹ ਆਪੋ-ਆਪਣੇ ਅਧਿਕਾਰ ਖੇਤਰਾਂ ਅੰਦਰ ਵੱਖ-ਵੱਖ ਸੰਸਥਾਵਾਂ ਨਾਲ ਰਾਬਤਾ ਕਰਕੇ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਅਤੇ ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਕ੍ਰੋ ਕੰਟੇਨਮੈਂਟ ਜ਼ੋਨਾਂ ਵਿੱਚ ਹਦਾਇਤਾਂ ਨੂੰ ਪੂਰੀ ਸਖਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਸਿਵਲ, ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਆਪਸੀ ਤਾਲਮੇਲ ਨਾਲ ਲੋਕਾਂ ਨੂੰ ਇਸ ਵਾਇਰਸ ਖਿਲਾਫ਼ ਸੁਚੇਤ ਹੋਣ ਅਤੇ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤਣ ਲਈ ਪ੍ਰੇਰਿਤ ਕਰਨ।
ਇਸ ਦੌਰਾਨ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜਿਲ੍ਹੇ ਵਿੱਚ ਕੋਰੋਨਾ ਪਾਜੀਟਿਵ ਕੇਸਾਂ ਦੇ ਸੰਪਰਕ ਤਲਾਸ਼ਣ ਅਤੇ ਉਨ੍ਹਾਂ ਲਈ ਲੋੜੀਂਦੇ ਇਕਾਂਤਵਾਸ ਨੂੰ ਬਿਨਾਂ ਕਿਸੇ ਦੇਰੀ ਸਹੀ ਢੰਗ ਨਾਲ ਲਾਗੂ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਵਲੋਂ 8 ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਕ ਪੁਲਿਸ ਅਧਿਕਾਰੀ ਅਤੇ ਦੋ ਕਰਮਚਾਰੀਆਂ ’ਤੇ ਆਧਾਰਤ ਇਹ ਟੀਮਾਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਰਾਬਤਾ ਕਰਕੇ ਸੰਵੇਦਨਸ਼ੀਲ ਥਾਵਾਂ ’ਤੇ ਢੁਕਵੇਂ ਵਤੀਰੇ ਨੂੰ ਲਾਗੂ ਕਰਵਾਉਣਗੀਆਂ ਤਾਂ ਜੋ ਵਾਇਰਸ ਦੇ ਫੈਲਾਅ ਨੂੰ ਅਸਰਦਾਰ ਤਰੀਕੇ ਨਾਲ ਠੱਲ੍ਹ ਪਾਈ ਜਾ ਸਕੇ। ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਜੇਕਰ ਨਿਰਧਾਰਤ ਹਦਾਇਤਾਂ ਦੀ ਉਲੰਘਣਾ ਪਾਈ ਜਾਂਦੀ ਹੈ ਤਾਂ ਸਬੰਧਤ ਵਿਅਕਤੀਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. ਪੀ.ਬੀ.ਆਈ. ਮਨਦੀਪ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਰਣਦੀਪ ਸਿੰਘ ਹੀਰ, ਸਿਵਲ ਸਰਜਨ ਡਾ. ਰਣਜੀਤ ਸਿੰਘ ਤੋਂ ਇਲਾਵਾ ਸਮੂਹ ਡੀ.ਐਸ.ਪੀਜ਼ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।