ਨਵਾਂਸ਼ਹਿਰ, 10 ਅਪ੍ਰੈਲ 2021 - ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 669 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 85 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਦਾ ਫੈਲਾਅ ਰੋਕਣ ਲਈ 30 ਅਪ੍ਰੈਲ ਤੱਕ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ, ਜਿਨਾਂ ਨੂੰ ਜ਼ਿਲੇ ਵਿਚ ਸਖ਼ਤੀ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।