- 'ਟੀਕਾ ਉਤਸਵ' ਤਹਿਤ ਜ਼ਿਲ੍ਹੇ ਵਿਚ ਚਾਰ ਥਾਈਂ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ
- ਕੋਵਿਡ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ, ਸਾਰੇ ਲਾਭਪਾਤਰੀ ਜ਼ਰੂਰ ਲਗਵਾਉਣ : ਬਲਬੀਰ ਸਿੰਘ ਸਿੱਧੂ
ਮੋਹਾਲੀ, 11 ਅਪ੍ਰੈਲ 2021 - ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਦੀ ਕਵਾਇਦ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਅੱਜ ਚਾਰੇ ਥਾਈਂ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪਾਂ ਦਾ ਦੌਰਾ ਕੀਤਾ ਅਤੇ ਤਮਾਮ ਲਾਭਪਾਤਰੀਆਂ ਨੂੰ ਕੋਵਿਡ-19 ਮਹਾਂਮਾਰੀ ਤੋਂ ਬਚਾਅ ਵਾਸਤੇ ਟੀਕੇ ਲਗਵਾਉਣ ਲਈ ਪ੍ਰੇਰਿਤ ਕੀਤਾ। ਸਿਹਤ ਮੰਤਰੀ ਨੇ ਮੁਢਲਾ ਸਿਹਤ ਕੇਂਦਰ ਲਾਂਡਰਾਂ, ਸਿਹਤ ਕੇਂਦਰ ਸਨੇਟਾ, ਪਿੰਡ ਗੀਗੇ ਮਾਜਰਾ, ਪਿੰਡ ਮੋਟੇ ਮਾਜਰਾ ਵਿਖੇ ਲੱਗੇ ਟੀਕਾਕਰਨ ਕੈਂਪਾਂ ਵਿਚ ਫੇਰੀ ਪਾਈ ਅਤੇ ਟੀਕਾਕਰਨ ਮੁਹਿੰਮ ਦਾ ਜਾਇਜ਼ਾ ਲਿਆ।
ਜ਼ਿਕਰਯੋਗ ਹੈ ਕਿ 11 ਅਪ੍ਰੈਲ ਤੋਂ 14 ਅਪ੍ਰੈਲ ਤਕ ਮਨਾਏ ਜਾ ਰਹੇ 'ਟੀਕਾ ਉਤਸਵ' ਤਹਿਤ ਸਿਹਤ ਮੰਤਰੀ ਦੇ ਨਿਰਦੇਸ਼ਾਂ 'ਤੇ ਇਹ ਵਿਸ਼ੇਸ਼ ਕੈਂਪ ਲਾਏ ਗਏ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ. ਸਿੱਧੂ ਨੇ ਆਖਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਵਾਸਤੇ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਟੀਕਾਕਰਨ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 45 ਸਾਲ ਤੋਂ ਉਪਰਲੇ ਸਾਰੇ ਵਿਅਕਤੀ ਕੋਵਿਡ ਦਾ ਟੀਕਾ ਜ਼ਰੂਰ ਲਗਵਾਉਣ ਅਤੇ ਅਪਣੇ ਪਰਵਾਰਕ ਜੀਆਂ, ਰਿਸ਼ਤੇਦਾਰ, ਗੁਆਂਢੀਆਂ ਅਤੇ ਹੋਰ ਸਾਰੇ ਲਾਭਪਾਤਰੀਆਂ ਨੂੰ ਇਸ ਵਾਸਤੇ ਹੱਲਾਸ਼ੇਰੀ ਦੇਣ।
ਉਨ੍ਹਾਂ ਕਿਹਾ ਕਿ ਟੀਕਾ ਲਗਵਾਉਣ ਨਾਲ ਸਰੀਰ 'ਤੇ ਕੋਈ ਮਾੜਾ ਅਸਰ ਨਹੀਂ ਪੈਂਦਾ। ਕੋਵਿਡ ਮਹਾਂਮਾਰੀ ਵਿਰੋਧੀ ਮੁਹਿੰਮ ਵਿਚ ਲੱਗੇ ਹੋਏ ਸਿਹਤ ਕਾਮਿਆਂ ਦੀ ਸ਼ਲਾਘਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਹ ਅਪਣੀ ਜਾਨ ਜੋਖਮ ਵਿਚ ਪਾ ਕੇ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਤੰਦਰੁਸਤੀ ਲਈ ਦਿਨ-ਰਾਤ ਕੰਮ ਕਰ ਰਹੇ ਹਨ ਜਿਸ ਲਈ ਉਹ ਅਤਿਅੰਤ ਪ੍ਰਸ਼ੰਸਾ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਣ ਵਾਸਤੇ ਪੂਰੀ ਤਨਦੇਹੀ ਨਾਲ ਲੱਗੀ ਹੋਈ ਅਤੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਇਸ ਬੀਮਾਰੀ ਦੇ ਮਾੜੇ-ਮੋਟੇ ਵੀ ਲੱਛਣ ਦਿਸਣ 'ਤੇ ਤੁਰੰਤ ਟੈਸਟ ਕਰਵਾਉਣ ਅਤੇ ਨਾਲ ਹੀ ਕੋਵਿਡ ਟੀਕਾਕਰਨ ਵੀ ਜ਼ਰੂਰ ਕਰਵਾਉਣ।
ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦਸਿਆ ਕਿ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁੁਣ ਤਕ ਕਿਸੇ ਵੀ ਸਿਹਤ ਕਾਮੇ ਅੰਦਰ ਟੀਕੇ ਦਾ ਮਾੜਾ ਅਸਰ ਵੇਖਣ ਨੂੰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਟੀਕੇ ਲਾਉਣ ਦਾ ਕੰਮ ਸਿਖਲਾਈ ਪ੍ਰਾਪਤ ਸਟਾਫ਼ ਦੁਆਰਾ ਮਾਹਰ ਡਾਕਟਰਾਂ ਦੀ ਸਿੱਧੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਰੂਰੀ ਕੰਮ ਪੈਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ। ਇਸ ਮੌਕੇ ਘੜੂੰਆਂ ਬਲਾਕ ਦੇ ਐਸ.ਐਮ. ਓ ਸੁਰਿੰਦਰਪਾਲ ਕੌਰ ਵੀ ਮੌਜੂਦ ਸਨ।