ਅਸ਼ੋਕ ਵਰਮਾ
ਮਾਨਸਾ 18 ਅਪ੍ਰੈਲ2021: ਮਾਨਸਾ ਜਿਲ੍ਹੇ ’ਚ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਲਾਏ ਟੀਕਾਕਰਨ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ 45 ਸਾਲ ਤੋਂ ਵੱਧ ਉਮਰ ਦੇ ਡੇਰਾ ਸੱਚਾ ਸੌਦਾ ਸਿਰਸਾ ਦੇ 701 ਸ਼ਰਧਾਲੂਆਂ ਨੇ ਕਰੋਨਾ ਵੈਕਸੀਨ ਦੇ ਟੀਕੇ ਲੁਆਏ। ਕੈਂਪ ਦੌਰਾਨ ਪੁੱਜੇ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰ ਪਾਲ ਨੇ ਕੈਂਪ ਦੌਰਾਨ ਕੀਤੇ ਪ੍ਰਬੰਧਾਂ ਅਤੇ ਡੇਰਾ ਸ਼ਰਧਾਲੂਆਂ ਵੱਲੋਂ ਵੱਡੀ ਪੱਧਰ ਤੇ ਅੱਗੇ ਆਉਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੋਰੋਨਾ ਦੀ ਇਸ ਭਿਆਨਕ ਬੀਮਾਰੀ ਤੋਂ ਸਾਨੂੰ ਜਲਦੀ ਨਿਜਾਤ ਮਿਲ ਜਾਏਗੀ । ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਹੁਣ ਤੱ25 ਹਜ਼ਾਰ ਵਿਅਕਤੀ ਟੀਕਾ ਲਗਵਾ ਚੁੱਕੇ ਹਨ ਜਿਨ੍ਹਾਂ ਨੂੰ ਹਾਲੇ ਤੱਕ ਕੋਈ ਵੀ ਦਿੱਕਤ ਮਹਿਸੂਸ ਨਹੀਂ ਹੋਈ । ਉਨ੍ਹਾਂ ਇਸ ਮੌਕੇ ਪ੍ਰਬੰਧਕੀ ਕਮੇਟੀ ਦਾ ਵੀ ਧੰਨਵਾਦ ਕੀਤਾ ।
ਡਿਪਟੀ ਮੈਡੀਕਲ ਕਮਿਸ਼ਨਰ ਡਾ ਰਣਜੀਤ ਸਿੰਘ ਰਾਏ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ ਜੋਕਿ ਪੂਰੀ ਤਰਾਂ ਸੁਰੱਖਿਅਤ ਹੈ । ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਬਚਾਅ ਲਈ ਹੋਰਨਾਂ ਸਾਵਧਾਨੀਆਂ ਦੀ ਪਾਲਣਾ ਕਰਨੀ ਵੀ ਯਕੀਨੀ ਬਨਾਉਣੀ ਜਰੂਰੀ ਹੈ ਜਿੰਨ੍ਹਾਂ ’ਚ ਮੂੰਹ ਨੂੰ ਮਾਸਕ ਨਾਲ ਢਕ ਕੇ ਰੱਖਣਾ, ਸਮਾਜਿਕ ਦੂਰੀ ਦੇ ਸਿਧਾਂਤ ਦੀ ਪਾਲਣਾ ਕਰਨਾ ਅਤੇ ਆਪਣੇ ਹੱਥਾਂ ਨੂੰ ਸਾਬਣ ਪਾਣੀ ਜਾਂ ਸੈਨੇਟਾਈਜਰ ਨਾਲ ਸਮੇਂ ਸਮੇਂ ਸਾਫ ਕੀਤਾ ਜਾਣਾ ਸ਼ਾਮਲ ਹੈ। ਇਸ ਮਾਮਲੇ ’ਚ ਸੈਪਲਿੰਗ ਨੂੰ ਜਰੂਰੀ ਕਰਾਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਲੱਛਣ ਸਾਹਮਣੇ ਆਉਣ ‘ਤੇ ਜਲਦੀ ਤੋਂ ਜਲਦੀ ਜਾਂਚ ਕਰਵਾਈ ਜਾਵੇ ਤਾਂ ਜੋ ਸਮੇਂ ਸਿਰ ਇਲਾਜ ਨਾਲ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਪਾਜੇਟਿਵ ਵਿਅਕਤੀ ਦੇ ਸੰਪਰਕ ਵਿੱਚ ਆਉਣ ‘ਤੇ ਵੀ ਸੈਂਪਲਿੰਗ ਕਰਵਾਈ ਜਾਵੇ ।
ਸੀਨੀਅਰ ਮੈਡੀਕਲ ਅਫਸਰ ਡਾ ਹਰਚੰਦ ਸਿੰਘ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੋਰੋਨਾ ਵਾਇਰਸ ਨੇ ਬਹੁਤ ਭਿਆਨਕ ਰੂਪ ਲੈ ਲਿਆ ਹੈ ਅਤੇ ਦਿਨ ਪ੍ਰਤੀ ਦਿਨ ਕੋਰੋਨਾ ਵਾਇਰਸ ਦੇ ਕੇਸ ਵਧ ਹੀ ਰਹੇ ਹਨ। ਉਨ੍ਹਾਂ ਦੱਸਿਆ ਕਿ ਟੀਕੇ ਤੋਂ ਡਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਹੁਣ ਤੱਕ ਲੱਖਾਂ ਲੋਕਾਂ ਨੂੰ ਇਹ ਟੀਕਾ ਲੱਗ ਚੁੱਕਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਕੋਰੋਨਾ ਦਾ ਟੀਕਾ ਲਗਵਾਉਣ ਤਾਂ ਜੋ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਅਤੇ ਇਸ ਤੋਂ ਨਿਜਾਤ ਪਾਈ ਜਾ ਸਕੇ । ਡੇਰਾ ਪ੍ਰਬੰਧਕ ਪਰਮਜੀਤ ਸਿੰਘ ਨੇ ਪ੍ਰਸ਼ਾਸ਼ਨ ਨੂੰ ਭਵਿੱਖ ’ਚ ਵੀ ਸਹਿਯੋਗ ਦਾ ਭਰੋਸਾ ਦਿਵਾਇਆ। ਜਾਣਕਾਰੀ ਮਾਨਸਾ ਵਿੱਚ 191 , ਭੀਖੀ 150 , ਬੁਡਲਾਡਾ 140 , ਬਰੇਟਾ ’ਚ 90 , ਬੋਹਾ 40 ਅਤੇ ਸਰਦੁੂਲਗੜ੍ਹ ’ਚ 90 ਡੇਰਾ ਸ਼ਰਧਾਲੂਆਂ ਨੇ ਟੀਕੇ ਲਵਾਏ ਹਨ।