- ਵਿਆਹ ਤੇ ਅੰਤਿਮ ਸਸਕਾਰ ’ਚ 20 ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ
- ਰੈਸਟੋਰੈਂਟ ਤੇ ਹੋਟਲ ਰਹਿਣਗੇ ਬੰਦ, ਸਿਰਫ਼ ਹੋਮ ਡਲੀਵਰੀ/ਘਰ ਲੈ ਕੇ ਜਾਣ ਦੀ ਆਗਿਆ
ਹੁਸ਼ਿਆਰਪੁਰ, 20 ਅਪ੍ਰੈਲ: ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਅਪਨੀਤ ਰਿਆਤ ਨੇ ਜ਼ਿਲ੍ਹੇ ਵਿੱਚ ਕੋਵਿਡ-19 (ਕੋਰੋਨਾ ਵਾਇਰਸ) ਦੇ ਕੇਸਾਂ ਵਿੱਚ ਦੁਬਾਰਾ ਤੋਂ ਦਿਨ-ਪ੍ਰਤੀ ਦਿਨ ਵੱਧਣ ਦੇ ਮੱਦੇਨਜ਼ਰ ਲੋਕਹਿਤ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਦੇ ਨਿਰਦੇਸ਼ਾਂ ’ਤੇ ਕੁਝ ਪਾਬੰਦੀਆਂ ਨੂੰ 30 ਅਪ੍ਰੈਲ ਤੱਕ ਹੋਰ ਵਧਾ ਦਿੱਤਾ ਗਿਆ ਹੈ ਜਿਸ ਤਹਿਤ ਜ਼ਿਲ੍ਹੇ ਵਿੱਚ ਹੁਣ ਨਾਈਟ ਕਰਫਿਊ ਦਾ ਸਮਾਂ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਕਰ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਦੀ ਹੱਦ ਵਿੱਚ ਗੈਰ ਜ਼ਰੂਰੀ ਆਵਾਜਾਈ ਤੇ ਵਿਅਕਤੀਗਤ ਗਤੀਵਿਧੀਆਂ ਬੰਦ ਰਹਿਣਗੀਆਂ ਜਦਕਿ ਉਦਯੋਗਾਂ ਵਿੱਚ ਸ਼ਿਫਟਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਆਵਾਜਾਈ ਤੋਂ ਇਲਾਵਾ ਰੇਲ, ਹਵਾਈ ਜਹਾਜ ਅਤੇ ਬੱਸਾਂ ਵਿੱਚ ਆਣ-ਜਾਣ ਵਾਲੇ ਯਾਤਰੀਆਂ ਨੂੰ ਆਵਾਜਾਈ ਤੋਂ ਛੋਟ ਰਹੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਸਾਰੇ ਬਾਰ, ਸਿਨੇਮਾ ਹਾਲ, ਜਿਮ, ਸਪਾਅ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਸਾਰੇ ਰੈਸਟੋਰੈਂਟ ਅਤੇ ਹੋਟਲ ਬੰਦ ਰਹਿਣਗੇ ਅਤੇ ਸਿਰਫ਼ ਖਾਣਾ ਘਰ ਲੈ ਕੇ ਜਾਣ ਅਤੇ ਹੋਮ ਡਲੀਵਰੀ ਦੀ ਆਗਿਆ ਦਿੱਤੀ ਗਈ ਹੈ। ਵਿਆਹਾਂ/ਅੰਤਿਮ ਸਸਕਾਰ ਸਮੇਤ 20 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅੰਤਿਮ ਸਸਕਾਰ ਨੂੰ ਛੱਡ ਕੇ 10 ਤੋਂ ਵੱਧ ਵਿਅਕਤੀਆਂ ਦੇ ਇਕੱਠ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗੇਤੀ ਮਨਜ਼ੂਰੀ ਜ਼ਰੂਰੀ ਕਰ ਦਿੱਤੀ ਗਈ ਹੈ। ਇਹ ਮਨਜ਼ੂਰੀ ਸਬੰਧਤ ਐਸ.ਡੀ.ਐਮਜ਼ ਵਲੋਂ ਦਿੱਤੀ ਜਾਵੇਗੀ। ਉਹ ਵਿਅਕਤੀ ਜੋ ਕਿਤੇ ਵੀ ਵੱਡੇ ਧਾਰਮਿਕ, ਰਾਜਨੀਤਿਕ ਤੇ ਸਮਾਜਿਕ ਇਕੱਠ ਵਿੱਚ ਸ਼ਾਮਲ ਹੋਏ ਹਨ, ਉਨ੍ਹਾਂ ਨੂੰ ਘਰ ਵਾਪਸੀ ’ਤੇ ਪ੍ਰੋਟੋਕੋਲ ਅਨੁਸਾਰ ਪੰਜ ਦਿਨਾਂ ਲਈ ਘਰ ਵਿੱਚ ਇਕਾਂਤਵਾਸ ਵਿੱਚ ਰਹਿਣਾ ਪਵੇਗਾ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਬੱਸਾਂ, ਟੈਕਸੀਆਂ ਅਤੇ ਆਟੋ ਵਿੱਚ ਲੋਕਾਂ ਦੀ ਸੰਖਿਆ ਦੀ ਸਮਰੱਥਾ 50 ਫੀਸਦੀ ਰੱਖੀ ਜਾਵੇ।
ਅਪਨੀਤ ਰਿਆਤ ਨੇ ਦੱਸਿਆ ਕਿ ਐਤਵਾਰ ਨੂੰ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੇ ਮਾਲ, ਦੁਕਾਨਾਂ, ਰੈਸਟੋਰੈਂਟ ਅਤੇ ਹੋਟਲ ਅਤੇ ਹਫਤਾਵਰੀ ਬਾਜ਼ਾਰ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰਾਂ ਵਿੱਚ ਕੰਮ ਕਰ ਰਹੇ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਪਿਛਲੇ 15 ਦਿਨਾਂ ਜਾਂ ਇਸ ਤੋਂ ਵੱਧ ਦਿਨਾਂ ਵਿੱਚ ਵੈਕਸੀਨ ਦੀ ਕੋਈ ਡੋਜ਼ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਛੁੱਟੀ ਲੈ ਕੇ ਘਰ ਵਿੱਚ ਰਹਿਣ ਲਈ ਪ੍ਰੇਰਿਤ ਕੀਤਾ ਜਾਵੇ, ਜਿੰਨੀ ਦੇਰ ਤੱਕ ਉਹ ਵੈਕਸੀਨ ਨਹੀਂ ਲਗਵਾਉਂਦੇ। ਇਸ ਤੋਂ ਇਲਾਵਾ ਜਿਨ੍ਹਾਂ ਕਰਮਚਾਰੀਆਂ ਦੀ ਉਮਰ 45 ਸਾਲ ਤੋਂ ਘੱਟ ਹੈ ਅਤੇ ਆਰ.ਟੀ.-ਪੀ.ਸੀ.ਆਰ. ਦੀ ਰਿਪੋਰਟ (ਪੰਜ ਦਿਨਾਂ ਤੋਂ ਜਿਆਦਾ ਪੁਰਾਣੀ ਨਾ ਹੋਵੇ) ਨੈਗੇਟਿਵ ਹੈ, ਉਸ ਨੂੰ ਹੀ ਦਫ਼ਤਰ ਵਿੱਚ ਆਉਣ ਦੀ ਆਗਿਆ ਹੋਵੇਗੀ ਅਤੇ ਜਿਨ੍ਹਾਂ ਕਰਮਚਾਰੀਆਂ ਦੀ ਆਰ.ਟੀ.-ਪੀ.ਸੀ.ਆਰ. ਰਿਪੋਰਟ ਪਾਜੀਟਿਵ ਹੋਵੇਗੀ ਉਸ ਨੂੰ ਘਰ ਵਿੱਚ ਰਹਿਣ ਲਈ ਪੇੇ੍ਰਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਤਰ੍ਹਾਂ ਦੀ ਭਰਤੀ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਵੱਧਦੇ ਮਾਮਲੇ ਗੰਭੀਰ ਚਿੰਤਾ ਦਾ ਵਿਸ਼ਾ ਹੈ, ਜਿਸ ਦੇ ਮੱਦੇਨਜ਼ਰ ਬਾਜ਼ਾਰ, ਪਬਲਿਕ ਟਰਾਂਸਪੋਰਟ ਆਦਿ ਸਮੇਤ ਸਾਰੀਆਂ ਗਤੀਵਿਧੀਆਂ ਵਿੱਚ ਜ਼ਰੂਰੀ ਸਾਵਧਾਨੀਆਂ ਅਪਨਾਈਆਂ ਜਾਣ, ਜਿਸ ਵਿੱਚ 6 ਫੁੱਟ ਦੀ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਹੀ ਘਰ ਤੋਂ ਬਾਹਰ ਨਿਕਲਿਆ ਜਾਵੇ। ਇਸ ਤੋਂ ਇਲਾਵਾ ਪਬਲਿਕ ਕੰਮ ਵਾਲੇ ਸਥਾਨਾਂ ’ਤੇ ਮਾਸਕ ਪਹਿਨਣਾ, ਪਬਲਿਕ ਥਾਵਾਂ ’ਤੇ ਨਾ ਥੁੱਕਿਆ ਜਾਵੇ ਅਤੇ ਸਮੇਂ-ਸਮੇਂ ’ਤੇ ਹੱਥ ਸਾਬਣ ਅਤੇ ਸੈਨੇਟਾਈਜਰ ਨਾਲ ਸਾਫ਼ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ, ਪਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਆਪਦਾ ਪ੍ਰਬੰਧਨ ਮੈਨੇਜਮੈਂਟ ਐਕਟ 1860 ਦੀਆਂ ਧਾਰਾਵਾਂ 51 ਤੋਂ 60 ਤੱਕ ਆਈ.ਪੀ.ਸੀ. ਦੀ ਧਾਰਾ 188 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।