ਬਰਨਾਲਾ: ਕਿਸਾਨੀ ਮੋਰਚੇ ਵਿੱਚ ਮਨਾਇਆ ਗਿਆ ਮਜ਼ਦੂਰ ਦਿਵਸ
ਕਮਲਜੀਤ ਸਿੰਘ ਸੰਧੂ
ਬਰਨਾਲਾ, 1 ਮਈ 2021 - ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨ ਬਣਾਏ ਗਏ ਹਨ, ਉਨ੍ਹਾਂ ਦੇ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਅੱਜ ਬਰਨਾਲਾ ਦੇ ਰੇਲਵੇ ਸਟੇਸ਼ਨ ਦੀ ਪਾਰਟੀ ਵਿੱਚ ਲੱਗੇ ਕਿਸਾਨ ਮੋਰਚੇ ਵੱਲੋਂ ਵਿਸ਼ਵ ਮਜਦੂਰ ਦਿਵਸ ਮਨਾਇਆ ਗਿਆ। ਅੱਜ ਵੱਡੀ ਗਿਣਤੀ ਵਿੱਚ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਵੀ ਮੋਰਚੇ ਵਿੱਚ ਸ਼ਾਮਲ ਹੋਏ। ਜਿਨ੍ਹਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਬਜ਼ਾਰਾਂ ਵਿਚ ਮਾਰਚ ਵੀ ਕੱਢਿਆ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਆਗੂਆਂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ। ਸ਼ਿਕਾਗੋ ਵਿਖੇ ਸ਼ਹੀਦ ਹੋਏ ਮਜਦੂਰਾਂ ਵੱਲੋਂ ਆਮ ਲੋਕਾਂ ਦੀ ਕਿਰਤ ਨੂੰ ਲੈ ਕੇ ਦੇ ਹੱਕਾਂ ਦੀ ਅਵਾਜ਼ ਉਠਾਈ ਗਈ ਸੀ। ਇਹ ਆਵਾਜ਼ ਅੱਜ ਵੀ ਦੇਸ਼ ਭਰ ਵਿਚ ਉਠਾ ਰਹੀ ਹੈ। ਭਾਰਤ ਵਿੱਚ ਮੌਜੂਦਾ ਸਮੇਂ ਵਿੱਚ ਖੇਤੀ ਕਾਨੂੰਨ ਬਣਾ ਕੇ ਕਿਸਾਨਾਂ ਅਤੇ ਕਿਰਤ ਕਾਨੂੰਨਾਂ ਵਿੱਚ ਸੋਧ ਕਰਕੇ ਮਜ਼ਦੂਰਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਦੀ ਹੋਂਦ ਨਾਲ ਜੁੜਿਆ ਹੋਇਆ ਮਸਲਾ ਹੈ, ਜਿਸ ਲਈ ਅੱਜ ਹਰ ਵਰਗ ਇਸਦੇ ਵਿਰੋਧ ਵਿੱਚ ਕਿਸਾਨਾਂ ਦਾ ਸਾਥ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਪੋਰੇਟ-ਪੱਖੀ ਸਿਸਟਮ ਅਤੇ ਸਰਕਾਰਾਂ ਵਿਰੁੱਧ ਕਿਸਾਨਾਂ-ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਲਾਮਬੰਦ ਹੋ ਕੇ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਦੀ ਲੋੜ ਹੈ ਤਾਂ ਕਿ ਲੋਕ ਪੱਖੀ ਸਮਾਜ ਦੀ ਸਿਰਜਣਾ ਹੋ ਸਕੇ।