ਵੈਂਟੀਲੇਟਰ ਸਰਕਾਰੀ,ਪੈਸਾ ਕਮਾ ਰਹੇ ਪ੍ਰਾਈਵੇਟ ਹਸਪਤਾਲ- ਸਰੂਪ ਚੰਦ ਸਿੰਗਲਾ
ਅਸ਼ੋਕ ਵਰਮਾ
- ਮੁੱਖ ਮੰਤਰੀ, ਸਿਹਤ ਮੰਤਰੀ ਅਤੇ ਖਜ਼ਾਨਾ ਮੰਤਰੀ ਤੋਂ ਅਸਤੀਫ਼ੇ ਦੀ ਮੰਗ
ਬਠਿੰਡਾ,5 ਮਈ 2021 - ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਭੇਜੇ ਸਰਕਾਰੀ ਵੈਂਟੀਲੇਟਰ ਸਿਹਤ ਵਿਭਾਗ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਦੇ ਹੋਏ ਵੱਡੇ ਖੁਲਾਸੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਪ੍ਰਧਾਨ ਵਪਾਰ ਵਿੰਗ ਨੇ ਕੈਪਟਨ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਦੋਸ਼ ਲਾਏ ਹਨ। ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਰਕਾਰੀ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਦੇਣ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਥਿਤੀ ਸਪਸ਼ਟ ਕਰਨ ਕਿ 1 ਵੈਂਟੀਲੇਟਰ ਦਾ ਕਿੰਨੇ ਵਿੱਚ ਸੌਦਾ ਹੋਇਆ ਹੈ,ਜਦੋਂ ਕਿ ਪੰਜਾਬ ਦੇ ਲੋਕ ਤਾਂ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਮਹਾਂਮਾਰੀ ਕਰਕੇ ਮਰ ਰਹੇ ਹਨ।
ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੈਪਟਨ ਸਰਕਾਰ ਸ਼ਰਮਿੰਦਗੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਚੁੱਕੀ ਹੈ ਜੋ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਲਈ ਵੈਂਟੀਲੇਟਰ, ਤਿੰਨ ਲੈਵਲ ਬੈੱਡ ਅਤੇ ਆਕਸੀਜਨ ਮੁਹੱਈਆ ਕਰਵਾਉਣ ਦੀ ਬਜਾਏ ਵਪਾਰ ਕਰ ਅਤੇ ਪ੍ਰਾਈਵੇਟ ਹਸਪਤਾਲਾਂ ਨਾਲ ਸੌਦੇਬਾਜ਼ੀ ਕਰਕੇ ਪੈਸਾ ਕਮਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਘਪਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸਥਿਤੀ ਸਪਸ਼ਟ ਕਰਨ ਦੀ ਮੰਗ ਕੀਤੀ ਹੈ।ਉਨ੍ਹਾਂ ਖੁਲਾਸਾ ਕੀਤਾ ਵਿਧਾਇਕ ਅਤੇ ਮੰਤਰੀ ਵੀ ਸਿੱਧੇ ਤੌਰ ਤੇ ਸ਼ਾਮਲ ਹਨ ਜੋ ਪ੍ਰਾਈਵੇਟ ਹਸਪਤਾਲਾਂ ਨਾਲ ਮਿਲ ਕੇ ਪੈਸਾ ਕਮਾ ਰਹੇ ਹਨ ਜਦੋਂ ਕਿ ਉਨ੍ਹਾਂ ਦੀ ਡਿਊਟੀ ਬਣਦੀ ਸੀ ਇਸ ਕੋਰੋਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਂਦੇ ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਵਿੱਚ ਵੀ 29 ਸਰਕਾਰੀ ਵੈਂਟੀਲੇਟਰ ਵੱਖ ਵੱਖ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਗਏ ਹਨ, ਜਿਸ ਦੀ ਪੁਸ਼ਟੀ ਸਿਵਲ ਸਰਜਨ ਤੇਜਵੰਤ ਸਿੰਘ ਬਠਿੰਡਾ ਵੱਲੋਂ ਵੀ ਕੀਤੀ ਗਈ ਹੈ। ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖ਼ਰ ਸਰਕਾਰੀ ਵੇਂਟਿਲੈਟਰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਦਿੱਤੇ ਗਏ ਹਨ,ਜਦੋਂ ਕਿ ਇਹ ਸਰਕਾਰੀ ਵੈਂਟੀਲੇਟਰ ਸਰਕਾਰੀ ਹਸਪਤਾਲਾਂ ਵਿੱਚ ਕੋਰੂਨਾ ਮਹਾਂਮਾਰੀ ਨਾਲ ਮਰ ਰਹੇ ਲੋਕਾਂ ਲਈ ਵਰਦਾਨ ਸਿੱਧ ਹੋਣੇ ਸਨ । ਉਨ੍ਹਾਂ ਕਿਹਾ ਕਿ ਇਹ ਸਰਕਾਰੀ ਵੈਂਟੀਲੇਟਰ ਪ੍ਰਾੲIਵੇਟ ਹਸਪਤਾਲਾਂ ਨੂੰ ਦੇਣ ਦਾ ਸਰਕਾਰੀ ਫਰਮਾਨ ਕਿਸ ਨੇ ਜਾਰੀ ਕੀਤਾ?ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਕੋਰੂਨਾ ਮਹਾਂਮਾਰੀ ਦੇ ਕਾਲੇ ਦੌਰ ਚ ਪੰਜਾਬ ਵਾਸੀਆਂ ਨੂੰ ਮਰਨ ਲਈ ਛੱਡ ਦਿੱਤਾ ਹੈ ਅਤੇ ਆਪਣੇ ਆਪ ਲਈ ਹੱਥ ਖੜ੍ਹੇ ਕਰਕੇ ਪੈਸਾ ਕਮਾਉਣ ਵੱਲ ਧਿਆਨ ਦਿੱਤਾ ਜਾ ਰਿਹਾ ਹੈ ।
ਉਨ੍ਹਾਂ ਦੋਸ਼ ਲਾਏ ਕਿ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਇੱਕ ਦਿਨ ਪਹਿਲਾਂ ਕਾਂਗਰਸੀ ਵਰਕਰਾਂ ਨਾਲ ਹੋਈ ਮੀਟਿੰਗ ਦੀ ਵੀਡੀਓ ਵੀ ਵਾਇਰਲ ਹੋਈ ਹੈ ਜਿਸ ਵਿੱਚ ਉਹ ਸਾਫ ਕਹਿ ਰਹੇ ਹਨ ਕਿ ਜੇਕਰ ਕਿਸੇ ਕੋਰੋਨਾ ਪੀਡ਼ਤ ਮਰੀਜ਼ ਨੂੰ ਵੈਂਟੀਲੇਟਰ ਬੈੱਡ ਜਾਂ ਆਕਸੀਜਨ ਦੀ ਜ਼ਰੂਰਤ ਪੈਂਦੀ ਹੈ ਤਾਂ ਉਹ ਉਨ੍ਹਾਂ ਨਾਲ ਰਾਬਤਾ ਕਾਇਮ ਕਰ ਸਕਦਾ ਹੈ ਜਿਸ ਨੂੰ ਅਸੀਂ ਹਰ ਸਹੂਲਤ ਮੁਹੱਈਆ ਕਰਵਾਵਾਂਗੇ । ਸਾਬਕਾ ਵਿਧਾਇਕ ਨੇ ਦੋਸ਼ ਲਾਏ ਕਿ ਖ਼ਜ਼ਾਨਾ ਮੰਤਰੀ ਦਾ ਇਹ ਬਿਆਨ ਕੀ ਸਾਬਤ ਕਰਨਾ ਚਾਹੁੰਦਾ ਹੈ ਜਦੋਂ ਕਿ ਖ਼ਜ਼ਾਨਾ ਮੰਤਰੀ ਨੂੰ ਚਾਹੀਦਾ ਸੀ ਕਿ ਉਹ ਸਰਕਾਰੀ ਵੇਂਟੀਲੇਟਰ ਆਕਸੀਜਨ ਅਤੇ ਥ੍ਰੀ ਲੈਵਲ ਦੇ ਬੈੱਡ ਸਰਕਾਰੀ ਹਸਪਤਾਲ ਵਿੱਚ ਮੁਹੱਈਆ ਕਰਵਾਉਂਦੇ ਜਿਥੇ ਲੋਕਾਂ ਨੂੰ ਵੱਡੀ ਰਾਹਤ ਮਿਲਦੀ ਪ੍ਰੰਤੂ ਖ਼ਜ਼ਾਨਾ ਮੰਤਰੀ ਦਾ ਬਿਆਨ ਵੱਡੇ ਘਪਲੇ ਦੀ ਗਵਾਹੀ ਭਰਦਾ ਹੈ, ਜਿਸ ਦੀ ਜਾਂਚ ਹੋਣੀ ਜ਼ਰੂਰੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਸਾਹਿਬ ਇਸ ਘਪਲੇ ਦੀ ਸਥਿਤੀ ਸਪੱਸ਼ਟ ਨਹੀਂ ਕਰਨਗੇ ਤਾਂ ਇਹ ਸਾਫ ਹੋਵੇਗਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਸਰਕਾਰ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਵਪਾਰ ਨੂੰ ਪਹਿਲ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਬਠਿੰਡਾ ਜ਼ਿਲ੍ਹੇ ਲਈ ਆਏ 29 ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਸੌਂਪ ਦਿੱਤੇ ਗਏ ਹਨ ਜਿਸ ਦਾ ਸਪੱਸ਼ਟੀਕਰਨ ਸਿਵਲ ਸਰਜਨ ਤੇਜਵੰਤ ਸਿੰਘ ਵਲੋਂ ਵੀ ਦਿੱਤਾ ਗਿਆ ਹੈ ਤੇ ਤਰਕ ਦਿੱਤਾ ਹੈ ਕਿ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਮਿਲ ਕੇ ਕੰਮ ਕਰ ਰਹੇ ਹਨ। ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਆਖਰ ਸਰਕਾਰੀ ਵੈਂਟੀਲੇਟਰ ਪ੍ਰਾਈਵੇਟ ਹਸਪਤਾਲਾਂ ਨੂੰ ਕਿਉਂ ਦਿੱਤੇ ਗਏ ਹਨ ।ਕੀ ਪ੍ਰਾਈਵੇਟ ਹਸਪਤਾਲ ਇਸ ਦੌਰ ਵਿੱਚ ਮੁਫ਼ਤ ਇਲਾਜ ਕਰਨਗੇ ਜਾਂ ਸਰਕਾਰ ਦੇ ਵੈਂਟੀਲੇਟਰਾਂ ਤੇ ਖੁਦ ਕਮਾਈ ਕਰ ਰਹੇ ਹਨ।