ਸੂਬੇ ਤੋਂ ਬਾਹਰੋਂ ਪਟਿਆਲਾ 'ਚ ਆਉਣ ਵਾਲਿਆਂ ਨੂੰ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਦਿਖਾਉਣਾ ਹੋਇਆ ਲਾਜ਼ਮੀ
ਕੁਲਵੰਤ ਸਿੰਘ ਬੱਬੂ
-ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸ਼ੰਭੂ ਬੈਰੀਅਰ ਦਾ ਦੌਰਾ, ਦਾਖਲਾ ਸਥਾਨ 'ਤੇ ਚੱਲ ਰਹੀ ਪ੍ਰਕ੍ਰਿਆ ਦਾ ਮੁਲੰਕਣ
ਸ਼ੰਭੂ/ਰਾਜਪੁਰਾ/ਪਟਿਆਲਾ, 5 ਮਈ 2021 - ਜ਼ਿਲ੍ਹਾ ਮੈਜਿਸਟਰੇਟ ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਅੱਜ ਪੰਜਾਬ ਖਾਸ ਕਰਕੇ ਪਟਿਆਲਾ ਆਉਣ ਵਾਲਿਆਂ ਲਈ ਕੌਮੀ ਸ਼ਾਹਰਾਹ ਅੰਬਾਲਾ-ਰਾਜਪੁਰਾ ਮਾਰਗ 'ਤੇ ਸਥਿਤ ਮੁੱਖ ਦਾਖਲਾ ਸਥਾਨ ਸ਼ੰਭੂ ਬੈਰੀਅਰ ਵਿਖੇ ਬਣਾਏ ਚੈਕ ਪੁਆਇੰਟ ਦਾ ਦੌਰਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ੰਭੂ ਰਸਤੇ ਪੰਜਾਬ ਖਾਸ ਕਰਕੇ ਪਟਿਆਲਾ ਪੁੱਜਣ ਵਾਲਿਆਂ ਦੇ ਕੋਵਿਡ ਸਬੰਧੀਂ ਆਰ.ਟੀ.ਪੀ.ਸੀ.ਆਰ. ਨੈਗੇਟਿਵ ਰਿਪੋਰਟ ਅਤੇ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੇ ਸਰਟੀਫਿਕੇਟਾਂ ਦੀ ਪੜਤਾਲ ਸਬੰਧੀ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਮੁਲੰਕਣ ਕੀਤਾ।
ਕੁਮਾਰ ਅਮਿਤ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ 'ਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਆਉਣ ਵਾਲੇ ਲੋਕਾਂ ਲਈ ਨੈਗੇਟਿਵ ਆਰ.ਟੀ.ਪੀ.ਸੀ.ਆਰ. ਟੈਸਟ ਰਿਪੋਰਟ ਜਾਂ ਫੇਰ ਦੋ ਹਫ਼ਤੇ ਪਹਿਲਾਂ ਕੋਵਿਡ ਵੈਕਸੀਨੇਸ਼ਨ ਲਗਵਾਉਣ ਦਾ ਸਰਟੀਫਿਕੇਟ ਹੋਣਾ ਲਾਜਮੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਦਸਤਾਵੇਜਾਂ ਦੀ ਅਣਹੋਂਦ ਦੀ ਸੂਰਤ 'ਚ ਕਿਸੇ ਨੂੰ ਪਟਿਆਲਾ ਜ਼ਿਲ੍ਹੇ 'ਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀਂ ਪਾਬੰਦੀ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਕੁਮਾਰ ਅਮਿਤ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਪ੍ਰਸ਼ਾਸਨ, ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਕਰਨ ਦੇ ਸੁਹਿਰਦ ਯਤਨ ਕਰ ਰਿਹਾ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਹਰਿਆਣਾ ਨਾਲ ਲਗਦੇ ਇਲਾਕਿਆਂ 'ਚੋਂ ਪਟਿਆਲਾ ਜ਼ਿਲ੍ਹੇ ਅੰਦਰ ਆਉਣ ਵਾਲੇ ਵਿਅਕਤੀਆਂ ਦੀ ਜਾਂਚ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀਆਂ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਆਦੇਸ਼ਾਂ ਦੀ ਪਾਲਣਾ ਇੰਨਬਿੰਨ ਕੀਤੀ ਜਾਵੇਗੀ।
ਉਨ੍ਹਾਂ ਦੇ ਨਾਲ ਚੈਕ ਪੁਆਇੰਟ ਦੇ ਨੋਡਲ ਅਫ਼ਸਰ-ਕਮ-ਡਿਪਟੀ ਡਾਇਰੈਕਟਰ ਜਸ਼ਨਪ੍ਰੀਤ ਕੌਰ ਗਿੱਲ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ. ਰਾਜਪੁਰਾ ਖੁਸ਼ਦਿਲ ਸਿੰਘ, ਡੀ.ਐਸ.ਪੀ. ਘਨੌਰ ਜਸਵਿੰਦਰ ਸਿੰਘ ਟਿਵਾਣਾ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।