ਜਲੰਧਰ: ਡਿਪਟੀ ਕਮਿਸ਼ਨਰ ਪੁਲਿਸ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਜਲੰਧਰ 06 ਮਈ 2021 - ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਦੁਕਾਨਦਾਰ/ਦਰਜੀ, ਸੈਨਿਕ/ਅਰਧ ਸੈਨਿਕ ਬਲ/ਪੁਲਿਸ ਦੀ ਬਣੀ ਬਣਾਈ ਵਰਦੀ ਜਾਂ ਕੱਪੜਾ ਲੈ ਕੇ ਸੀਤੀ ਸਿਲਾਈ ਵਰਦੀ ਬਿਨ੍ਹਾਂ ਖਰੀਦਦਾਰ ਦੀ ਦਰੁਸਤ ਸ਼ਨਾਖਤ ਕੀਤੇ ਬਿਨਾਂ ਨਹੀਂ ਵੇਚੇਗਾ। ਵਰਦੀ ਖਰੀਦਣ ਵਾਲੇ ਵਿਅਕਤੀ ਦੇ ਫੋਟੋ ਸ਼ਨਾਖਤੀ ਕਾਰਡ ਜੋ ਸਮੱਰਥ ਅਧਿਕਾਰੀ ਵਲੋਂ , ਉਸ ਨੂੰ ਜਾਰੀ ਕੀਤਾ ਗਿਆ ਹੋਵੇ, ਦੀ ਸਵੈ-ਤਸਦੀਕ ਸ਼ੁਦਾ ਫੋਟੋ ਕਾਪੀ ਰੱਖੇਗਾ ਅਤੇ ਖਰੀਦਣ ਵਾਲੇ ਦਾ ਰੈਂਕ,ਨਾਮ,ਪਤਾ,ਫੋਨ ਨੰਬਰ ਅਤੇ ਤਾਇਨਾਤੀ ਦੇ ਸਥਾਨ ਸਬੰਧੀ ਰਿਕਾਰਡ ਰਜਿਸਟਰ ਉਤੇ ਦਰਜ ਕਰੇਗਾ ਅਤੇ ਇਸ ਰਜਿਸਟਰ ਨੂੰ ਦੋ ਮਹੀਨਿਆਂ ਵਿੱਚ ਇਕ ਵਾਰ ਸਬੰਧਿਤ ਮੁੱਖ ਅਫ਼ਸਰ ਥਾਣਾ ਪਾਸੋਂ ਤਸਦੀਕ ਕਰਵਾਏਗਾ ਅਤੇ ਲੋੜ ਪੈਣ ’ਤੇ ਰਿਕਾਰਡ ਪੁਲਿਸ ਨੂੰ ਮੁਹੱਈਆ ਕਰਵਾਏਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਜਲੂਸ ਕੱਢਣ, ਕਿਸੇ ਸਮਾਗਮ /ਜਲੂਸ ਵਿੱਚ ਹਥਿਆਰ ਚੁੱਕ ਕੇ ਚੱਲਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਤਰਤਾ ਅਤੇ ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਲਗਾ ਦਿੱਤੀ ਹੈ।
ਇਸੇ ਤਰ੍ਹਾਂ ਉਨ੍ਹਾਂ ਵਲੋਂ ਇਕ ਹੋਰ ਹੁਕਮ ਵਿੱਚ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ ਦੇ ਦਾਅਵਤ ਹਾਲਾਂ ਵਿੱਚ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਜਿਕ ਪ੍ਰੋਗਰਾਮਾਂ ਵਿੱਚ ਪਬਲਿਕ ਦੁਆਰਾ ਹਥਿਆਰ ਲੈ ਕੇ ਜਾਣ ’ਤੇ ਪਾਬੰਦੀ ਹੋਵੇਗੀ ਅਤੇ ਨਾਲ ਹੀ ਉਨ੍ਹਾਂ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਦੇ ਮਾਲਕਾਂ ਨੁੰ ਹਦਾਇਤ ਕੀਤੀ ਹੈ ਕਿ ਉਹ ਮੈਰਿਜ ਪੈਲੇਸਾਂ/ਦਾਅਵਤ ਹਾਲਾਂ ਵਿੱਚ ਸੀ.ਸੀ.ਟੀ.ਵੀ.ਕੈਮਰੇ ਲਗਾਉਣ ਦੇ ਜਿੰਮੇਵਾਰ ਹੋਣਗੇ।
ਡਿਪਟੀ ਕਮਿਸਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪੁਲਿਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਵਾਹਨ ਖੜ੍ਹੀਆਂ ਕਰਨ ਦੀਆਂ ਥਾਵਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਥਾਵਾਂ,ਹਸਪਤਾਲ, ਭੀੜ ਵਾਲੇ ਬਜਾਰਾਂ ਅਤੇ ਹੋਰ ਵਾਹਨ ਪਾਰਕ ਕਰਨ ਲਈ ਬਣੀਆਂ ਥਾਵਾਂ ਆਦਿ ਦੇ ਮਾਲਕ/ਪ੍ਰਬੰਧਕ (ਕੰਪਲੈਕਸ ਦੇ ਅੰਦਰ ਜਾਂ ਬਾਹਰ ) ’ਤੇ ਸੀ.ਸੀ.ਟੀ.ਵੀ.ਕੈਮਰੇ ਲਗਾਏ ਬਿਨਾਂ ਵਾਹਨ ਪਾਰਕਿੰਗ ਨਹੀਂ ਚਲਾਉਣਗੇ। ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਦੀ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚੇਹਰਾ ਸਾਫ਼ ਨਜ਼ਰ ਆਵੇ ਅਤੇ ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰੇ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਿਸ ਕਮਿਸ਼ਨਰ ਜਲੰਧਰ ਵਿੱਚ ਜਮ੍ਹਾਂ ਕਰਵਾਈ ਜਾਵੇ ਅਤੇ ਵਾਹਨ ਪਾਰਕ ਕਰਨ ਵਾਲੇ ਵਾਹਨ ਮਾਲਕਾਂ ਦਾ ਰਿਕਾਰਡ ਜੇਕਰ ਵਾਹਨ ਇੱਕ ਦਿਨ ਲਈ ਖੜ੍ਹਾ ਕਰਨਾ ਹੋਵੇ ਤਾਂ ਰਜਿਸਟਰ ਵਿੱਚ ਉਸ ਦਾ ਅੰਦਰਾਜ ਵਾਹਨ ਮਾਲਕ ਦਾ ਨਾਮ ,ਮੋਬਾਇਲ ਨੰਬਰ, ਵਾਹਨ ਦੀ ਕਿਸਮ, ਰਜਿਸਟਰੇਸ਼ਨ ਨੰਬਰ, ਚੈਸੀ ਨੰਬਰ,ਇੰਜਣ ਨੰਬਰ, ਵਾਹਨ ਪਾਰਕ ਕਰਨ ਦੀ ਮਿਤੀ ਅਤੇ ਵਾਹਨ ਵਾਪਿਸ ਲੈਣ ਦੀ ਮਿਤੀ ਦਰਜ ਕਰਨ ਤੋਂ ਇਲਾਵਾ ਵਾਹਨ ਮਾਲਕ ਦੇ ਰਜਿਸਟਰ ਉਪਰ ਦਸਤਖਤ ਕਰਵਾਏ ਜਾਣ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਵਲੋਂ ਵਾਹਨ ਦੇ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ ਅਤੇ ਇਸ ਤੋਂ ਇਲਾਵਾ ਪਾਰਕਿੰਗ ਦੀਆਂ ਥਾਵਾਂ ’ਤੇ ਕੰਮ ਕਰ ਰਹੇ ਵਿਅਕਤੀਆਂ ਦੀ ਪੁਲਿਸ ਵੈਰੀਫਿਕੇਸ਼ਨ ਸਬੰਧਿਤ ਥਾਣਾਂ ਤੋਂ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਮਾਨਯੋਗ ਭਾਰਤ ਦੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਤਹਿਤ ਜਨਤਕ ਸਥਾਨਾਂ ਦੀਆਂ ਸੀਮਾਵਾਂ ’ਤੇ ਪਟਾਖਿਆਂ ਦਾ ਸ਼ੋਰ ਪੱਧਰ ਅਤੇ ਲਾਊਡ ਸਪੀਕਰਾਂ ਦੀ ਆਵਾਜ਼ 10 ਡੀ.ਬੀ. (ਏ) ਤੋਂ ਵੱਧ ਨਹੀਂ ਹੋਣੀ ਚਾਹੀਦੀ ਅਤੇ ਕੋਈ ਵੀ ਵਿਅਕਤੀ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਦੇ ਦਰਮਿਆਨ ਕੋਈ ਢੋਲ ਜਾਂ ਭੋਂਪੂ ਨਹੀਂ ਵਜਾ ਸਕੇਗਾ ਅਤੇ ਨਾ ਹੀ ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ ਵਜਾ ਸਕੇਗਾ ਤੇ ਨਾ ਹੀ ਸਾਊਂਡ ਐਂਪਲੀਫਾਇਰ ਦੀ ਵਰਤੋਂ ਕਰ ਸਕੇਗਾ ਸਿਵਾਏ ਜਨਤਕ ਹੰਗਾਮੀ ਹਾਲਾਤ ਦੇ। ਇਸ ਤੋਂ ਇਲਾਵਾ ਨਿੱਜੀ ਸਾਊਂਡ ਸਿਸਟਮ ਵਾਲਿਆਂ ਵਲੋਂ ਵੀ ਆਪਣੇ ਆਸ-ਪੜੋਸ ਵਿਚ ਸ਼ੋਰ ਦਾ ਪੱਧਰ 7.5 ਡੀ. ਬੀ (ਏ) ਤੋਂ ਵੱਧ ਨਹੀਂ ਰੱਖਿਆ ਜਾ ਸਕੇਗਾ। ਇਸ ਤੋਂ ਇਲਾਵਾ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰ ਵਿੱਚ ਹਾਰਨ ਵਜਾਉਣ ਦੀ ਆਗਿਆ ਨਹੀਂ ਹੋਵੇਗੀ ਅਤੇ ਜੇਕਰ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਸਾਊਂਡ ਸਿਸਟਮ ਦਾ ਸਮਾਨ ਜਬਤ ਕਰ ਲਿਆ ਜਾਵੇਗਾ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਇਹ ਹੁਕਮ ਜਾਰੀ ਕੀਤਾ ਹੈ ਕਿ ਮਕਾਨ ਮਾਲਕ ਘਰਾਂ ਵਿੱਚ ਕਿਰਾਏਦਾਰ ਅਤੇ ਪੀ.ਜੀ. ਮਾਲਕ , ਪੀ.ਜੀ. ਅਤੇ ਇਸ ਤੋਂ ਇਲਾਵਾ ਆਮ ਲੋਕ ਘਰਾਂ ਵਿੱਚ ਨੌਕਰ ਅਤੇ ਹੋਰ ਕਾਮੇ ਆਪਣੇ ਨੇੜੇ ਦੇ ਪੰਜਾਬ ਪੁਲਿਸ ਦੇ ਸਾਂਝ ਕੇਂਦਰ ਵਿੱਚ ਜਾਣਕਾਰੀ/ਇਤਲਾਹ ਦਿੱਤੇ ਬਿਨਾਂ ਨਹੀਂ ਰੱਖਣਗੇ।
ਇਕ ਹੋਰ ਰਾਹੀਂ ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਵਲੋਂ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਹਥਿਆਰ ਜਿਵੇਂ ਬੇਸਬਾਲ, ਤੇਜ਼ ਹਥਿਆਰ, ਨੋਕੀਲ ਹਥਿਆਰ ਜਾਂ ਕੋਈ ਵੀ ਜਾਨਲੇਵਾ ਹਥਿਆਰ ਗੱਡੀ ਵਿੱਚ ਰੱਖ ਕੇ ਚੱਲਣ ’ਤੇ ਪਾਬੰਦੀ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਦੇ ਖੇਤਰ ਅਧੀਨ ਆਉਂਦੇ ਪਿੰਡਾਂ ਵਿੱਚ ਰਾਤ 8 ਵਜੇ ਤੋਂ ਸਵੇਰੇ 5 ਵਜੇ ਤੱਕ ਠੀਕਰੀ ਪਹਿਰੇ ਲਗਾਉਣ ਦੇ ਹੁਕਮ ਜਾਰੀ ਕੀਤੇ ਗਈ ਹਨ। ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਸਾਰੀਆਂ ਪੰਚਾਇਤਾਂ ਨੂੰ ਹਦਾਇਤਾਂ ਕੀਤੀਆਂ ਹਨ ਕਿ ਜਾਰੀ ਆਦੇਸ਼ਾਂ ਅਨੁਸਾਰ ਠੀਕਰੀ ਪਹਿਰੇ ਲਗਾਏ ਜਾਣ ਅਤੇ ਠੀਕਰੀ ਪਹਿਰਾ ’ਤੇ ਤਾਇਨਾਤ ਲੋਕਾਂ ਬਾਰੇ ਸੂਚਨਾ ਸਬੰਧਿਤ ਐਸ.ਐਚ.ਓ.ਨੂੰ ਮੁਹੱਈਆ ਕਰਵਾਈ ਜਾਵੇ।
ਡਿਪਟੀ ਕਮਿਸ਼ਨਰ ਪੁਲਿਸ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਘਰ ਦੇ ਇਲਾਕੇ ਵਿੱਚ ਅਮਨ ਅਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸਮੂਹ ਪਟਾਕਿਆਂ ਦੇ ਨਿਰਮਾਣਕਾਂ/ਡੀਲਰਾਂ ਨੂੰ ਹੁਕਮ ਜਾਰੀ ਕੀਤਾ ਹੈ ਕਿ ਪਟਾਕਿਆਂ ਦੇ ਪੈਕਟਾਂ ਉਪਰ ਅਵਾਜ਼ ਦਾ ਲੈਬਲ (ਡੈਸੀਬਲ ਵਿੱਚ) ਪ੍ਰਿੰਟ ਹੋਣਾ ਲਾਜ਼ਮੀ ਹੈ।
ਉਪਰੋਕਤ ਇਹ ਸਾਰੇ ਹੁਕਮ 07.05.2021 ਤੋਂ 06.07.2021 ਤੱਕ ਲਾਗੂ ਰਹਿਣਗੇ।