ਇਕਾਂਤਵਾਸ ਸਜ਼ਾ ਨਹੀ ਸਗੋਂ ਹੋਰਨਾਂ ਨੂੰ ਕੋਰੋਨਾ ਪੀੜਤ ਹੋਣ ਤੋਂ ਬਚਾਉਣ ਦਾ ਸਹੀ ਤਰੀਕਾ ਹੈ - ਡੀ ਸੀ ਫ਼ਰੀਦਕੋਟ
ਪਰਵਿੰਦਰ ਸਿੰਘ ਕੰਧਾਰੀ
- ਹੋਮ ਆਈਸੋਲੇਸ਼ਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
- ਜ਼ਿਲ੍ਹੇ ਦੇ 1096 ਕਰੋਨਾ ਮਰੀਜ਼ਾਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ
ਫ਼ਰੀਦਕੋਟ, 8 ਮਈ 2021 - ਕਰੋਨਾ ਵਾਇਰਸ ਦੇ ਖਤਰੇ ਨੂੰ ਮੁੱਖ ਰੱਖਦਿਆਂ ਹੋਇਆ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾ ਅਤੇ ਸਿਹਤ ਵਿਭਾਗ ਦੀਆਂ ਗਾਈਡਲਾਈਨਜ਼ ਅਨੁਸਾਰ ਜ਼ਿਲੇ ਦੇ ਕੋਰੋਨਾ ਪੀੜਤ ਵਿਅਕਤੀਆਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਜਾ ਰਿਹਾ ਹੈ। ਇਕਾਂਤਵਾਸ ਹੋਏ ਲੋਕਾਂ ਦੀ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਵਿਸ਼ੇਸ਼ ਟੀਮਾਂ ਵੱਲੋਂ ਟਰੈਕਿੰਗ ਕੀਤੀ ਜਾਂਦੀ ਹੈ, ਉਥੇ ਹੀ ਉਨ੍ਹਾਂ ਨੂੰ ਲੋੜ ਅਨੁਸਾਰ ਡਾਕਟਰੀ ਸਹਾਇਤਾ ਤੇ ਹੋਰ ਮੱਦਦ ਵੀ ਦਿੱਤੀ ਜਾਂਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਵਿਮਲ ਕੁਮਾਰ ਸੇਤੀਆ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਕਾਂਤਵਾਸ ਸਜ਼ਾ ਨਹੀ ਸਗੋਂ ਹੋਰਨਾਂ ਨੂੰ ਕੋਰੋਨਾ ਪੀੜਤ ਹੋਣ ਤੋਂ ਬਚਾਉਣ ਦਾ ਸਹੀ ਤਰੀਕਾ ਹੈ ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਰੋਨਾ ਦੀ ਰੋਕਥਾਮ ਲਈ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਲਈ ਬਕਾਇਦਾ ਤੌਰ ਤੇ ਐਸ.ਡੀ.ਐਮ ਫ਼ਰੀਦਕੋਟ ਮੈਡਮ ਪੂਨਮ ਸਿੰਘ ਕੋਵਿਡ ਪੇਸ਼ੈਂਟ ਟਰੈਕਿੰਗ ਅਫ਼ਸਰ (ਸੀ.ਪੀ.ਟੀ.ਓ) ਵਜੋਂ ਕੰਮ ਕਰ ਰਹੇ ਹਨ। ਇਹ ਨਿਗਰਾਨ ਟੀਮਾਂ ਸ਼ਹਿਰਾਂ 'ਚ ਨਗਰ ਕੋਂਸਲ ਦੇ ਅਧਿਕਾਰੀ/ਕਰਮਚਾਰੀ ਅਤੇ ਪਿੰਡਾਂ 'ਚ ਪੰਚਾਇਤ ਸਕੱਤਰਾਂ ਦੇ ਨਿਗਰਾਨੀ ਹੇਠ ਟੀਮਾਂ ਕੰਮ ਕਰ ਰਹੀਆਂ ਹਨ। ਇਨ੍ਹਾਂ ਟੀਮਾਂ ਵਿਚ ਏ.ਐਨ.ਐਮ/ਆਸ਼ਾ ਵਰਕਰਜ਼, ਗ੍ਰਾਮ ਸੇਵਕ, ਪੁਲਿਸ ਮੁਲਾਜ਼ਮ ਸਮੇਤ ਕੁੱਲ 4 ਅਧਿਕਾਰੀ/ਕਰਮਚਾਰੀ ਸ਼ਾਮਿਲ ਕੀਤੇ ਗਏ ਹਨ। ਇਹ ਟੀਮਾਂ ਘਰਾਂ ਵਿੱਚ ਇਕਾਂਤਵਾਸ ਕੀਤੇ ਮਰੀਜਾਂ ਦੀ ਲਗਾਤਾਰ ਨਿਗਰਾਨੀ ਕਰਨਗੀਆਂ ਅਤੇ ਉਲੰਘਣਾ ਸਾਹਮਣੇ ਆਉਣ ਉੱਤੇ ਉਨ੍ਹਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਨੇ ਪੁਲਿਸ ਸਮੇਤ ਟੀਮ 'ਚ ਸ਼ਾਮਿਲ ਮੈਂਬਰਾਂ ਨੂੰ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਇਹ ਨਗਰ ਕੌਂਸਲ ਅਧਿਕਾਰੀ/ਕਰਮਚਾਰੀ, ਪੰਚਾਇਤ ਸਕੱਤਰ ਰੈਪਿਡ ਰਿਸਪਾਂਸ ਟੀਮਾਂ ਨਾਲ ਰਲ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਮਰੀਜਾਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਉਨ੍ਹਾਂ ਦੀ ਸੂਚੀ ਇਹਨਾਂ ਕੋਲ ਹੋਵੇਗੀ। ਇਹ ਕਰਮਚਾਰੀ ਇਹ ਯਕੀਨੀ ਬਣਾਉਣਗੇ ਕਿ ਉਹਨਾਂ ਦੇ ਇਲਾਕੇ ਵਾਲੇ ਕੋਵਿਡ ਪਾਜੀਟਿਵ ਮਰੀਜ ਇਕਾਂਤਵਾਸ ਦੀ ਉਲੰਘਣਾ ਨਾ ਕਰਨ। ਉਲੰਘਣਾ ਹੋਣ ਉੱਤੇ ਇਹ ਤੁਰੰਤ ਰਿਪੋਰਟ ਕਰਨਗੇ।
ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਵਾਰਡਾਂ ਪਿੱਛੇ ਜਿਲ੍ਹੇ ਵਿੱਚ 27 ਹੋਰ ਟੀਮਾਂ ਵੀ ਗਠਿਤ ਕੀਤੀਆਂ ਗਈਆਂ ਹਨ , ਜਿਹੜੀਆਂ ਚੈਕ ਕਰਨਗੀਆਂ ਕਿ ਇਹ ਟੀਮਾਂ ਠੀਕ ਡਿਊਟੀ ਕਰ ਰਹੀਆਂ ਹਨ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰ ਜਿਸ ਵਿਚ ਫ਼ਰੀਦਕੋਟ ਲਈ 118 ਟੀਮਾਂ, ਜੈਤੋ ਲਈ 41 ਟੀਮਾਂ ਅਤੇ ਕੋਟਕਪੂਰਾ ਹਲਕੇ ਦੇ ਪੇਂਡੂ ਖੇਤਰਾਂ ਲਈ 28 ਟੀਮਾਂ ਬਣਾਈਆਂ ਗਈਆਂ ਹਨ ਜਦਕਿ ਨਗਰ ਕੌਂਸਲ ਦੀਆਂ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਇਨ੍ਹਾਂ ਟੀਮ ਮੈਂਬਰਾਂ ਨੂੰ ਕਿਹਾ ਕਿ ਹੁਣ ਕਰੋਨਾ ਦਾ ਕਹਿਰ ਵਧਣ ਕਾਰਣ ਸਥਿਤੀ ਦਿਨੋਂ ਦਿਨ ਵਿਗੜਦੀ ਜਾ ਰਹੀ ਹੈ ਇਸ ਕਰਕੇ ਸਾਡੀ ਸਾਰੀਆਂ ਦੀ ਡਿਊਟੀ ਬਣਦੀ ਹੈ ਕਿ ਅਸੀਂ ਆਪਣੀ ਆਪਣੀ ਡਿਊਟੀ ਨੂੰ ਸਮਝੀਏ ਅਤੇ ਇਸ ਲੜ੍ਹਾਈ ਨੂੰ ਜਿੱਤਣ ਵਿੱਚ ਆਪਣਾ ਯੋਗਦਾਨ ਪਾਈਏ। ਉਹਨਾਂ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰਾਂ ਵਿਚ ਲੋਕਾਂ ਨੂੰ ਇਸ ਬਿਮਾਰੀ ਦੀ ਭਿਆਨਕਤਾ ਅਤੇ ਇਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਵੀ ਲੋਕਾਂ ਨੂੰ ਜਾਗਰੂਕ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਿਰੁੱਧ ਲੜ੍ਹਾਈ ਵਿੱਚ ਜੋ ਵੀ ਪੰਚਾਇਤ ਜਾਂ ਸੰਸਥਾ ਜਾਂ ਕੌਂਸਲਰ ਵਧੀਆ ਕਾਰਗੁਜਾਰੀ ਦਿਖਾਏਗਾ, ਉਸ ਨੂੰ ਜਿਲ੍ਹਾ ਪ੍ਰਸਾਸ਼ਨ ਵੱਲੋਂ ਵਿਸ਼ੇਸ ਤੌਰ ਉੱਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਤ ਦੀ ਤਾਲਾਬੰਦੀ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।
ਡਿਪਟੀ ਕਮਿਸਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕਰੋਨਾ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ/ਹਦਾਇਤਾਂ ਦੀ ਪਾਲਣਾ ਕਰਨਾ ਸਾਡੇ ਸਾਰਿਆਂ ਲਈ ਬਹੁਤ ਜਰੂਰੀ ਹੈ ਅਤੇ ਇਸ ਪ੍ਰਤੀ ਵਿਖਾਇਆ ਗਿਆ ਅਵੇਸਲਾਪਨ ਸਾਡੇ ਖੁਦ ਅਤੇ ਦੂਜਿਆਂ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸਾਸ਼ਨ ਵੱਲੋਂ ਜਿਲ੍ਹੇ ਵਿੱਚ ਕਰੋਨਾ ਤੋਂ ਬਚਾਅ ਲਈ ਟੀਕਾਕਰਨ, ਟੈਸਟਿੰਗ, ਟਰੈਕਿੰਗ ਆਦਿ ਦਾ ਕੰਮ ਜੋਰਾਂ ਤੇ ਕੀਤਾ ਜਾ ਰਿਹਾ ਹੈ ਪਰੰਤੂ ਇਸ ਦੀ ਰੋਕਥਾਮ ਲਈ ਸਾਨੂੰ ਖੁਦ ਨੂੰ ਵੀ ਜਾਗਰੂਕ ਹੋਣਾ ਬਹੁਤ ਜਰੂਰੀ ਹੈ।
ਇਸ ਮੌਕੇ ਐਸ.ਡੀ.ਐਮ ਫ਼ਰੀਦਕੋਟ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਕੋਟ ਵਿਚ ਹੁਣ ਤੱਕ 1096 ਮਰੀਜਾਂ ਨੂੰ ਇਕਾਂਤਵਾਸ ਕੀਤਾ ਗਿਆ ਹੈ ਤੇ ਉਹਨਾਂ ਨੂੰ ਘਰ ਵਿਚ ਇਲਾਜ ਲਈ ਫਤਿਹ ਕਿੱਟਾਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ ਤੇ ਡਾਕਟਰਾਂ ਦੀਆਂ ਟੀਮਾਂ ਵੱਲੋਂ ਵੀ ਉਨ੍ਹਾਂ ਦਾ ਇਲਾਜ ਤੇ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਕੋਰੋਨਾ ਪਾਜੀਟਿਵ ਹਰ ਵਿਅਕਤੀ ਨੂੰ 14 ਦਿਨਾਂ ਲਈ ਘਰ ਵਿੱਚ ਇਕਾਂਤਵਾਸ ਕਰਕੇ ਨੋਵਲ ਕੋਰੋਨਾ ਵਾਇਰਸ ਦੀ ਮਹਾਂਵਾਰੀ ਨੂੰ ਫੈਲਣ ਤੋਂ ਰੋਕਣ ਲਈ ਬਹੁਤ ਹੀ ਚੌਕਸੀ ਵਰਤੀ ਜਾ ਰਹੀ ਹੈ।