ਕੋਰੋਨਾ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ : ਡੀ ਸੀ ਬਠਿੰਡਾ
ਅਸ਼ੋਕ ਵਰਮਾ
ਬਠਿੰਡਾ, 11 ਮਈ : ਡਿਪਟੀ ਕਮਿਸ਼ਨਰ ਬਠਿੰਡਾ ਬੀ.ਸ੍ਰੀਨਿਵਾਸਨ ਵੱਲੋਂ ਕਰੋਨਾ ਮਹਾਂਮਾਰੀ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਭਾਵ ਨਾਲ ਨਜਿੱਠਣ ਦੇ ਮੱਦੇਨਜ਼ਰ ਜ਼ਿਲੇ ਦੇ ਉੱਚ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਰੋਜ਼ਾਨਾ ਕੀਤੀ ਜਾਣ ਵਾਲੀ ਇਸ ਰੀਵਿਊ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ’ਚ ਕੋਵਿਡ ਨਾਲ ਸਬੰਧਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸੈਂਪਲਿੰਗ ਤੇ ਵੈਕਸੀਨੇਸ਼ਨ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਕੋਰੋਨਾ ਸੈੱਲ ਦੇ ਇੰਚਾਰਜਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਸ਼ਡਿਊਲ ਬਣਾ ਕੇ ਸੈਂਪਲਿੰਗ ਤੇ ਵੈਕਸੀਨੇਸ਼ਨ ਕੀਤੀ ਜਾਵੇ ਅਤੇ ਘਰਾਂ ’ਚ ਇਕਾਂਤਵਾਸ ਵਿਅਕਤੀਆਂ ਦੀ ਲਗਾਤਾਰ ਨਜ਼ਰਸਾਨੀ ਰੱਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕੋਰੋਨਾ ਮਹਾਂਮਾਰੀ ’ਤੇ ਫ਼ਤਿਹ ਪਾਉਣ ਲਈ ਕੋਵਿਡ ਟੀਕਾਕਰਨ ਲਾਜ਼ਮੀ ਹੈ ਤਾਂ ਜੋ ਜ਼ਿਲ੍ਹਾ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਦੇ ਲੱਛਣ ਹੋਣ ਜਾਂ ਕੋਰੋਨਾ ਪੀੜਤ ਵਿਅਕਤੀ ਦੇ ਸੰਪਰਕ ਵਿੱਚ ਆਏ ਹੋਣ ਤਾਂ ਉਹ ਤੁਰੰਤ ਨੇੜੇ ਦੀ ਸਿਹਤ ਸੰਸਥਾ ਵਿਖੇ ਜਾ ਕੇ ਆਪਣੀ ਜਾਂਚ ਕਰਵਾਉਣ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਤੀਸਰੇ ਪੜ੍ਹਾਅ ਤਹਿਤ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਅਧੀਨ ਜ਼ਿਲ੍ਹੇ ਅੰਦਰ 18 ਤੋਂ 44 ਸਾਲ ਦੀ ਉਮਰ ਵਰਗ ਦੇ ਉਨ੍ਹਾਂ ਉਸਾਰੀ ਕਾਮਿਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ ਕੀਤਾ ਗਿਆ ਹੈ, ਜੋ ਕਿ ਕਿਰਤ ਵਿਭਾਗ ਵਿੱਚ ਰਜਿਸਟਰਡ ਹਨ। ਉਨ੍ਹਾਂ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਜ਼ਿਲ੍ਹੇ ’ਚ ਰਜਿਸਟਰਡ ਲਗਭਗ 8500 ਉਸਾਰੀ ਕਾਮਿਆਂ ਦੀ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਅਤੇ ਕਿਸੇ ਵੀ ਰਜਿਸਟਰਡ ਕਾਮੇ ਨੂੰ ਕੋਵਿਡ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।
ਇਸ ਮੌਕੇ ਐਡੀਸ਼ਨਲ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਡਾ. ਯਾਦਵਿੰਦਰ ਸਿੰਘ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਗੁਰਬੀਰ ਸਿੰਘ ਕੋਹਲੀ, ਸਹਾਇਕ ਕਮਿਸ਼ਨਰ ਜਨਰਲ ਕੰਵਲਜੀਤ ਸਿੰਘ, ਬਬਨਦੀਪ ਸਿੰਘ ਵਾਲੀਆ ਅਤੇ ਸਹਾਇਕ ਕਿਰਤ ਕਮਿਸ਼ਨਰ ਬਲਵਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਕਰੋਨਾ ਸੈਲਾਂ ਦੇ ਇੰਚਾਰਜ ਹਾਜ਼ਰ ਸਨ।