ਜਲੰਧਰ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਕਚਿਹਰੀਆਂ ਵਿੱਚ ਲਗਾਇਆ ਕੋਵਿਡ-19 ਟੀਕਾਕਰਨ ਕੈਂਪ
ਜਲੰਧਰ, 11 ਮਈ 2021 - ਕੋਵਿਡ-19 ਦੇ ਵਧ ਰਹੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਰੁਪਿੰਦਰਜੀਤ ਚਹਿਲ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਿਹਰੀਆਂ ਜਲੰਧਰ ਵਿਖੇ ਕੋਵਿਡ-19 ਟੀਕਾਕਰਨ ਕੈਂਪ ਲਗਾਇਆ ਗਿਆ ।
ਇਸ ਕੈਂਪ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਨੇ ਦੱਸਿਆ ਕਿ ਅੱਜ ਦਾ ਇਹ ਟੀਕਾਕਰਨ ਕੈਂਪ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਦੇ ਪੈਨਲ ਦੇ ਵਕੀਲਾਂ, ਸਟਾਫ ਅਤੇ ਪੈਰਾ ਲੀਗਲ ਵਲੰਟੀਅਰਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਸਰਕਾਰ ਵੱਲੋਂ ਪ੍ਰਮਾਣਿਤ ਵੈਕਸੀਨ ਲਗਾਉਣ ਲਈ ਲਗਾਇਆ ਗਿਆ ਹੈ ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਲਈ ਵੈਕਸੀਨ ਬਹੁਤ ਜ਼ਰੂਰੀ ਹੈ। ਅੱਜ ਜਦੋਂ ਦੇਸ਼ ਵਿੱਚ ਕੋਰੋਨਾ ਮਹਾਂਮਾਰੀ ਦੇ ਲੱਖਾਂ ਕੇਸ ਰੋਜ਼ਾਨਾ ਸਾਹਮਣੇ ਆ ਰਹੇ ਹਨ ਅਤੇ ਕੀਮਤੀ ਜਾਨਾਂ ਦਾ ਨੁਕਸਾਨ ਹੋ ਰਿਹਾ ਹੈ। ਟੀਕਾਕਰਨ ਹੀ ਇਸ ਦਾ ਇੱਕ ਮਾਤਰ ਇਲਾਜ ਹੈ ਅਤੇ ਹਰੇਕ ਨਾਗਰਿਕ ਨੂੰ ਕੋਰੋਨਾ ਵੈਕਸੀਨ ਲਗਵਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਪੈਨਲ ਦੇ ਵਕੀਲਾਂ, ਪੈਰਾ ਲੀਗਲ ਵਲੰਟੀਅਰਾਂ ਅਤੇ ਸਟਾਫ ਦੇ ਮੈਂਬਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਤੈਅ ਕੀਤੇ ਨਿਯਮਾਂ ਮੁਤਾਬਕ ਮਹਾਂਮਾਰੀ ਤੋਂ ਬਚਾਅ ਵਾਸਤੇ ਸਮਾਜਿਕ ਦੂਰੀ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਉਣ।
ਇਸ ਮੌਕੇ ਡਾ. ਗਗਨਦੀਪ ਕੌਰ, ਸੀ.ਜੇ.ਐਮ.-ਕਮ-ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਦੇ ਨਿਰਦੇਸ਼ਾਂ ਤਹਿਤ ਅੱਜ ਟੀਕਾਕਰਨ ਦੀ ਪਹਿਲੀ ਖੁਰਾਕ ਦਿੱਤੀ ਗਈ ਅਤੇ ਸਰਕਾਰ ਵੱਲੋਂ ਤੈਅ ਕੀਤੇ ਸਮੇਂ ਮੁਤਾਬਕ ਦੂਜੀ ਖੁਰਾਕ ਦਾ ਪ੍ਰਬੰਧ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਪੈਨਲ ਦੇ ਵਕੀਲਾਂ, ਸਟਾਫ਼ ਅਤੇ ਪੈਰਾ ਲੀਗਲ ਵਲੰਟੀਅਰ ਵਾਸਤੇ ਕੀਤਾ ਜਾਵੇਗਾ।