ਕੋਰੋਨਾ ਦੇ ਨਾਲ ਮਾਨਸਿਕ ਸਿਹਤ ’ਤੇ ਧਿਆਨ ਦੇਣਾ ਵੀ ਜ਼ਰੂਰੀ: ਡਾ. ਗੁਰਦੀਪ ਕਪੂਰ
- ਸਿਵਲ ਸਰਜਨ ਵੱਲੋਂ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਨੂੰ ਟੀਕਾ ਲਗਵਾਉਣ ਦਾ ਸੱਦਾ
- ਜ਼ਿਲ੍ਹੇ ਵਿਚ 8693 ਵਿਅਕਤੀਆਂ ਨੇ ਕੋਰੋਨਾ ਨੂੰ ਹਰਾਇਆ
ਨਵਾਂਸ਼ਹਿਰ, 12 ਮਈ 2021 - ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਤੀਬਰ ਜਾਗਰੂਕਤਾ ਮੁਹਿੰਮ ਛੇੜੀ ਹੋਈ ਹੈ।
ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ‘ਫੇਸਬੁੱਕ ਲਾਈਵ ਪ੍ਰੋਗਰਾਮ’ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ, ਟੀਕਾਕਰਨ, ਸਾਵਧਾਨੀਆਂ ਅਤੇ ਸੁਝਾਵਾਂ ਸਬੰਧੀ ਸ਼ਹਿਰ ਵਾਸੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਸਿਵਲ ਸਰਜਨ ਨੇ ਕਿਹਾ ਕਿ ਅੱਜ ਕੋਵਿਡ-19 ਦੇ 134 ਕੇਸ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ ਵਿੱਚ 917 ਦੇ ਕਰੀਬ ਕੋਵਿਡ ਦੇ ਐਕਟਿਵ ਮਾਮਲੇ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਨਾਲ ਨਜਿੱਠਣ ਲਈ ਰੋਜ਼ਾਨਾ ਤਕਰੀਬਨ ਪੰਦਰਾਂ ਤੋਂ ਵੱਧ ਟੈਸਟਿੰਗ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਹਾਂਮਾਰੀ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 9849 ਵਿਅਕਤੀ ਪਾਜ਼ੇਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 8693 ਸਿਹਤਯਾਬ ਹੋ ਗਏ ਹਨ।
ਸਿਵਲ ਸਰਜਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਮਾਨਸਿਕ ਤਣਾਅ ਤੋਂ ਬਚਣ ਲਈ ਕੁਝ ਸੁਝਾਅ ਸਾਂਝੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਤਣਾਅ ਨਾਲ ਭਰਪੂਰ ਹੈ, ਜਿਸ ਨੂੰ ਦੂਰ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਨਾਲ ਮਾਨਸਿਕ ਸਿਹਤ ਉੱਤੇ ਧਿਆਨ ਦੇਣਾ ਵੀ ਜ਼ਰੂਰੀ ਹੈ। ਮਾਨਸਿਕ ਤਣਾਅ ਦੂਰ ਕਰਨ ਲਈ ਸਾਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਲਾਹਾਂ ਉੱਤੇ ਗੌਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਡਾਊਨ ਦੌਰਾਨ ਸਾਨੂੰ ਸਿਹਤਮੰਦ ਰਹਿਣ ਸਹਿਣ ਅਪਣਾਉਣਾ ਚਾਹੀਦਾ ਹੈ ਅਤੇ ਆਪਣੇ ਘਰਾਂ ਵਿਚ ਰਹਿ ਕੇ ਹਲਕੀ-ਫੁੱਲਕੀ ਕਸਰਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਿਆਰੀ ਸਮਾਂ ਬਤੀਤ ਕਰਨ ਲਈ ਹਰੇਕ ਵਿਅਕਤੀ ਨੂੰ ਸੰਗੀਤ ਅਤੇ ਚਿੱਤਰਕਾਰੀ, ਪੜ੍ਹਨ ਵਰਗੇ ਸ਼ੌਕਾਂ ਨੂੰ ਅਪਣਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਆਪਣੇ-ਪਿਆਰਿਆਂ, ਸਕੇ-ਸਬੰਧੀਆਂ ਅਤੇ ਆਪਣੇ ਦੋਸਤਾਂ ਨਾਲ ਵੀਡੀਓ ਕਾਲਿੰਗ ਜ਼ਰੀਏ ਗੱਲਬਾਤ ਕਰਕੇ ਮਿਆਰੀ ਸਮਾਂ ਬਿਤਾਉਣਾ ਚਾਹੀਦਾ ਹੈ।
ਸ. ਕਪੂਰ ਨੇ ਕਿਹਾ ਕਿ ਕਰੋਨਾ ਦੇ ਵਧ ਰਹੇ ਮਾਮਲਿਆਂ ਤੋਂ ਪਤਾ ਲੱਗਦਾ ਹੈ ਕਿ ਜ਼ਿਲ੍ਹੇ ਵਿੱਚ ਕੋਵਿਡ ਦਾ ਪ੍ਰਭਾਵ ਹਾਲੇ ਪੂਰੀ ਤਰਾਂ ਖ਼ਤਮ ਨਹੀਂ ਹੋਇਆ। ਸਿਹਤ ਵਿਭਾਗ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। ਸਾਨੂੰ ਕੋਵਿਡ ਤੋਂ ਬਚਾਅ ਲਈ ਢੁੱਕਵੀਆਂ ਸਿਹਤ ਸਾਵਧਾਨੀਆਂ ਜਿਵੇਂ ਸਮਾਜਕ ਦੂਰੀ, ਮਾਸਕ ਪਹਿਨਣਾ, ਹੱਥਾਂ ਨੂੰ ਰੋਗਾਣੂ ਮੁਕਤ ਕਰਨਾ ਆਦਿ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।
ਸਿਵਲ ਸਰਜਨ ਨੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉੱਚ ਜ਼ੋਖਮ ਵਾਲੇ ਵਿਅਕਤੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਆਪਣੀ, ਆਪਣੇ ਪਰਿਵਾਰਕ ਮੈਂਬਰਾਂ ਅਤੇ ਨੇੜਲੇ ਸਕੇ ਸਬੰਧੀਆਂ ਦੀ ਸਿਹਤ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਛੇਤੀ ਤੋਂ ਛੇਤੀ ਟੀਕਾ ਲਗਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਰੋਕੂ ਟੀਕਾ ਸਾਨੂੰ ਕੋਰੋਨਾ ਵਾਇਰਸ ਤੋਂ ਸੁਰੱਖਿਅਤਾ ਪ੍ਰਦਾਨ ਕਰਦਾ ਹੈ।