ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਲਈ ਸਰਪੰਚ ਆਏ ਅੱਗੇ
ਗੁਰਪ੍ਰੀਤ ਸਿੰਘ ਮੰਡਿਆਣੀ
- ਮੁੱਖ ਮੰਤਰੀ ਵੱਲੋਂ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ ਅਤੇ ਹੋਰ ਸਰਪੰਚਾਂ ਨਾਲ ਆਨਲਾਈਨ ਗੱਲਬਾਤ
- ਕਰੋਨਾ ਦੀ ਦੂਜੀ ਲਹਿਰ ਦਾ ਪ੍ਰਕੋਪ ਪਿੰਡਾਂ ਵਿੱਚ ਜਿਆਦਾ, ਚੁਣੇ ਨੁਮਾਇੰਦੇ ਸਹਿਯੋਗ ਕਰਨ - ਕੈਪਟਨ ਅਮਰਿੰਦਰ ਸਿੰਘ
- ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਹਰ ਹੀਲਾ ਵਰਤ ਰਹੀ - ਹਰਜੋਤ ਕਮਲ ਅਤੇ ਕਾਕਾ ਲੋਹਗੜ੍ਹ
ਮੋਗਾ, 18 ਮਈ 2021-ਪੰਜਾਬ ਵਿੱਚ ਕਰੋਨਾ ਮਹਾਂਮਾਰੀ ਦੇ ਦਿਨੋਂ ਦਿਨ ਵਧ ਰਹੇ ਮਾਮਲਿਆਂ ਨੂੰ ਠੱਲ ਪਾਉਣ ਲਈ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਉੱਤੇ ਜ਼ੋਰ ਦੇਣ ਦੀ ਲੋੜ੍ਹ ਹੈ। ਜਿਸ ਲਈ ਸੂਬੇ ਭਰ ਦੇ ਸਰਪੰਚਾਂ ਨੇ ਅੱਗੇ ਆ ਕੇ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਦਾ ਅਹਿਦ ਲਿਆ ਹੈ। ਉਹਨਾਂ ਇਹ ਅਹਿਦ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਆਨਲਾਈਨ ਗੱਲਬਾਤ ਕਰਦਿਆਂ ਲਿਆ।
ਦੱਸਣਯੋਗ ਹੈ ਕਿ ਪਿੰਡਾਂ ਵਿੱਚ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਲਈ ਮੁੱਖ ਮੰਤਰੀ ਵੱਲੋਂ ਅੱਜ ਸੂਬੇ ਦੇ ਸਰਪੰਚਾਂ ਨਾਲ ਵਿਸ਼ੇਸ਼ ਆਨਲਾਈਨ ਗੱਲਬਾਤ ਦਾ ਪ੍ਰਬੰਧ ਕੀਤਾ ਗਿਆ ਸੀ। ਜਿਸ ਵਿੱਚ ਜ਼ਿਲ੍ਹਾ ਮੋਗਾ ਦੇ ਪਿੰਡ ਸਾਫੂਵਾਲਾ ਦੇ ਸਰਪੰਚ ਸ੍ਰ ਲਖਵੰਤ ਸਿੰਘ ਅਤੇ ਹੋਰਾਂ ਨੇ ਹਿੱਸਾ ਲਿਆ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿੰਡ ਸਾਫੂਵਾਲਾ ਦੇ 45 ਸਾਲ ਜਾਂ ਇਸ ਤੋਂ ਵੱਧ ਉਮਰ ਵਾਲੇ 100 ਫੀਸਦੀ ਲੋਕਾਂ ਨੇ ਆਪਣਾ ਟੀਕਾਕਰਨ ਕਰਵਾ ਲਿਆ ਹੈ। ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਦਿਨੀਂ ਵਿਸ਼ੇਸ਼ ਤੌਰ ਉੱਤੇ ਪ੍ਰਸ਼ੰਸਾ ਕੀਤੀ ਗਈ ਸੀ।
ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਰੋਨਾ ਦੀ ਦੂਜੀ ਲਹਿਰ ਦਾ ਪਿੰਡਾਂ ਵਿੱਚ ਇਸ ਵੇਲੇ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ। ਪਹਿਲੀ ਲਹਿਰ ਤੋਂ ਤਾਂ ਪਿੰਡਾਂ ਦਾ ਬਚਾਅ ਰਿਹਾ ਸੀ ਪਰ ਇਸ ਵਾਰ ਲੋਕ ਅਵੇਸਲੇ ਹੋਏ ਹਨ। ਉਹਨਾਂ ਪੰਚਾਂ ਸਰਪੰਚਾਂ ਅਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਕਰਨ ਅਤੇ ਲੋਕਾਂ ਨੂੰ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਲਈ ਜਾਗਰੂਕ ਕਰਨ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂਕਿ ਕੇਂਦਰ ਸਰਕਾਰ ਵੱਲੋਂ ਲੋੜੀਂਦੀ ਮਾਤਰਾ ਵਿੱਚ ਟੀਕੇ ਦੀਆਂ ਖੁਰਾਕਾਂ ਪ੍ਰਾਪਤ ਨਹੀਂ ਹੋ ਰਹੀਆਂ ਹਨ ਪਰ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਬਚਾਉਣ ਲਈ ਹਰ ਹੀਲਾ ਵਰਤ ਰਹੀ ਹੈ। ਉਹਨਾਂ ਇਸ ਲੜ੍ਹਾਈ ਵਿੱਚ ਨੌਜਵਾਨਾਂ ਅਤੇ ਸਾਬਕਾ ਫ਼ੌਜੀਆਂ ਤੋਂ ਵੀ ਸਹਿਯੋਗ ਦੀ ਮੰਗ ਕੀਤੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕੋਈ ਵੀ ਲੱਛਣ ਆਉਂਦੇ ਹਨ ਤਾਂ ਉਹ ਘਰ ਵਿਚ ਖੁਦ ਡਾਕਟਰ ਨਾ ਬਣਨ ਸਗੋਂ ਸਰਕਾਰੀ ਸਿਹਤ ਸੰਸਥਾਵਾਂ ਤੱਕ ਪਹੁੰਚ ਕਰਨ। ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਵਧੀਆ ਇਲਾਜ਼ ਦੇ ਨਾਲ ਨਾਲ ਫਤਹਿ ਕਿੱਟ ਅਤੇ ਫੂਡ ਕਿੱਟ ਵੀ ਮੁਹਈਆ ਕਰਵਾਏ ਜਾ ਰਹੇ ਹਨ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜੇ ਵੀ ਪਿੰਡ ਵਿੱਚ ਟੀਕਾਕਰਨ ਦਾ ਟੀਚਾ 100 ਫੀਸਦੀ ਪੂਰਾ ਕਰ ਲਿਆ ਜਾਵੇਗਾ ਉਸਨੂੰ ਪੰਜਾਬ ਸਰਕਾਰ ਵੱਲੋਂ 10 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਉਹਨਾਂ ਸਰਪੰਚਾਂ ਨੂੰ ਕਿਹਾ ਕਿ ਉਹ ਕਰੋਨਾ ਰਾਹਤ ਕਾਰਜਾਂ ਲਈ ਅਤੇ ਪੰਚਾਇਤ ਫੰਡ ਵਿਚੋਂ 50 ਹਜ਼ਾਰ ਰੁਪਏ ਤੱਕ ਖਰਚ ਸਕਦੇ ਹਨ।
ਇਸ ਮੌਕੇ ਹਾਜ਼ਰ ਪਿੰਡ ਸਾਫੂਵਾਲਾ ਦੇ ਸਰਪੰਚ ਲਖਵੰਤ ਸਿੰਘ, ਪਿੰਡ ਤਲਵੰਡੀ ਭਾਂਗੇਰੀਆ ਦੇ ਸਰਪੰਚ ਰੁਪਿੰਦਰ ਸਿੰਘ, ਪਿੰਡ ਬਹਿਣੀਵਾਲ ਦੇ ਸਰਪੰਚ ਰਣਜੀਤ ਸਿੰਘ ਅਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਇਸ ਲੜ੍ਹਾਈ ਨੂੰ ਜਿੱਤਣ ਲਈ ਲੋਕਾਂ ਨੂੰ ਜਾਗਰੂਕ ਕਰਨਗੇ।
ਇਸ ਮੌਕੇ ਵਿਸ਼ੇਸ਼ ਤੌਰ ਉੱਤੇ ਹਾਜ਼ਰ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਕਰੋਨਾ ਦੀ ਬਿਮਾਰੀ ਤੋਂ ਬਚਾਉਣ ਲਈ ਪੰਜਾਬ ਸਰਕਾਰ ਹਰ ਹੀਲਾ ਵਰਤ ਰਹੀ ਹੈ। ਇਹ ਲੜ੍ਹਾਈ ਨੂੰ ਜਿੱਤਣ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਸ੍ਰ ਇੰਦਰਜੀਤ ਸਿੰਘ ਬੀੜ੍ਹ ਚੜਿੱਕ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਸੁਭਾਸ਼ ਚੰਦਰ ਅਤੇ ਹੋਰ ਵੀ ਹਾਜ਼ਰ ਸਨ।