ਵਿੱਤ ਮੰਤਰੀ ਵੱਲੋਂ ਕੋਵਿਡ ਕੇਅਰ ਸੈਂਟਰ ਦੇ ਦੌਰੇ ਦੌਰਾਨ ਪ੍ਰਬੰਧਾਂ ਦਾ ਜਾਇਜ਼ਾ
ਅਸ਼ੋਕ ਵਰਮਾ
ਬਠਿੰਡਾ, 19 ਮਈ2021 : ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਬਠਿੰਡਾ ਵਾਸੀਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਕਰੋਨਾ ਪ੍ਰਭਾਵਿਤ ਮਰੀਜ਼ਾਂ ਦੇ ਮੁਫ਼ਤ ਇਲਾਜ ਲਈ ਜ਼ਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਇੱਥੋਂ ਦੀਆਂ ਕਰੀਬ 24 ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਬਣਾਇਆ ਜਾ ਰਿਹਾ ਬਠਿੰਡਾ ਕੋਵਿਡ ਕੇਅਰ ਸੈਂਟਰ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਇਹ ਜਾਣਕਾਰੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇੱਥੋਂ ਦੇ ਮੈਰੀਟੋਰੀਅਸ ਸਕੂਲ ਵਿੱਚ ਬਣਾਏ ਜਾ ਰਹੇ ਬਠਿੰਡਾ ਕੋਵਿਡ ਕੇਅਰ ਸੈਂਟਰ ਦਾ ਦੌਰਾ ਕਰਨ ਉਪਰੰਤ ਦਿੱਤੀ। ਇਸ ਮੌਕੇ ਉਨ੍ਹਾਂ ਇਸ ਕੋਵਿਡ ਕੇ ਅਰ ਸੈਂਟਰ ਦੀ ਮਦਦ ਲਈ 30 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਭੇਂਟ ਕੀਤਾ। ਉਨ੍ਹਾਂ ਕੋਵਿਡ ਕੇਅਰ ਸੈਂਟਰ ਲਈ 20 ਆਕਸੀਜਨ ਕੰਨਸਨਟ੍ਰੇਟਰ ਵੀ ਮੌਕੇ ’ਤੇ ਮੁਹੱਈਆ ਕਰਵਾਏ ਅਤੇ ਹੋਰ ਲੋੜੀਂਦੇ ਕੰਨਸਨਟ੍ਰੇਟਰ ਵੀ ਜਲਦ ਮੁਹੱਈਆ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਦੌਰਾਨ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਰੋਨਾ ਵਰਗੀ ਭਿਆਨਕ ਮਹਾਂਮਾਰੀ ਦੇ ਚਲਦਿਆਂ ਬਠਿੰਡਾ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੀਤੇ ਜਾ ਰਹੇ ਇਸ ਵਡਮੁੱਲੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਸੇਵੀਆਂ ਦੀ ਨਿਸ਼ਕਾਮ ਸੇਵਾ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ। ਬਠਿੰਡਾ ਦੇ ਸਮਾਜ ਸੇਵੀਆਂ ਨੂੰ ਮਹਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਕੋਵਿਡ ਕੇਅਰ ਸੈਂਟਰ ਵਿੱਚ ਮਰੀਜ਼ਾਂ ਲਈ ਮੁਫ਼ਤ ਇਲਾਜ ਤੇ ਖਾਣੇ ਦਾ ਪ੍ਰਬੰਧ ਹੋਵੇਗਾ। ਇੱਥੇ ਹਾਲ ਦੀ ਘੜੀ ਲੈਵਲ 2 ਦੇ 50 ਬੈੱਡ ਸਥਾਪਿਤ ਕੀਤੇ ਜਾ ਰਹੇ ਹਨ। ਇਸ ਮੌਕੇ ਵਿੱਤ ਮੰਤਰੀ ਨੇ ਇਹ ਵੀ ਦੱਸਿਆ ਕਿ ਬਠਿੰਡਾ ਵਾਸੀਆਂ ਦੀ ਸੁਰੱਖਿਆ ਲਈ ਜੇਕਰ ਇਸ ਕੋਵਿਡ ਕੇਅਰ ਸੈਂਟਰ ਲਈ ਹੋਰ ਵੀ ਮਦਦ ਦੀ ਲੋੜ ਪਈ ਤਾਂ ਉਹ ਕਦੇ ਪਿੱਛੇ ਨਹੀਂ ਹਟਣਗੇ। ਇਸ ਮੌਕੇ ਤਹਿਸੀਲਦਾਰ ਬਠਿੰਡਾ ਸੁਖਬੀਰ ਸਿੰਘ ਬਰਾੜ ਅਤੇ ਅਰੁਣ ਵਧਾਵਨ ਆਦਿ ਹਾਜ਼ਰ ਰਹੇ।