ਜਲੰਧਰ: ਡੀ ਸੀ ਵਲੋਂ ਪਿੰਡਾਂ ’ਚ ਡੋਰ ਟੂ ਡੋਰ ਸਰਵੇ ਕਰਕੇ ਲੱਛਣ ਵਾਲੇ ਮਰੀਜ਼ਾਂ ਦੀ ਪਹਿਚਾਣ ਦੇ ਆਦੇਸ਼
- ਦਿਹਾਤੀ ਖੇਤਰਾਂ ’ਚ ਵੱਧ ਤੋਂ ਵੱਧ ਸਕਰੀਨਿੰਗ ਲਈ ਬਲਾਕ ਪੱਧਰੀ ਕਮੇਟੀਆਂ ਬਣਾਈਆਂ
ਜਲੰਧਰ 19 ਮਈ 2021 - ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੇ ਗਏ ‘ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ ਜ਼ਿਲ੍ਹੇ ਦੇ ਸਰੇ 890 ਪਿੰਡਾਂ ਵਿੱਚ ਘਰ-ਘਰ ਜਾ ਕੇ ਸਰਵੇ ਕਰਕੇ ਕੋਰੋਨਾ ਵਾਇਰਸ ਦੇ ਲੱਛਣਾ ਵਾਲੇ ਮਰੀਜ਼ਾਂ ਦੀ ਪਹਿਚਾਣ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਪ੍ਰਮੁੱਖ ਸਕੱਤਰ ਹੁਸਨ ਲਾਲ ਨਾਲ ਵਰਚੂਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੇ ਲੱਛਣਾਂ ਵਾਲੇ ਮਰੀਜ਼ਾਂ ਦੀ ਪਹਿਚਾਣ ਕਰਨ ਲਈ ਵੱਡੇ ਪੱਧਰ ’ਤੇ ਸਕਰੀਨਿੰਗ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸਮੇਂ ਸਿਰ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਊਟਰੀਚ ਪ੍ਰੋਗਰਾਮ ਤਹਿਤ ਫੀਲਡ ਅਧਿਕਾਰੀਆਂ ਵਲੋ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਦੇ ਹਰ ਘਰ ਜਾ ਕੇ ਫਲੂ ਦੇ ਲੱਛਣਾਂ ਤੋਂ ਪ੍ਰਭਾਵਿਤ ਲੋਕਾਂ ਦੀ ਜਾਂਚ ਕੀਤੀ ਜਾਵੇਗੀ। ਸ੍ਰੀ ਥੋਰੀ ਨੇ ਦੱਸਿਆ ਕਿ ਟੀਮਾਂ ਵਲੋਂ ਆਕਸੀਜਨ ਦੇ ਪੱਧਰ ਦੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਆਕਸੀਜਨ ਦਾ ਲੈਵਲ 94 ਪ੍ਰਤੀਸ਼ਤ ਤੋਂ ਹੇਠਾਂ ਆਉਂਦਾ ਹੈ ਤਾਂ ਉਨਾਂ ਦਾ ਕੋਵਿਡ ਟੈਸਟ ਪਾਜ਼ੀਟਿਵ ਆਉਣ ’ਤੇ ਜਲਦ ਇਲਾਜ ਸ਼ੁਰੂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਵਲੋਂ ਹਰੇਕ ਬਲਾਕ ਪੱਧਰ ’ਤੇ ਚਾਰ ਮੈਂਬਰੀ ਕਮੇਟੀਆਂ ਜਿਸ ਵਿੱਚ ਉਪ ਮੰਡਲ ਮੈਜਿਸਟਰੇਟ, ਸੀਨੀਅਰ ਮੈਡੀਕਲ ਅਫ਼ਸਰ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਾਮਿਲ ਹੋਣਗੇ ਬਣਾਈਆਂ ਗਈਆਂ ਹਨ ਤਾਂ ਜੋ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਸਹਿਤ ਅਧਿਕਾਰੀਆਂ ਨੂੰ ਕਿਹਾ ਕਿ ਹੈਲਥ ਅਤੇ ਵੈਲਨੈਸ ਸੈਂਟਰਾਂ ਦੇ ਨੇੜੇ ਪਿੰਡਾਂ ਦੇ ਨਕਸ਼ੇ ਬਣਾਏ ਜਾਣ ਕਿਉਂਕਿ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ ਅਜਿਹੇ 172 ਸੈਂਟਰਾਂ ਵਿੱਚ ਟੈਸਟਿੰਗ ਅਤੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਪ੍ਰਬੰਧ ਕੀਤੇ ਗਏ ਹਨ।
ਥੋਰੀ ਨੇ ਦੱਸਿਆ ਕਿ ਦਿਹਾਤੀ ਖੇਤਰਾਂ ਵਿੱਚ ਵੈਕਸੀਨ ਦੇ ਟੀਕਾਕਰਨ ਲਈ ਮੋਬਾਇਲ ਟੀਮਾਂ ਵੀ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਵੈਕਸੀਨੇਸ਼ਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ ਕਿ ਕਿਉਂਕਿ ਇਨਾਂ ਖੇਤਰਾਂ ਵਿੱਚ ਕੋਵਿਡ ਦੇ ਵੱਧ ਰਹੇ ਕੇਸਾਂ ਸਬੰਧੀ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪੰਚਾਇਤਾਂ ਦਾ ਇਸ ਵਿੱਚ ਸਹਿਯੋਗ ਲਿਆ ਜਾਵੇਗਾ ਤਾਂ ਜੋ ਮੌਜੂਦਾ ਸਿਹਤ ਸੰਕਟ ਨੂੰ ਦੇਖਦਿਆਂ ਪੇਂਡੂ ਖੇਤਰਾਂ ਵਿੱਚ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਇਲਾਕਿਆਂ ਵਿੱਚ ਆਉਂਦੇ ਪਿੰਡਾਂ ਦੀ ਸਥਿਤੀ ’ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਅਤੇ ਘਰ-ਘਰ ਜਾ ਕੇ ਸਰਵੇ ਦੌਰਾਨ ਵੱਧ ਤੋਂ ਵੱਧ ਸਕਰੀਨਿੰਗ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸਥਿਤੀ ਨੂੰ ਕਾਬੂ ਹੇਠ ਰੱਖਿਆ ਜਾ ਸਕੇ।