ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਵੰਡੇ ਮਾਸਕ
ਅਸ਼ੋਕ ਵਰਮਾ
ਬਠਿੰਡਾ , 21ਮਈ 2021:ਦੇਸ਼ ਦੇ ਸਵ.. ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ 30ਵੀਂ ਬਰਸੀ ਮੌਕੇ ਕਾਂਗਰਸੀ ਆਗੂਆਂ ਨੇ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਸੀਨੀਅਰ ਕਾਂਗਰਸੀ ਆਗੂ ਜੈਜੀਤ ਸਿੰਘ ਜੌਹਲ , ਜ਼ਿਲ੍ਹਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕੇ ਕੇ ਅਗਰਵਾਲ ,ਪਵਨ ਮਾਨੀ ਸਮੇਤ ਹੋਰਨਾਂ ਕਾਂਗਰਸੀਆਂ ਨੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਮਾਸਕ ਵੰਡ ਕੇ ਮਰਹੂਮ ਪ੍ਰਧਾਨ ਮੰਤਰੀ ਨੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਅਰੁਣ ਵਧਾਵਨ ਨੇ ਕਿਹਾ ਕਿ ਦੇਸ਼ ਦਾ ਪ੍ਰਧਾਨ ਮੰਤਰੀ ਹੁੰਦਿਆਂ ਰਾਜੀਵ ਗਾਂਧੀ ਨੇ ਵਿਕਾਸ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਤਰੱਕੀ ਲਈ ਕਈ ਕ੍ਰਾਂਤੀਕਾਰੀ ਫ਼ੈਸਲੇ ਲਏ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਨੂੰ ਮਜ਼ਬੂਤ ਕਰਨ ਲਈ ਰਾਜੀਵ ਗਾਂਧੀ ਨੇ ਬਹੁਤ ਕੰਮ ਕੀਤਾ। ਉਨ੍ਹਾਂ ਕਿਹਾ ਕਿ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵੱਲੋਂ ਦੇਸ਼ ਦੀ ਤਰੱਕੀ ਤੇ ਵਿਕਾਸ ਵਿੱਚ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਅੱਜ ਉਨ੍ਹਾਂ ਦੀ 30 ਵੀਂ ਬਰਸੀ ਮੌਕੇ ਕਾਂਗਰਸੀ ਆਗੂਆਂ ਨੇ ਸਬਜ਼ੀ ਮੰਡੀ ਵਿਚ ਦੁਕਾਨਦਾਰਾਂ ਅਤੇ ਲੋਕਾਂ ਨੂੰ ਮਾਸਕ ਵੰਡੇ।