ਜਲੰਧਰ: ਪ੍ਰਸ਼ਾਸਨ ਵਲੋਂ ਬਲੈਕ ਫੰਗਸ ਬਿਮਾਰੀ ਨਾਲ ਅਸਰਦਾਰ ਢੰਗ ਨਾਲ ਨਿਪਟਣ ਲਈ 100 ਐਂਫੋਟੈਰੀਸਿਨ ਟੀਕਿਆਂ ਦੀ ਮੰਗ
- ਕਿਹਾ, ਜ਼ਿਲ੍ਹੇ ’ਚ ਕੋਰੋਨਾ ਦੇ ਘੱਟ ਰਹੇ ਕੇਸਾਂ ਦੇ ਮੱਦੇ ਨਜ਼ਰ 2000 ਤੋਂ ਜ਼ਿਆਦਾ ਬੈਡ ਅਤੇ 7 ਦਿਨਾਂ ਦਾ ਆਕਸੀਜਨ ਸਟਾਕ ਮੌਜੂਦ
ਜਲੰਧਰ 22 ਮਈ 2021- ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਵਲੋਂ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੀਤੀ ਜਾ ਰਹੀ ਵਰਚੂਅਲ ਮੀਟਿੰਗ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਘੱਟ ਰਹੇ ਕੇਸਾਂ ਦੌਰਾਨ ਜ਼ਿਲ੍ਹਾ ਜਲੰਧਰ ਵਿੱਚ ਵੀ ਕੋਵਿਡ ਦੇ ਕੇਸਾਂ ਵਿੱਚ ਕਮੀ ਦੇਖੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ ਭਰ ਵਿੱਚ ਬਲੈਕ ਫੰਗਸ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਬਿਮਾਰੀ ਦਾ ਅਸਰਦਾਰ ਢੰਗ ਨਾਲ ਟਾਕਰਾ ਕਰਨ ਲਈ 100 ਐਮਫੋਟੈਰੀਸਿਨ ਟੀਕਿਆਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਵਿੱਚ ਸਾਰੀ ਸਥਿਤੀ ’ਤੇ ਬਾਰੀਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਰੋਜ਼ਾਨਾ ਸਬੰਧਿਤ ਵਿਭਾਗਾਂ ਤੋਂ ਰਿਪੋਰਟਾਂ ਲਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਲੈਵਲ-2 ਅਤੇ ਲੈਵਲ-3 ਦੇੇ 2010 ਬੈਡਾਂ ਤੋਂ ਇਲਾਵਾ ਸੱਤ ਦਿਨਾਂ ਤੱਕ ਲੋੜੀਂਦੀ ਮਾਤਰਾ ਵਿੱਚ ਆਕਸੀਜਨ ਦਾ ਸਟਾਕ ਉਪਲਬੱਧ ਹੈ। ਉਨ੍ਹਾਂ ਕਿਹਾ ਕਿ ਬੈਡਾਂ ਅਤੇ ਆਕਸੀਜਨ ਦੀ ਰੋਜ਼ਾਨਾ ਮੰਗ ਘੱਟ ਰਹੀ ਹੈ, ਜੋ ਕਿ ਇਕ ਸਾਰਥਕ ਸੰਕੇਤ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਪ੍ਰਤੀ ਜਾਣੂੰ ਕਰਵਾਉਣ ਤੋਂ ਇਲਾਵਾ ਹੁਣ ਬਲੈਕ ਫੰਗਸ ਬਿਮਾਰੀ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਦਾ ਕੋਵਿਡ ਦੀ ਦੂਜੀ ਲਹਿਰ ਦਾ ਅਸਰਦਾਰ ਢੰਗ ਨਾਲ ਟਾਕਰਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਵਾਇਰਸ ਪ੍ਰਤੀ ਅਵੇਸਲਾ ਨਾ ਹੋਇਆ ਜਾਵੇ ਕਿਉਂਕਿ ਸਾਡੇ ਵਲੋਂ ਕੀਤੀ ਗਈ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਦੀ ਭਾਰੀ ਕੀਮਤ ਅਦਾ ਕਰਨੀ ਪੈ ਸਕਦੀ ਹੈ।