ਪਿੰਡਾਂ ਵਿਚ ਜੰਗੀ ਪੱਧਰ ’ਤੇ ਚੱਲ ਰਿਹੈ ਸੈਂਮਪਲਿੰਗ ਅਤੇ ਸਰਵੇ ਦਾ ਕੰਮ : ਡਾ. ਆਦਰਸ਼ਪਾਲ ਕੌਰ
ਹਰਜਿੰਦਰ ਸਿੰਘ ਭੱਟੀ
- ਸਿਵਲ ਸਰਜਨ ਨੇ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਲਈ ਲੋਕਾਂ ਕੋਲੋਂ ਮੰਗਿਆ ਸਹਿਯੋਗ
ਐਸ.ਏ.ਐਸ. ਨਗਰ 23 ਮਈ 2021 - ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਫ਼ਤਿਹ’ 2 ਮੁਹਿੰਮ ਤਹਿਤ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਕੋਵਿਡ ਸੈਂਮਪਲਿੰਗ ਅਤੇ ਸਰਵੇਖਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ ਤਿੰਨੇ ਸਿਹਤ ਬਲਾਕਾਂ-ਡੇਰਾਬੱਸੀ, ਬੂਥਗੜ੍ਹ ਅਤੇ ਘੜੂੰਆਂ ਦੇ ਪਿੰਡਾਂ ਵਿਚ 21 ਮਈ ਤੋਂ ਸੈਂਪÇਲੰਗ ਅਤੇ ਸਰਵੇਖਣ ਦਾ ਕੰਮ ਚੱਲ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਰੋਜ਼ਾਨਾ ਕੋਵਿਡ ਸੈਂਮਪਲਿੰਗ ਕੈਂਪ ਲਾਏ ਜਾ ਰਹੇ ਹਨ।
ਸੀਨੀਅਰ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਹੇਠ ਕਮਿਊਨਿਟੀ ਹੈਲਥ ਅਫ਼ਸਰ, ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਵਰਕਰ ਜਿਥੇ ਪਿੰਡਾਂ ਦੇ ਸਰਪੰਚਾਂ ਅਤੇ ਵਸਨੀਕਾਂ ਨੂੰ ਮਿਲ ਕੇ ਉਨ੍ਹਾਂ ਨੂੰ ਸੈਂਮਪਲਿੰਗ ਲਈ ਪ੍ਰੇਰਿਤ ਕਰ ਰਹੇ ਹਨ, ਉਥੇ ਪਿੰਡਾਂ ਵਿਚ ਘਰ-ਘਰ ਜਾ ਕੇ ਕੀਤੇ ਜਾ ਰਹੇ ਸਰਵੇਖਣ ਰਾਹੀਂ ਪਤਾ ਲਾਇਆ ਜਾ ਰਿਹਾ ਕਿ ਘਰ ਦਾ ਕੋਈ ਜੀਅ ਖੰਘ, ਜ਼ੁਕਾਮ, ਬੁਖ਼ਾਰ ਆਦਿ ਤੋਂ ਪੀੜਤ ਤਾਂ ਨਹੀਂ ਅਤੇ ਜੇ ਅਜਿਹੇ ਲੱਛਣ ਮਿਲਦੇ ਹਨ ਤਾਂ ਉਨ੍ਹਾਂ ਦਾ ਟੈਸਟ ਕੀਤਾ ਜਾ ਰਿਹਾ ਹੈ। ਸਿਵਲ ਸਰਜਨ ਨੇ ਆਖਿਆ ਕਿ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀਆਂ ਟੀਮਾਂ ਵੀ ਲੋਕਾਂ ਨੂੰ ਜਾਗਰੂਕ ਕਰਨ ’ਚ ਅਹਿਮ ਰੋਲ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਹੁਤੀ ਥਾਈਂ ਪਿੰਡਾਂ ਦੇ ਲੋਕ ਖ਼ੁਦ ਸੈਮਪਲਿੰਗ ਲਈ ਅੱਗੇ ਆ ਰਹੇ ਹਨ ਅਤੇ ਪਿੰਡਾਂ ਵਿਚ ਕੈਂਪ ਲਗਵਾਉਣ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ, ਜੋ ਚੰਗਾ ਸੰਕੇਤ ਹੈ।
ਉਨ੍ਹਾਂ ਦਸਿਆ ਕਿ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਨ ਲਈ ਇਹ ਸਰਵੇਖਣ ਅਗਲੇ ਕੁਝ ਦਿਨਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਸਿਹਤ ਟੀਮਾਂ ਘਰੇਲੂ ਇਕਾਂਤਵਾਸ ਹੋਏ ਮਰੀਜ਼ਾਂ ਦੀ ਨਿਗਰਾਨੀ ਕਰ ਰਹੀਆਂ ਹਨ, ਉਥੇ ਮਰੀਜ਼ਾਂ ਨੂੰ ਕੋਰੋਨਾ ਫ਼ਤਿਹ ਕਿੱਟਾਂ ਵੀ ਲਗਾਤਾਰ ਮੁਹਈਆ ਕਰਵਾਈਆਂ ਜਾ ਰਹੀਆਂ ਹਨ।
ਡਾ. ਆਦਰਸ਼ਪਾਲ ਕੌਰ ਨੇ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਦਾ ਟੀਚਾ ਪਿੰਡਾਂ ਨੂੰ ਕੋਵਿਡ-ਮੁਕਤ ਬਣਾਉਣਾ ਹੈ ਤੇ ਇਸ ਮੰਤਵ ਦੀ ਪੂਰਤੀ ਲਈ ਪਿੰਡਾਂ ਦੇ ਲੋਕਾਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਟੈਸਟ ਕਰਾਉਣਾ ਬਹੁਤ ਜ਼ਰੂਰੀ ਹੈ ਤਾਕਿ ਸਮੇਂ ਸਿਰ ਬੀਮਾਰੀ ਦੀ ਲਾਗ ਦਾ ਪਤਾ ਲੱਗ ਸਕੇ। ਉਨ੍ਹਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਸ ਮਹਾਂਮਾਰੀ ਤੋਂ ਬਚਾਅ ਲਈ ਇਕ ਦੂਜੇ ਤੋਂ ਦੂਰੀ ਰੱਖਣ, ਵਾਰ ਵਾਰ ਹੱਥ ਧੋਣ ਅਤੇ ਮਾਸਕ ਨਾਲ ਹਰ ਸਮੇਂ ਮੂੰਹ ਢੱਕ ਕੇ ਰੱਖਣ ਜਿਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਲੋੜ ਤੋਂ ਘਰੋਂ ਬਾਹਰ ਨਾ ਨਿਕਲਿਆ ਜਾਵੇ। ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਜਾਣ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾਵੇ।