ਕਾਲੀਆਂ ਪੱਗਾਂ ਅਤੇ ਚੁੰਨੀਆਂ ਨਾਲ ਸ਼ਮੂਲੀਅਤ ਦਾ ਸੱਦਾ
ਅਸ਼ੋਕ ਵਰਮਾ
ਚੰਡੀਗੜ੍ਹ, 24 ਮਈ 2021: ਦੇਸ਼ ਵਿਆਪੀ ਕਿਸਾਨ-ਅੰਦੋਲਨ ਦੇ 6 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ-ਸਰਕਾਰ ਖ਼ਿਲਾਫ਼ ਵਿਰੋਧ ਜਤਾਉਣ ਲਈ 26 ਮਈ ਨੂੰ ‘ਕਾਲਾ-ਦਿਵਸ’ ਮਨਾਉਣ ਲਈ ਦਿੱਤੇ ਸੱਦੇ ਸਬੰਧੀ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਨੇ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜਥੇਬੰਦੀਆਂ ਨੇ ਕਿਸਾਨਾਂ, ਮਜ਼ਦੂਰਾਂ,ਨੌਜਵਾਨਾਂ, ਵਿਦਿਆਰਥੀਆਂ, ਮੁਲਾਜ਼ਮਾਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਸਪੋਰਟਰਾਂ, ਵਪਾਰੀਆਂ ਅਤੇ ਦੁਕਾਨਦਾਰਾਂ ਸਮੇਤ ਹਰ ਵਰਗ ਨੂੰ ਇਸ ਇਤਿਹਾਸਕ ਦਿਨ ਮੌਕੇ ਆਪਣਾ ਰੋਸ ਪ੍ਰਗਟਾਉਣ ਦੀ ਅਪੀਲ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਕਾਲੀਆਂ ਪੱਗਾਂ ਅਤੇ ਕਾਲ਼ੀਆਂ ਚੁੰਨੀਆਂ ਨਾਲ ਪੱਕੇ-ਧਰਨਿਆਂ ‘ਚ ਸ਼ਮੂਲੀਅਤ ਕਰਨ ਅਤੇ ਚੌਂਕਾਂ ‘ਚ ਵੀ ਨਾਅਰਿਆਂ ਵਾਲੇ ਫਲੈਕਸ ਲੈ ਕੇ ਪ੍ਰਦਰਸ਼ਨ ਕਰਨ ਲਈ ਆਖਿਆ ਹੈ।
ਉਹਨਾਂ ਕਿਹਾ ਕਿ ਘਰਾਂ, ਦੁਕਾਨਾਂ, ਦਫਤਰਾਂ, ਟਰੈਕਟਰਾਂ, ਕਾਰਾਂ, ਜੀਪਾਂ, ਸਕੂਟਰਾਂ ਮੋਟਰਸਾਇਕਲਾਂ, ਬੱਸਾਂ, ਟਰੱਕਾਂ ਉਪਰ ਕਾਲੇ ਝੰਡੇ ਲਾ ਕੇ ਤਿੰਨਾਂ ਖੇਤੀ ਕਾਨੂੰਨਾਂ, ਬਿਜ਼ਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਦੀ ਜੋਰਦਾਰ ਵਿਰੋਧ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਜਥੇਬੰਦੀ ਦੀ ਅਗਵਾਈ ’ਚ ਪੰਜਾਬ ਵਿੱਚੋਂ ਨੌਜਵਾਨਾਂ ਅਤੇ ਕਿਸਾਨਾਂ ਦੇ ਕਾਫ਼ਲਿਆਂ ਦਾ ਦਿੱਲੀ ਲਈ ਕੂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੀ ਖਰਾਬੀ ਦੇ ਬਾਵਜੂਦ ਦਿੱਲੀ ਗਏ ਕਿਸਾਨਾਂ ਦੇ ਹੌਸਲੇ ਤੇ ਜਜਬਾ ਪੂਰੀ ਤਰ੍ਹਾਂ ਕਾਇਮ ਅਤੇ ਚੜ੍ਹਦੀ ਕਲਾ ’ਚ ਹਨ।
ਓਧਰ ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਲ ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ ਪੱਕੇ-ਧਰਨਿਆਂ ਦੇ 236ਵੇਂ ਦਿਨ ਆਜ਼ਾਦੀ ਲਈ ਜਾਨ ਕੁੁੁਰਬਾਨ ਕਰਨ ਵਾਲੇ ਗ਼ਦਰ ਪਾਰਟੀ ਦੇ ਨੌਜਵਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਜਨਮ ਦਿਹਾੜੇ ਮੌਕੇ ਯਾਦ ਕੀਤਾ ਗਿਆ। ਕਿਸਾਨ-ਆਗੂਆਂ ਨੇ ਕਿਹਾ ਕਿ ਸ਼ਹੀਦ ਸਰਾਭਾ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸ੍ਰੋਤ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਨੇ ਨਵੀਂ ਮਿਸਾਲ ਕਾਇਮ ਕਰ ਦਿੱਤੀ ਹੈ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ਉੱਤੇ ਜੁਲਮ ਕਰ ਕੇ ਉਨ੍ਹਾਂ ਦੇ ਹੱਕ ਮਾਰਨ ਵਾਲੀ ਕੁੱਲ ਆਲਮ ਦੀ ਪਹਿਲੀ ਸਰਕਾਰ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਕਿਸਾਨਾਂ ਦੇ ਨਾਲ ਹੋਰ ਸਾਰੇ ਕਿਰਤੀ ਲੋਕਾਂ ਨੂੰ ਦੋ ਡੰਗ ਦੀ ਰੋਟੀ ਖਾਣ ਤੋਂ ਵੀ ਸੱਖਣਾ ਕਰ ਦਿੱਤਾ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਜ਼ਰੂਰੀ ਵਸਤਾਂ ਸੋਧ ਬਿੱਲ ਆਉਣ ਦੇ ਨਾਲ ਜ਼ਖੀਰੇਬਾਜ਼ੀ ਵਧੇਗੀ ਅਤੇ ਸਾਰਾ ਅੰਨ ਭੰਡਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿਚ ਚਲਾ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਕਿਸਾਨ ਸੰਘਰਸ਼ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਅਤੇ ਬਿਜਲੀ ਸੋਧ ਕਾਨੂੰਨ ਨੂੰ ਰੱਦ ਕਰਵਾਉਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਮੋਰਚੇ ਦੇ ਬਾਵਜੂਦ ਇੱਥੇ ਵੀ ਸੰਘਰਸ਼ ਦੇ ਅਖਾੜੇ ਮਘਦੇ ਰਹਿਣਗੇ। ਕਿਸਾਨ ਆਗੂਆਂ ਨੇ ਇੰਨ੍ਹਾਂ ਪੱਕੇ ਮੋਰਚਿਆਂ ’ਚ 26 ਮਈ ਨੂੰ ਪੂਰੀ ਤਨਦੇਹੀ ਨਾਲ ਸ਼ਾਮਲ ਹੋਣ ਦਾ ਅਹਿਦ ਲੈਂਦਿਆਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਮੂਹ ਪੰਜਾਬੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ ਹੈ।