ਕਾਰਪੋਰੇਟ ਕੰਪਨੀਆਂ ਨਾਲ ਸਹਿਮਤ ਹਨ ਸਿਆਸੀ ਪਾਰਟੀਆਂ- ਮੋਠੂ ਸਿੰਘ ਕੋਟੜਾ
ਅਸ਼ੋਕ ਵਰਮਾ
ਨਵੀਂ ਦਿੱਲੀ, 25 ਮਈ 2021 - ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਮੋਰਚਾ ਅੱਜ 181ਵੇਂ ਦਿਨ ਵਿੱਚ ਪਹੁੰਚ ਗਿਆ ਹੈ। ਟਿਕਰੀ ਬਾਰਡਰ 'ਤੇ ਪਕੌੜਾ ਚੌਕ ਲਾਗੇ ਗ਼ਦਰੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਲਕੇ 26 ਮਈ ਨੂੰ ਕਾਲਾ ਦਿਵਸ ਪੂਰੇ ਭਾਰਤ ਵਿੱਚ ਮਨਾਇਆ ਜਾਣਾ ਹੈ ਉਸ ਸਮੇਂ ਜਥੇਬੰਦੀ ਵੱਲੋਂ ਇਸ ਸਟੇਜ ਤੋਂ ਮੁਜ਼ਾਹਰਾ ਲੈ ਕੇ ਪਕੌੜਾ ਚੌਕ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਸਾਮਰਾਜੀ ਗੱਠਜੋੜ ਦੀ ਅਰਥੀ ਸਾੜੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਤੇ ਵਹੀਕਲਾਂ ਉੱਤੇ ਰੋਸ ਵਜੋਂ ਕਾਲੇ ਝੰਡੇ ਲਗਾਏ ਜਾਣਗੇ ਤੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਹਰਿਆਣੇ ਦੇ ਪਿੰਡਾਂ ਵਿੱਚ ਨੌਜਵਾਨਾਂ ਵੱਲੋਂ ਮੋਟਰਸਾਈਕਲ 'ਤੇ ਕਾਲੀਆਂ ਝੰਡੀਆਂ ਲਗਾ ਕੇ ਮਾਰਚ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਕਿਸਾਨਾਂ ਸਿਰ ਤਾਂ ਦੂਹਰੀ ਜ਼ਿੰਮੇਵਾਰੀ ਪੈ ਗਈ ਹੈ। ਕਿਉਂਕਿ ਕਾਲੇ ਕਾਨੂੰਨਾਂ ਦੇ ਵਿਰੁੱਧ ਤਾਂ ਪਹਿਲਾਂ ਹੀ ਸੰਘਰਸ਼ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਬੀਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਦੇ ਖ਼ਿਲਾਫ਼ ਜਿਵੇਂ ਦਵਾਈਆਂ, ਡਾਕਟਰਾਂ, ਵੇਂਟੀਲੇਟਰਾਂ ਅਤੇ ਆਕਸੀਜਨ ਦੀ ਘਾਟ ਨੂੰ ਲੈ ਕੇ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਵੀ ਤਿੰਨ ਦਿਨ ਲਗਾਤਾਰ 28 ਤੋਂ 30 ਮਈ ਤੱਕ ਦਿਨ ਰਾਤ ਦਾ ਧਰਨਾ ਲਗਾਇਆ ਜਾ ਰਿਹਾ ਹੈ।
ਜ਼ਿਲ੍ਹਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਪਟਿਆਲਾ ਅਤੇ ਦਿੱਲੀ ਮੋਰਚੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਕਰਵਾਉਣ ਵਾਸਤੇ ਪੰਜਾਬ ਦੇ ਪਿੰਡਾਂ ਵਿੱਚ ਰੈਲੀਆਂ ਅਤੇ ਮੀਟਿੰਗਾਂ ਰਾਹੀਂ ਸਰਗਰਮੀ ਤੇਜ਼ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਵੋਟ ਬਟੋਰੂ ਸਿਆਸੀ ਪਾਰਟੀਆਂ ਸੰਯੁਕਤ ਮੋਰਚੇ ਵੱਲੋਂ 26 ਮਈ ਨੂੰ ਕਾਲੇ ਕਾਨੂੰਨਾਂ ਖਿਲਾਫ ਦਿੱਤੇ ਸੱਦੇ ਨੂੰ ਲੈ ਕੇ ਕਾਲੇ ਦਿਵਸ ਮਨਾ ਕੇ ਲੋਕਾਂ ਵਿੱਚ ਭੁਲੇਖੇ ਖੜ੍ਹੇ ਕਰ ਰਹੀਆਂ ਹਨ ਕਿ ਅਸੀਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਾਂ। ਪਰ ਉਨ੍ਹਾਂ ਦਾ ਮਕਸਦ 2022 ਦੀਆਂ ਚੋਣਾਂ ਲਈ ਰਾਹ ਪੱਧਰਾ ਕਰਨਾ ਹੈ।ਇਹ ਵੋਟ ਬਟੋਰੂ ਸਾਰੀਆਂ ਸਿਆਸੀ ਪਾਰਟੀਆਂ ਸਾਮਰਾਜੀ ਕਾਰਪੋਰੇਟ ਕੰਪਨੀਆਂ ਦੀਆਂ ਨੀਤੀਆਂ ਨਾਲ ਸਹਿਮਤ ਹਨ।
ਅੱਜ ਦੀ ਸਟੇਜ ਤੋਂ ਸ਼ਹੀਦ ਭਗਤ ਸਿੰਘ ਕਲਾ ਮੰਚ ਚੜਿੱਕ ਜ਼ਿਲ੍ਹਾ ਮੋਗਾ ਦੀ ਨਿਰਦੇਸ਼ਨਾ ਹੇਠ ਨਾਟਕ " " ਲੀਰਾਂ " ਖੇਡਿਆ ਗਿਆ। ਬਿੱਟੂ ਮੱਲਣ ਅਤੇ ਸੁਖਵੰਤ ਸਿੰਘ ਵਲਟੋਹਾ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ।
ਅੱਜ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਹਕੂਮਤ ਵੱਲੋਂ ਮਿਹਨਤੀ ਲੋਕਾਂ ਤੇ ਤਸ਼ੱਦਦ ਕੀਤਾ ਜਾ ਰਿਹਾ ਹੈ । ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦਿਆਂ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕੀ ਉਸ ਦੀ ਛੋਟੀ ਉਮਰ ਵਿੱਚ ਹੀ ਉਸਦੇ ਮਾਤਾ ਪਿਤਾ ਦੀ ਮੌਤ ਹੋ ਗਈ ਸੀ ਜਿਸ ਪਿੱਛੋਂ ਸਰਾਭਾ ਦਾ ਪਾਲਣ ਪੋਸ਼ਣ ਉਸ ਦੇ ਦਾਦਾ ਨੇ ਕੀਤਾ । ਉਨ੍ਹਾਂ ਦੱਸਿਆ ਕਿ 16 ਸਾਲ ਦੀ ਉਮਰ ਵਿੱਚ ਉਹ ਅਮਰੀਕਾ ਵਿਖੇ ਇੰਜਨੀਅਰਿੰਗ ਦੀ ਪੜ੍ਹਾਈ ਕਰਨ ਲਈ ਚਲਾ ਗਿਆ ਉੱਥੇ ਭਾਰਤੀਆਂ ਨਾਲ ਹੁੰਦੇ ਵਿਤਕਰਿਆਂ ਕਾਰਨ ਉਸ ਨੇ ਅੰਗਰੇਜ਼ਾਂ ਤੋਂ ਭਾਰਤ ਨੂੰ ਆਜ਼ਾਦ ਕਰਾਉਣ ਲਈ ਗਦਰ ਪਾਰਟੀ ਵਿੱਚ ਕੰਮ ਕੀਤਾ ਅਤੇ ਫਿਰ ਭਾਰਤ ਆ ਕੇ ਫ਼ੌਜੀ ਛਾਉਣੀਆਂ ਵਿੱਚ ਫੌਜੀਆਂ ਨੂੰ ਅੰਗਰੇਜ਼ਾਂ ਖ਼ਿਲਾਫ਼ ਬਗਾਵਤ ਕਰਨ ਲਈ ਉਨ੍ਹਾਂ ਨੂੰ ਪ੍ਰੇਰਿਆ । ਸ੍ਰੀ ਮਾਨ ਨੇ ਕਿਹਾ ਕਿ ਸਰਾਭਾ ਲੁੱਟ ਰਹਿਤ ਸਮਾਜ ਚਾਹੁੰਦਾ ਸੀ ਜਿਸ ਦੇ ਸੁਪਨੇ ਅੱਜ ਵੀ ਅਧੂਰੇ ਹਨ ।
ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਕਿਹਾ ਕਿ ਸਰਕਾਰ ਨੇ ਕਾਲੇ ਕਾਨੂੰਨ ਚੋਰ ਗੁਲਾਮੀ ਨੂੰ ਅੱਗੇ ਵਧਾਉਂਦੇ ਹੋਏ ਬਣਾਏ ਹਨ ।ਉਨ੍ਹਾਂ ਸਾਡੇ ਮਹਾਨ ਯੋਧੇ ਕਰਤਾਰ ਸਿੰਘ ਸਰਾਭਾ ਨੂੰ ਯਾਦ ਕਰਦੇ ਹੋਏ ਦੱਸਿਆ ਕਿ ਉਸ ਸਮੇਂ ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾ ਰਹੇ ਸਨ ਰੁਜ਼ਗਾਰ ਦੀ ਵੱਡੀ ਘਾਟ ਸੀ ਧੀਆਂ ਭੈਣਾਂ ਤੇ ਤਸ਼ੱਦਦ ਹੋ ਰਿਹਾ ਸੀ । ਉਨ੍ਹਾਂ ਕਿਹਾ ਕਿ ਅੱਜ ਵੀ ਹਾਲਾਤ ਇਹੋ ਜਿਹੇ ਹਨ ਕਿ ਦੇਸ਼ ਵਿੱਚ ਰੁਜ਼ਗਾਰ ਨਾ ਮਿਲਣ ਕਰਕੇ ਨੌਜਵਾਨਾਂ ਦਾ ਵੱਡਾ ਹਿੱਸਾ ਵਿਦੇਸ਼ ਵੱਲ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੁਜ਼ਗਾਰ ਨਾ ਮਿਲਣ ਕਰਕੇ ਨੌਜਵਾਨ ਨਿਰਾਸ਼ਾ ਵਿੱਚ ਡੁੱਬੇ ਹੋਏ ਹਨ ਜੋ ਜਾਂ ਤਾਂ ਨਸ਼ਿਆਂ ਦਾ ਸਹਾਰਾ ਲੈਂਦੇ ਹਨ ਜਾਂ ਵੋਟ ਪਾਰਟੀਆਂ ਦੇ ਧੱਕੇ ਚੜ੍ਹ ਕੇ ਗੈਂਗਸਟਰਾਂ ਵਿੱਚ ਸ਼ਾਮਲ ਹੋ ਜਾਂਦੇ ਹਨ । ਉਨ੍ਹਾਂ ਨੌਜਵਾਨਾਂ ਸਮੇਤ ਸਮੂਹ ਕਿਰਤੀ ਲੋਕਾਂ ਨੂੰ ਅਪੀਲ ਕੀਤੀ ਕਿ ਉਹਆਪਣੇ ਹੱਕਾਂ ਲਈ ਸੰਘਰਸ਼ ਲਈ ਅੱਗੇ ਆਉਣ । ਇਸ ਮੌਕੇ ਤੀਰਥ ਸਿੰਘ ਚੜਿੱਕ ਮੋਗਾ ਦੀ ਟੀਮ ਨੇ ਗੀਤ ਗਾ ਕੇ ਲੋਕਾਂ ਦੇ ਹੌਂਸਲੇ ਬੁਲੰਦ ਕੀਤੇ ।