ਹੁਸ਼ਿਆਰਪੁਰ: ਡੀ ਸੀ ਨੇ ਸੋਲਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਸੋਸਾਇਟੀ ਨੂੰ ਸਹਾਇਤਾ ਦੇਣ ਦੇ ਲਈ ਕੀਤਾ ਸਨਮਾਨਿਤ
ਹੁਸ਼ਿਆਰਪੁਰ, 26 ਮਈ 2021 ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅਪਨੀਤ ਰਿਆਤ ਨੇ ਸੋਨਾਲੀਕਾ ਇੰਟਰਨੈਸ਼ਨਲ ਟਰੈਕਟਰਜ਼ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਸੋਸਾਇਟੀ ਵਲੋਂ ਸਮਾਜ ਭਲਾਈ ਸਕੀਮਾਂ ਦੇ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਲਗਾਤਾਰ ਸਹਿਯੋਗ ਦੇਣ ਦੇ ਲਈ ਸਨਮਾਨਿਤ ਕੀਤਾ। ਸੋਨਾਲੀਕਾ ਦੇ ਡਾਇਰੈਕਟਰ ਡਿਵੈਲਪਮੈਂਟ ਅਤੇ ਕਮਰਸ਼ਿਅਲ ਅਕਸ਼ੇ ਸਾਂਗਵਨ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਨੂੰ ਕਿਹਾ ਕਿ ਸੋਨਾਲੀਕਾ ਵਲੋਂ ਸ਼ਹਿਰ ਦੀ ਸੁੰਦਰਤਾ, ਵਿਕਾਸ ਅਤੇ ਵਾਤਾਵਰਣ ਸੰਭਾਲ ਨੂੰ ਲੈ ਕੇ ਕੀਤੇ ਜਾ ਰਹੇ ਕੰਮਾਂ ਵਿੱਚ ਬਹੁਤ ਯੋਗਦਾਨ ਦਿੱਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਨਾਲੀਕਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਰੈਡ ਕਰਾਸ ਸੋਸਾਇਟੀ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਜਿਸ ਵਿੱਚ ਦਿਵਆਂਗ ਵਿਅਕਤੀਆਂ ਨੂੰ ਮੋਟੋਰਾਈਜਡ ਟਰਾਈਸਾਈਕਲ ਦੀ ਸਹਾਇਤਾ ਦੇਣ, ਅੱਗ ਲੱਗਣ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ, ਰਾਮ ਕਲੋਨੀ ਕੈਂਪ ਵਿੱਚ ਓਲਡਏਜ਼ ਹੋਮ ਅਤੇ ਚਿਲਡਰਨ ਹੋਮ ਦੀ ਇਮਾਰਤ ਦੀ ਰਿਪੇਅਰਿੰਗ ਤੋਂ ਇਲਾਵਾ ਹੋਰ ਕਈ ਗਤੀਵਿਧੀਆਂ ਵਿੱਚ ਸਹਿਯੋਗ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕੋਵਿਡ-19 ਮਹਾਂਮਾਰੀ ਵਿੱਚ ਬਣੇ ਹਾਲਾਤਾਂ ਨਾਲ ਨਜਿੱਠਣ ਦੇ ਲਈ ਵੀ ਸੋਨਾਲੀਕਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਕਰ ਰਹੀ ਹੈ।
ਸਕੱਤਰ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਨਰੇਸ਼ ਗੁਪਤਾ ਨੇ ਕਿਹਾ ਕਿ ਸੋਸਾਇਟੀ ਦੇ ਲਈ ਮਾਣ ਦੀ ਗੱਲ ਹੈ ਕਿ ਸੋਨਾਲੀਕਾ ਦੇ ਵਾਈਸ ਚੇਅਰਮੈਨ ਅਮ੍ਰਿਤ ਸਾਗਰ ਮਿੱਤਲ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਪੈਟਰਨ ਮੈਂਬਰ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਰੈਡ ਕਰਾਸ ਸੋਸਾਇਟੀ ਵਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆ ਨਾਲ ਜੁੜਨ ਅਤੇ ਵੱਧ ਤੋਂ ਵੱਧ ਸਹਿਯੋਗ ਕਰਨ।