ਹੁਸ਼ਿਆਰਪੁਰ: ਜ਼ਿਲ੍ਹਾ ਕੋਰਟ ਕੰਪਲੈਕਸ, ਕੇਂਦਰੀ ਜੇਲ੍ਹ ਤੋਂ ਇਲਾਵਾ ਹੋਰ ਕਈ ਥਾਵਾਂ ਨੂੰ ਕਰਵਾਇਆ ਗਿਆ ਸੈਨੇਟਾਈਜ਼ਰ
ਹੁਸ਼ਿਆਰਪੁਰ, 27 ਮਈ 2021 - ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਜ਼ਿਲ੍ਹਾ ਕੋਰਟ ਕੰਪਲੈਸ ਹੁਸ਼ਿਆਰਪੁਰ, ਕੇਂਦਰੀ ਜੇਲ੍ਹ, ਓਲਡ ਏਜ ਹੋਮ, ਜੁਵੇਨਾਈਲ ਹੋਮ, ਚਿਲਡਰਨ ਹੋਮ ਅਤੇ ਅਬਜ਼ਰਵੇਸ਼ਨ ਹੋਮ ਨੂੰ ਸੈਨੇਟਾਈਜ਼ਡ ਕੀਤਾ ਗਿਆ। ਉਨ੍ਹਾਂ ਕਿਹਾਾ ਕਿ ਵਰਲਡ ਵਾਈਡ ਸਕੋਪ ਸੋਸਾਇਟੀ ਵਲੋਂ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਦੇ ਲਈ ਇਹ ਯਤਨ ਕੀਤਾ ਗਿਆ ਹੈ ਤਾਂ ਜੋ ਉਕਤ ਦਫਤਰਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਅਤੇ ਕੰਮ ਤੋਂ ਆਉਣ ਵਾਲੇ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਇਆ ਜਾ ਸਕੇ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੋਰ ਕੋਵਿਡ ਸਵਾਸਥ ਪ੍ਰੋਟੋਕੋਲ ਦੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।