ਪੇਂਡੂ ਖੇਤਰਾਂ ਵਿਚ ਹਰ ਰੋਗ ਸੂਚਕ ਤੇ ਸਹਿ ਰੋਗ ਪੀੜਤ ਵਿਅਕਤੀ ਦੀ ਕੀਤੀ ਜਾਵੇ ਸੈਂਪਲਿੰਗ : ਅਦਿੱਤਿਆ ਉੱਪਲ
- ਕੋਵਿਡ ਪਾਜੇਟਿਵ ਗਰਭਵਤੀ ਔਰਤਾਂ ਦਾ ਸੁਰੱਖਿਅਤ ਜਣੇਪਾ ਯਕੀਨੀ ਬਣਾਇਆ ਜਾਵੇ : ਵਧੀਕ ਡਿਪਟੀ ਕਮਿਸ਼ਨਰ
- ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਾਪਤੀਆਂ ਗਿਣਵਾਈਆਂ
- ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਆਯੋਜਿਤ
ਨਵਾਂਸ਼ਹਿਰ, 28 ਮਈ 2021 - ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਜ਼ਿਲ੍ਹੇ ਵਿਚ ਕੋਵਿਡ-19 ਦੀ ਮੌਜੂਦਾ ਸਥਿਤੀ ਸਮੇਤ ਕੌਮੀ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਆਯੋਜਿਤ ਕੀਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਮੀਟਿੰਗ ਦਾ ਏਜੰਡਾ ਪੜ੍ਹਿਆ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਦੀਆਂ ਪ੍ਰਾਪਤੀਆਂ ਗਿਣਵਾਈਆਂ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ ਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਕੋਵਿਡ-19 ਸਮੇਤ ਸਾਰੇ ਕੌਮੀ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਨੂੰ ਸਮੇਂ ਸਿਰ ਪੂਰੇ ਕਰਨ ਲਈ ਹਦਾਇਤ ਵੀ ਕੀਤੀ। ਉਨ੍ਹਾਂ ਸਭ ਤੋਂ ਪਹਿਲਾਂ ਮਿਸ਼ਨ ਫਤਹਿ-2 ਤਹਿਤ ਆਸ਼ਾ ਵਰਕਰਾਂ ਵੱਲੋਂ ਕੀਤੇ ਜਾ ਰਹੇ ਘਰ-ਘਰ ਸਰਵੇਖਣ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ। ਉਨ੍ਹਾਂ ਮੀਟਿੰਗ ਵਿਚ ਜ਼ਿਲ੍ਹਾ ਨੋਡਲ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਘਰ ਸਰਵੇਖਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ ਅਤੇ ਹਰ ਸਹਿ ਰੋਗ ਪੀੜਤ ਵਿਅਕਤੀ ਅਤੇ ਰੋਗ ਸੂਚਕ ਵਿਅਕਤੀ ਦੀ ਸੈਂਪਲੰਿਗ ਕਰਵਾਉਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸਰਵੇਖਣ ਦੌਰਾਨ ਕੁੱਲ ਆਬਾਦੀ ਦੇ ਇਕ ਫੀਸਦੀ ਦੇ ਬਰਾਬਰ ਰੋਗ ਸੂਚਕ ਵਿਅਕਤੀ ਨਿਕਲਣੇ ਚਾਹੀਦੇ ਹਨ, ਜਿਨ੍ਹਾਂ ਦਾ ਹਰ ਹਾਲ ਵਿਚ ਆਰ.ਏ.ਟੀ. ਟੈਸਟ ਕੀਤਾ ਜਾਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਰੋਗ ਸੂਚਕ ਵਿਅਕਤੀ ਦਾ ਆਰ.ਏ.ਟੀ. ਟੈਸਟ ਨੈਗਟਿਵ ਆਉਂਦਾ ਹੈ ਤਾਂ ਨਤੀਜੇ ਦੀ ਪੁਸ਼ਟੀ ਲਈ ਉਸ ਦਾ ਆਰ.ਟੀ.ਪੀ.ਸੀ.ਆਰ. ਟੈਸਟ ਕਰ ਲਿਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਇਸ ਉੱਤੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਨੇ ਮਿਸ਼ਨ ਫਤਹਿ-2 ਦੀ ਪ੍ਰਗਤੀ ਰਿਪੋਰਟ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਉਂਦੇ ਹੋਏ ਦੱਸਿਆ ਕਿ ਪਿੰਡਾਂ ਵਿੱਚ ਰਹਿਣ ਵਾਲੇ ਸਹਿ ਰੋਗ ਪੀੜਤ ਵਿਅਕਤੀਆਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਜਾਂਚ ਕਰਨ ਦੇ ਉਦੇਸ਼ ਨਾਲ ਮਿਸ਼ਨ ਫ਼ਤਿਹ 2.0 ਦੇ ਪਹਿਲੇ ਇਕ ਹਫਤੇ ਦੌਰਾਨ, ਆਸ਼ਾ ਵਰਕਰਾਂ ਵੱਲੋਂ ਜ਼ਿਲ੍ਹੇ ਵਿਚ 4.21 ਲੱਖ ਆਬਾਦੀ ਨੂੰ ਕਵਰ ਕਰਦੇ ਹੋਏ ਕੁੱਲ 113502 ਘਰਾਂ ਦਾ ਸਰਵੇਖਣ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4579 ਰੋਗ ਸੂਚਕ ਵਿਅਕਤੀਆਂ ਦੀ ਪਛਾਣ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿਚੋਂ 3656 ਵਿਅਕਤੀਆਂ ਦੀ ਟੈਸਟਿੰਗ ਕੀਤੀ ਗਈ ਅਤੇ 58 ਵਿਅਕਤੀ ਕੋਰੋਨਾ ਪਾਜੇਟਿਵ ਪਾਏ ਗਏ। ਉਨ੍ਹਾਂ ਦੱਸਿਆ ਕਿ ਕੋਰੋਨਾ ਪਾਜੇਟਿਵ ਵਿਅਕਤੀਆਂ ਨੂੰ ਹੋਮ ਆਈਸੋਲੇਟ ਕਰਕੇ ਮਿਸ਼ਨ ਫਤਹਿ ਕਿੱਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਉਹ ਆਪਣੀ ਸਿਹਤ ਦੀ ਬਿਹਤਰ ਢੰਗ ਨਾਲ ਦੇਖਰੇਖ ਕਰ ਸਕਣਗੇ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਇਹ ਵੀ ਹਦਾਇਤ ਕੀਤੀ ਕਿ ਕੋਰੋਨਾ ਪਾਜੇਟਿਵ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਇਆ ਜਾਵੇ। ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ ਪਾਜੇਟਿਵ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਖ਼ਾਸ ਪ੍ਰਬੰਧ ਕੀਤੇ ਹੋਏ ਹਨ, ਇਸ ਲਈ ਹਰ ਕੋੋਰਨਾ ਪਾਜੇਟਿਵ ਗਰਭਵਤੀ ਔਰਤ ਦਾ ਸੰਸਥਾਗਤ ਜਣੇਪਾ ਕੀਤਾ ਜਾਵੇ। ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕੋਵਿਡ ਪਾਜੇਟਿਵ ਔਰਤਾਂ ਦੇ ਜਣੇਪੇ ਕਰਵਾਉਣ ਲਈ ਵੱਖਰਾ ਵਾਰਡ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਕੋਵਿਡ ਪਾਜੇਟਿਵ ਔਰਤਾਂ ਨੂੰ ਕਿਸੇ ਵੀ ਤਰ੍ਹਾਂ ਦੇ ਜ਼ੋਖਿਮ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭਵਤੀ ਔਰਤਾਂ ਦੀ ਸਮੇਂ ਸਿਰ 100 ਫੀਸਦੀ ਰਜਿਸਟ੍ਰੇਸ਼ਨ, ਚਾਰ ਏ.ਐੱਨ.ਸੀ. ਚੈਕਅੱਪ ਤੇ ਸੰਸਥਾਗਤ ਜਣੇਪਾ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਜ਼ੋਖਮ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਪਹਿਲ ਦੇ ਆਧਾਰ ਉੱਤੇ ਇਲਾਜ ਸ਼ੁਰੂ ਕੀਤਾ ਜਾਵੇ ਤਾਂ ਜੋ ਜਣੇਪੇ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਪੇਸ਼ ਨਾ ਆਵੇ।
ਇਸ ਮੌਕੇ ਉਨ੍ਹਾਂ ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵੀ ਖਾਸ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਸੰਪੂਰਨ ਟੀਕਾਕਰਨ ਯਕੀਨੀ ਬਣਾਇਆ ਜਾਵੇ ਅਤੇ ਬੱਚਿਆਂ ਦੀ ਸਾਂਭ-ਸੰਭਾਲ ਲਈ ਉਨ੍ਹਾਂ ਦੇ ਮਾਪਿਆਂ ਨੂੰ ਵੀ ਜਾਗਰੂਕਤਾ ਕੀਤਾ ਜਾਵੇ।
ਕੋਵਿਡ-19 ਦੀ ਮੌਜੂਦਾ ਸਥਿਤੀ ਅਤੇ ਟੈਸਟਿੰਗ ਅਤੇ ਟੀਕਾਕਰਨ ਮੁਹਿੰਮ ਦੀ ਸਮੀਖਿਆ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਉੱਪਲ ਨੇ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਅਤੇ ਹਰ ਬਲਾਕ ਦੇ ਘੱਟੋ-ਘੱਟ ਨਿਰਧਾਰਤ ਟੀਚੇ ਅਨੁਸਾਰ ਕੋਵਿਡ-19 ਸੈਂਪਲੰਿਗ ਨੂੰ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਦੇਖਿਆ ਗਿਆ ਹੈ ਕਿ ਸਾਰੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵੀ ਰੇਟ ਪਿਛਲੇ ਕੁਝ ਹਫ਼ਤਿਆਂ ਤੋਂ ਤੇਜ਼ ਰਫ਼ਤਾਰ ਨਾਲ ਵੱਧ ਰਿਹਾ ਹੈ ਜੋ ਕਿ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੀ ਪਾਜੇਟੀਵਿਟੀ ਦਰ ਪਿੰਡਾਂ ਵਿਚ ਹੈ, ਇਸ ਲਈ ਪੇਂਡੂ ਇਲਾਕਿਆਂ ਵਿਚ ਸਹਿ ਰੋਗ ਪੀੜਤਾਂ ਅਤੇ ਰੋਗ ਸੂਚਕ ਵਿਅਕਤੀਆਂ ਦੀ ਸੈਂਪਲੰਿਗ ਉੱਤੇ ਵੱਧ ਤੋਂ ਵੱਧ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿਚ ਵਿਅਪਕ ਪੱਧਰ ਉੱਤੇ ਟੈਸਟਿੰਗ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ, ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਚੰਦਰ, ਜ਼ਿਲ੍ਹਾ ਟੀਕਾਕਰਨ ਅਫਸਰ ਜਵਿੰਦਰਵੰਤ ਸਿੰਘ ਬੈਂਸ, ਜ਼ਿਲ੍ਹਾ ਸਿਹਤ ਅਫਸਰ ਡਾ ਕੁਲਦੀਪ ਰਾਏ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਜਗਦੀਪ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ, ਡਾ ਊਸ਼ਾ ਕਿਰਨ, ਡਾ ਕੁਲਵਿੰਦਰ ਮਾਨ, ਡਾ ਹਰਬੰਸ ਸਿੰਘ, ਡਾ ਗੁਰਵਿੰਦਰ ਸਿੰਘ, ਡਾ ਕਵਿਤਾ ਭਾਟੀਆ, ਡਾ. ਮਨਦੀਪ ਕਮਲ, ਡਾ. ਰਵਿੰਦਰ ਸਿੰਘ ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ ਜਗਤ ਰਾਮ, ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਤੇ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ ਸਮੇਤ ਹੋਰ ਸਿਹਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।