ਬੀ ਕੇ ਯੂ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ ਤੇ ਕੋਵਿਡ ਸੁਧਾਰ ਲਈ ਧਰਨੇ ਦਾ ਦੂਜਾ ਦਿਨ
ਜੀ ਐਸ ਪੰਨੂ
ਪਟਿਆਲਾ, 29 ਮਈ,2021:ਤਿੰਨ ਰੋਜ਼ਾ ਧਰਨਾ ਅੱਜ ਵੀ ਜਾਰੀ ਰਿਹਾ ਸੋ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਅੰਨ੍ਹੀ ਲੁੱਟ ਹੋਰ ਤਿੱਖੀ ਕਰਨ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨੇ ਕਾਲ਼ੇ ਖੇਤੀ ਕਾਨੂੰਨ, ਬਿਜਲੀ ਬਿੱਲ 2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਤੋਂ ਇਲਾਵਾ ਐਮ ਐਸ ਪੀ 'ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ ਅਤੇ ਜਨਤਕ ਵੰਡ ਪ੍ਰਨਾਲੀ ਸਾਰੇ ਗਰੀਬ ਲੋਕਾਂ ਲਈ ਲਾਗੂ ਕਰਨ ਵਰਗੀਆਂ ਮੁੱਖ ਮੰਗਾਂ ਸੰਬੰਧੀ ਦੇਸ਼ ਵਿਆਪੀ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਰੋਨਾ ਮਹਾਂਮਾਰੀ ਦੇ ਅਸਰਦਾਰ ਟਾਕਰੇ ਸੰਬੰਧੀ ਮੰਗਾਂ ਉੱਤੇ ਜੋਰ ਦੇਣ ਲਈ ਕੱਲ੍ਹ ਤੋਂ ਪੁਡਾ ਗਰਾਊਂਡ ਪਟਿਆਲਾ ਵਿਖੇ ਸ਼ੁਰੂ ਕੀਤਾ ਗਿਆ
ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਕਰਨ 'ਚ ਬੁਰੀ ਤਰ੍ਹਾਂ ਨਾਕਾਮ ਰਹਿ ਰਹੀ ਪੰਜਾਬ ਸਰਕਾਰ ਕੋਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਸਾਰੇ ਵੱਡੇ ਪ੍ਰਾਈਵੇਟ ਹਸਪਤਾਲ ਸਰਕਾਰੀ ਕੰਟਰੋਲ ਹੇਠ ਲਏ ਜਾਣ ਅਤੇ ਲੋੜੀਂਦੇ ਬੈੱਡਾਂ, ਵੈਂਟੀਲੇਟਰਾਂ ਅਤੇ ਆਕਸੀਜਨ ਸਿਲੰਡਰਾਂ ਆਦਿ ਦੇ ਪੂਰੇ ਪ੍ਰਬੰਧ ਕੀਤੇ ਜਾਣ। ਮੈਡੀਕਲ ਸਟਾਫ਼ ਦੀ ਭਾਰੀ ਥੁੜ੍ਹੋਂ ਦੀ ਪੂਰਤੀ ਲਈ ਨਵੀਂ ਭਰਤੀ ਤੁਰੰਤ ਕੀਤੀ ਜਾਵੇ। ਬਚਾਓ ਵਾਲੀ ਵੈਕਸੀਨ ਸਾਰੇ ਲੋਕਾਂ ਨੂੰ ਮੁਫ਼ਤ ਮੁਹੱਈਆ ਕਰਵਾਈ ਜਾਵੇ। ਮੁਫ਼ਤ ਟੈਸਟਾਂ ਦਾ ਹਰੇਕ ਸ਼ਹਿਰ, ਕਸਬੇ, ਪਿੰਡ ਵਿੱਚ ਪ੍ਰਬੰਧ ਕੀਤਾ ਜਾਵੇ।
ਸਾਰੇ ਪ੍ਰਬੰਧਾਂ ਲਈ ਲੋੜੀਂਦਾ ਬਜਟ ਤੁਰੰਤ ਜੁਟਾਇਆ ਜਾਵੇ ਅਤੇ ਇਹਦੀ ਖਾਤਰ ਕਾਰਪੋਰੇਟ ਘਰਾਣਿਆਂ ਸਮੇਤ ਜਗੀਰਦਾਰਾਂ ਤੇ ਵੱਡੇ ਪੂੰਜੀਪਤੀਆਂ ਤੋਂ ਭਾਰੀ ਟੈਕਸ ਵਸੂਲੇ ਜਾਣ। ਸਾਵਧਾਨੀਆਂ ਪ੍ਰਤੀ ਪਿੰਡ ਪਿੰਡ ਵਿਆਪਕ ਸਿੱਖਿਆ ਮੁਹਿੰਮ ਰਾਹੀਂ ਲੋਕਾਂ ਨੂੰ ਜਾਗ੍ਰਿਤ ਕੀਤਾ ਜਾਵੇ ਅਤੇ ਕੁਟਾਪੇ, ਚਲਾਣ, ਗ੍ਰਿਫ਼ਤਾਰੀਆਂ ਜਾਂ ਕਰਫਿਊ ਵਰਗਾ ਜਾਬਰ ਸਿਲਸਿਲਾ ਤੁਰੰਤ ਠੱਪ ਕੀਤਾ ਜਾਵੇ। ਵੈਕਸੀਨ ਵੀ ਜ਼ਬਰਦਸਤੀ ਲਾਉਣ ਦੀ ਬਜਾਏ ਇਸ ਸੰਬੰਧੀ ਪੈਦਾ ਹੋਏ ਸ਼ੰਕੇ ਜਾਗ੍ਰਿਤੀ ਮੁਹਿੰਮ ਵਿੱਢ ਕੇ ਸਿਹਤ ਅਮਲੇ ਦੁਆਰਾ ਨਵਿਰਤ ਕੀਤੇ ਜਾਣ। 27 ਮਈ ਨੂੰ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਨਾਲ ਇਨ੍ਹਾਂ ਮੰਗਾਂ ਬਾਰੇ ਹੋਈ ਵਿਸਥਾਰਪੂਰਵਕ ਗੱਲਬਾਤ ਦੇ ਬਾਵਜੂਦ ਸਰਕਾਰ ਵੱਲੋਂ ਅਜੇ ਤੱਕ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲ਼ਿਆ। ਕੇਂਦਰ ਵਿਰੋਧੀ ਸੰਘਰਸ਼ ਦੌਰਾਨ 500 ਦੇ ਕਰੀਬ ਸ਼ਹੀਦ ਹੋ ਚੁੱਕੇ ਕਿਸਾਨਾਂ ਮਜਦੂਰਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਅਤੇ 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਦੀ ਮੰਗ ਨੂੰ ਕਮੇਟੀ ਦੇ ਗਧੀਗੇੜ 'ਚ ਪਾਉਣ ਦੀ ਬਜਾਏ ਪੀੜਤ ਪਰਵਾਰਾਂ ਨੂੰ ਤੁਰੰਤ ਰਾਹਤ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ ਅੱਜ ਦੇ ਧਰਨੇ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਉਨ੍ਹਾਂ ਤੋਂ ਇਲਾਵਾ ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਨਿਆਲ, ਜਸਵਿੰਦਰ ਸਿੰਘ ਬਰਾਸ, ਮਨਜੀਤ ਸਿੰਘ ਘਰਾਚੋਂ, ਹਰਪਾਲ ਸਿੰਘ ਪੇਧਨੀ, ਰਣਦੀਪ ਸਿੰਘ ਭੂਰੇ, ਗੁਰਪ੍ਰੀਤ ਸਿੰਘ ਬਡਬਰ, ਗੁਰਪ੍ਰੀਤ ਕੌਰ ਬਰਾਸ, ਮਨਦੀਪ ਕੌਰ ਬਾਰਨ,ਭੁਪਿੰਦਰ ਕੌਰ ਖੇੜੀ ਸ਼ਾਮਲ ਸਨ।
ਉਨ੍ਹਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਪੱਕੇ ਮੋਰਚਿਆਂ ਵਿੱਚ ਸ਼ਾਮਲ ਕਿਸਾਨਾਂ ਉੱਤੇ ਕਰੋਨਾ ਫੈਲਾਉਣ ਦੇ ਦੋਸ਼ਾਂ ਨੂੰ ਸਰਾਸਰ ਬੇਬੁਨਿਆਦ ਕਿਹਾ ਅਤੇ ਖੁਦ ਦੋਨਾਂ ਸਰਕਾਰਾਂ ਵੱਲੋਂ ਮਹਾਂਮਾਰੀ ਦੇ ਟਾਕਰੇ ਲਈ ਕੀਤੇ ਗਏ ਨਿਗੂਣੇ ਪ੍ਰਬੰਧਾਂ ਨੂੰ ਜ਼ਿੰਮੇਵਾਰ ਠਹਿਰਾਇਆ।
ਉਨ੍ਹਾਂ ਵੱਲੋਂ ਕੇਂਦਰ ਸਰਕਾਰ ਪਾਸੋਂ ਜੋਰਦਾਰ ਮੰਗ ਕੀਤੀ ਗਈ ਕਿ ਕਰੋਨਾ ਮਹਾਂਮਾਰੀ ਤੋਂ ਦੇਸ਼ਵਾਸੀਆਂ ਨੂੰ ਬਚਾਉਣ ਲਈ ਦ੍ਰਿੜ੍ਹ ਸਿਆਸੀ ਇਰਾਦੇ ਨਾਲ ਸਰਕਾਰੀ ਖਜ਼ਾਨੇ ਦਾ ਮੂੰਹ ਪੂਰਾ ਇਸ ਪਾਸੇ ਖੋਲ੍ਹਿਆ ਜਾਵੇ। ਇਹਦੀ ਖਾਤਰ ਸਾਮਰਾਜੀ ਕਾਰਪੋਰੇਟ ਘਰਾਣਿਆਂ ਨੂੰ ਆਏ ਸਾਲ ਦਿੱਤੀਆਂ ਜਾਂਦੀਆਂ ਅਰਬਾਂ ਖਰਬਾਂ ਦੀਆਂ ਰਿਆਇਤਾਂ ਬੰਦ ਕਰਕੇ ਮੋਟੇ ਟੈਕਸ ਵਸੂਲੇ ਜਾਣ। ਜਗੀਰਦਾਰਾਂ ਤੇ ਸੂਦਖੋਰਾਂ ਦੀ ਅੰਨ੍ਹੀ ਕਮਾਈ ਨੂੰ ਵੀ ਟੈਕਸਾਂ ਅਧੀਨ ਲਿਆਂਦਾ ਜਾਵੇ। ਕਰੋਨਾ ਦੀ ਆੜ 'ਚ ਕਾਲੇ ਖੇਤੀ ਕਾਨੂੰਨ ਪਾਸ ਕਰਨ, ਲੇਬਰ ਕੋਡ ਪਾਸ ਕਰਨ, ਸਰਕਾਰੀ ਅਦਾਰੇ ਵੇਚਣ, ਨਵੀਂ ਲੋਕ-ਵਿਰੋਧੀ ਸਿੱਖਿਆ ਨੀਤੀ ਲਿਆਉਣ, ਮਹਾਂਮਾਰੀ ਦੇ ਟਾਕਰੇ ਲਈ ਸਰਕਾਰੀ ਉੱਦਮ ਤੇ ਖਜ਼ਾਨਾ ਜੁਟਾਉਣ ਤੋਂ ਕਿਨਾਰਾ ਕਰਨ ਰਾਹੀਂ ਇਸਨੂੰ ਨਿੱਜੀ ਕਾਰੋਬਾਰਾਂ ਤੇ ਵੱਡੀਆਂ ਕੰਪਨੀਆਂ ਲਈ ਅੰਨ੍ਹੀ ਕਮਾਈ ਦਾ ਸੁਨਹਿਰੀ ਮੌਕਾ ਬਣਾਉਣ, ਪ੍ਰਚੂਨ ਵਪਾਰ 'ਚੋਂ ਛੋਟੇ ਕਾਰੋਬਾਰੀਆਂ ਨੂੰ ਬਾਹਰ ਧੱਕ ਕੇ ਸਾਮਰਾਜੀ ਕੰਪਨੀਆਂ ਦੇ ਕਬਜ਼ੇ ਕਰਾਉਣ ਵਰਗੀਆਂ ਲੋਕ-ਮਾਰੂ ਨੀਤੀਆਂ ਤਿਆਗੀਆਂ ਜਾਣ।
ਕਰੋਨਾ ਵਰਗੇ ਵਾਇਰਸਾਂ ਦੀ ਜੰਮਣ ਭੋਂਇਂ ਖੇਤੀ ਤੇ ਪਸ਼ੂ ਪਾਲਣ ਕਿੱਤਿਆਂ 'ਚ ਠੋਸਿਆ ਗਿਆ ਸਾਮਰਾਜੀ ਕਾਰਪੋਰੇਟ ਮਾਡਲ ਰੱਦ ਕੀਤਾ ਜਾਵੇ ਅਤੇ ਖੇਤੀ ਵਪਾਰਕ ਕੰਪਨੀਆਂ ਦੇ ਪੈਰ ਪਸਾਰੇ 'ਤੇ ਪਾਬੰਦੀ ਲਾਈ ਜਾਵੇ। ਸਿਹਤ ਖੇਤਰ ਵਿੱਚ ਸਰਕਾਰੀ ਜ਼ਿੰਮੇਵਾਰੀ ਤੇ ਜਵਾਬਦੇਹੀ ਦਾ ਫਸਤਾ ਵੱਢਣ ਵਾਲੀਆਂ ਉਦਾਰਵਾਦੀ, ਨਿੱਜੀਕਰਣ ਤੇ ਸਾਮਰਾਜੀ ਸਾਂਝ ਭਿਆਲੀ ਦੀਆਂ ਨੀਤੀਆਂ ਰੱਦ ਕੀਤੀਆਂ ਜਾਣ। ਹਰ ਖੇਤਰ 'ਚ ਸਾਮਰਾਜੀ ਲੁੱਟ ਖਸੁੱਟ ਤੋਂ ਮੁਕਤ ਸਵੈ-ਨਿਰਭਰ ਵਿਕਾਸ ਮਾਡਲ ਲਾਗੂ ਕੀਤਾ ਜਾਵੇ।
ਭਰਾਤਰੀ ਜਥੇਬੰਦੀਆਂ ਵੱਲੋਂ ਪਲਸ ਮੰਚ ਦੇ ਪ੍ਰਧਾਨ ਅਮੋਲਕ ਸਿੰਘ, ਟੀ ਐਸ ਯੂ ਦੇ ਸਾਬਕਾ ਪ੍ਰਧਾਨ ਵਿਜੇਦੇਵ ਅਤੇ ਪ੍ਰੋ: ਪਰਮਜੀਤ ਸਿੰਘ ਮਦੇਵੀ ਨੇ ਧਰਨੇ ਦੀ ਜੋਰਦਾਰ ਹਮਾਇਤ ਕੀਤੀ। ਹੋਰ ਕਿਸਾਨ ਬੁਲਾਰਿਆਂ ਵਿੱਚ ਅਜੈਬ ਸਿੰਘ ਲੱਖੇਵਾਲ, ਦਰਸ਼ਨ ਸਿੰਘ ਸ਼ਾਦੀਹਰੀ, ਕਰਨੈਲ ਸਿੰਘ ਲੰਗ, ਕੋਮਲ ਬੰਗਾ, ਦਵਿੰਦਰ ਕੌਰ ਹਰਦਾਸਪੁਰ ਸ਼ਾਮਲ ਸਨ। ਸੱਤਪਾਲ ਬੰਗਾ ਦੀ ਨਿਰਦੇਸ਼ਨਾ ਹੇਠ ਪੀਪਲਜ਼ ਆਰਟ ਪਟਿਆਲਾ ਦੀ ਟੀਮ ਵੱਲੋਂ ਲੋਕ-ਪੱਖੀ ਨਾਟਕ "ਜਿਨ੍ਹਾਂ ਦੀ ਅਣਖ ਜਿਉਂਦੀ ਹੈ" ਖੇਡਿਆ ਗਿਆ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਬਹਾਲ ਸਿੰਘ ਢੀਂਡਸਾ ਨੇ ਬਾਖੂਬੀ ਨਿਭਾਈ।
ਬੁਲਾਰਿਆਂ ਨੇ ਐਲਾਨ ਕੀਤਾ ਕਿ ਇਹ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸਮੂਹ ਕਿਸਾਨਾਂ ਵੱਲੋਂ ਕਰੋਨਾ ਰੋਕਥਾਮ ਸੰਬੰਧੀ ਪੂਰੀਆਂ ਸਾਵਧਾਨੀਆਂ ਦੀ ਪਾਲਣਾ ਨਾਲ ਸ਼ੁਰੂ ਕੀਤਾ ਗਿਆ ਇਹ ਧਰਨਾ 30 ਮਈ ਤੱਕ ਇੱਥੇ ਹੀ ਦਿਨ ਰਾਤ ਜਾਰੀ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਧਰਨੇ ਵਿੱਚ ਸੰਜੀਦਗੀ ਬਹੁਤ ਹੈ ਬੱਚੇ ਵੀ ਜਿਵੇਂ ਧਰਨੇ ਦੇ ਮੈਨੇ ਜਾਣਦੇ ਹੋਣ।