ਪਰਮਿੰਦਰ ਢੀਂਡਸਾ ਨੇ ਵੈਕਸੀਨ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ
- ਸੂਬੇ ਦੇ ਲੋਕਾਂ ਦੇ ਹਿੱਸੇ ਦੀ ਵੈਕਸੀਨ ਨਿੱਜੀ ਹਸਪਤਾਲਾਂ ਨੂੰ ਕਰੋੜਾਂ ਰੁਪਏ ਵਿੱਚ ਵੇਚਣ ਦੇ ਮਾਮਲੇ `ਚ ਸਿਹਤ ਮੰਤਰੀ ਅਸਤੀਫਾ ਦੇਣ: ਢੀਂਡਸਾ
- ਉਨ੍ਹਾ ਕਿਹਾ, ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਲੋਕਾਂ ਦੀ ਆਰਥਿਕ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ
ਚੰਡੀਗੜ੍ਹ, 06 ਜੂਨ 2021 - ਪੰਜਾਬ ਦੇ ਲੋਕਾਂ ਦੇ ਹਿੱਸੇ ਦੀ ਕੋਰੋਨਾ ਵੈਕਸੀਨ ਨੂੰ ਮੁਨਾਫੇ ਲਈ ਨਿੱਜੀ ਹਸਪਤਾਲਾਂ ਨੂੰ ਵੇਚਣ ਦਾ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਸਤੀਫੇ ਦੀ ਮੰਗ ਕਰਦਿਆਂ ਇਸ ਘੁਟਾਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ ਕਿ ਘੁਟਾਲੇ ਦਾ ਪਰਦਾਫਾਸ਼ ਹੋਣ ਤੋਂ ਬਾਅਦ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਫੌਰੀ ਅਸਤੀਫਾ ਦੇਣਾ ਚਾਹੀਦਾ ਹੈ। ਇਥੇ ਜਾਰੀ ਇੱਕ ਬਿਆਨ ਵਿੱਚ ਸ: ਢੀਂਡਸਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮੁਫ਼ਤ ਵਿੱਚ ਲਗਾਏ ਜਾਣ ਵਾਲੇ ਟੀਕਿਆਂ ਨੂੰ ਨਿੱਜੀ ਹਸਪਤਾਲਾਂ ਨੂੰ ਕਰੋੜਾਂ ਰੁਪਏ ਵਿੱਚ ਵੇਚਣਾ ਇੱਕ ਵੱਡਾ ਘੁਟਾਲਾ ਹੈ। ਜਿਸਦੀ ਉੱਚ ਪੱਧਰੀ ਜਾਂਚ ਹੋਣੀ ਲਾਜ਼ਮੀ ਹੈ। ਉਨ੍ਹਾ ਕਿਹਾ ਕਿ ਬੜੀ ਬੇਸ਼ਰਮੀ ਦੀ ਗੱਲ ਹੈ ਕਿ ਇਕ ਪਾਸੇ ਜਿਥੇ ਸੂਬੇ ਦੇ ਲੋਕ ਕੋਰੋਨਾ ਨਾਲ ਮਰ ਰਹੇ ਹਨ ਅਤੇ ਉਥੇ ਹੀ ਦੂਜੇ ਪਾਸੇ ਸਰਕਾਰ ਲੋਕਾਂ ਦੀਆਂ ਜਾਨਾਂ ਬਚਾਉਣ ਦੀ ਬਜਾਏ ਨਿੱਜੀ ਹਸਪਤਾਲਾਂ ਨੂੰ ਵੈਕਸੀਨ ਕਰੋੜਾਂ ਰੁਪਏ ਵਿੱਚ ਵੇਚ ਕੇ ਮੁਨਾਫਾ ਕਮਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਨਾਅ `ਤੇ ਕੈਪਟਨ ਸਰਕਾਰ ਨੇ ਸਸਤੀ ਕੀਮਤ `ਤੇ ਵੈਕਸੀਨ ਖਰੀਦੀ ਸੀ। ਜਿਸ ਨੂੰ ਨਿੱਜੀ ਹਸਪਤਾਲਾਂ ਨੂੰ ਵੇਚ ਕੇ ਸਰਕਾਰ ਨੇ ਕਰੋੜਾਂ ਰੁਪਏ ਦੀ ਕਮਾਈ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿੱਚ ਜਿਥੇ ਸੂਬੇ ਵਿੱਚ ਵੈਕਸੀਨ ਦੀ ਭਾਰੀ ਕਿਲੱਤ ਹੈ ਅਤੇ ਸਰਕਾਰ ਦਾ ਪਹਿਲਾ ਫਰਜ਼ ਵੈਕਸੀਨ ਦੀ ਖੁਰਾਕ ਸਰਕਾਰੀ ਹਸਪਤਾਲਾਂ ਅਤੇ ਟੀਕਾ ਕੇਂਦਰਾਂ ਵਿੱਚ ਮੁਹੱਈਆ ਕਰਵਾਉਣਾ ਬਣਦਾ ਹੈ ਇਸਦੇ ਉਲਟ ਸਰਕਾਰ ਸਸਤੀ ਵੈਕਸੀਨ ਖਰੀਦ ਕੇ ਨਿੱਜੀ ਹਸਪਤਾਲਾਂ ਨੂੰ ਮਹਿੰਗੇ ਭਾਅ ਵਿੱਚ ਵੇਚ ਰਹੀ ਹੈ। ਜਿਸ ਨਾਲ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਨੂੰ ਸੂਬਾ ਵਾਸੀਆਂ ਦੀ ਆਰਥਿਕ ਲੁੱਟ ਕਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਵੈਕਸੀਨ ਘੁਟਾਲਾ ਸਾਹਮਣੇ ਆਉਣ ਤੋਂ ਬਾਅਦ ਸਰਕਾਰ ਨੇ ਨਿੱਜੀ ਹਸਪਤਾਲਾਂ ਨੂੰ ਭੇਜੀਆਂ ਗਈਆਂ ਵੈਕਸੀਨ ਦੀਆਂ ਖੁਰਾਕਾਂ ਵਾਪਿਸ ਮੰਗਵਾ ਲਈਆਂ ਹਨ। ਜਿਸ ਨਾਲ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਇਸਦੇ ਪਿੱਛੇ ਸੂਬਾ ਸਰਕਾਰ ਦੀ ਮਨਸ਼ਾ ਚੰਗੀ ਨਹੀ ਸੀ। ਉਨ੍ਹਾ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਸਿਵਾਏ ਲੋਕਾਂ ਨੂੰ ਗੁੰਮਰਾਹ ਕਰਨ ਦੇ ਹੋਰ ਕੁੱਝ ਵੀ ਨਹੀ ਕੀਤਾ ਹੈ ਅਤੇ ਇਸ ਮਹਾਂਮਾਰੀ ਦੇ ਦੌਰ ਵਿੱਚ ਵੀ ਸੂਬਾ ਵਾਸੀਆਂ ਨੂੰ ਲੁੱਟ ਕੇ ਪੈਸੇ ਇਕੱਠੇ ਕਰਨ ਵਜੋਂ ਵਰਤਿਆ ਹੈ।