ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ
ਅੰਮ੍ਰਿਤਸਰ, 29 ਜੂਨ 2021 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਸੀ।
ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਹੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਲੰਗਰਾਂ ਅਤੇ ਇਲਾਜ਼ ਦੀ ਸਹੂਲਤ ਦਿੱਤੀ ਗਈ ਉਥੇ ਹੀ ਕੋਰੋਨਾ ਤੋਂ ਛੁਟਕਾਰੇ ਲਈ ਵੈਕਸੀਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਗਏ ਜਿਸ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦੂਸਰਾ ਕੈਂਪ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ, ਤਾਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਲੋਕ ਸੇਵਾ ਲਈ ਅੱਗੇ ਆ ਕੇ ਲੋਕਾਂ ਲਈ ਧਰਵਾਸ ਬਣੀ।
ਕੋਰੋਨਾ ਵੈਕਸੀਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਪਹਿਲਾ ਕੋਵਿਡ ਕੇਅਰ ਕੇਂਦਰ ਖੋਲਣ ਦੇ ਨਾਲ-ਨਾਲ ਲੋੜਵੰਦਾਂ ਨੂੰ ਵੈਕਸੀਨ ਲਗਾਉਣ ਲਈ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ ਗਿਆ। ਇਸ ਦੇ ਵਿਸਥਾਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸਮੇਤ ਦਿੱਲੀ ਅਤੇ ਮੁਬੰਈ ਵਿਖੇ ਵੀ ਕੋਰੋਨਾ ਵੈਕਸੀਨ ਲਗਾਉਣ ਦੇ ਮੁਫ਼ਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਫਿਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕੁਝ ਦਿਨ ਜਾਰੀ ਰਹੇਗਾ। ਇਸ ਕੈਂਪ ਦੌਰਾਨ ਪਹਿਲੀ ਡੋਜ਼ ਲਗਵਾਉਣ ਵਾਲੇ ਲੋਕ ਦੂਜੀ ਡੋਜ਼ ਵੀ ਲਗਵਾ ਸਕਣਗੇ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਪਰਮਜੀਤ ਸਿੰਘ, ਡਾ. ਹਰਜੋਤ ਸਿੰਘ ਆਦਿ ਮੌਜੂਦ ਸਨ।