ਦਿੱਲੀ ਦੇ ਕਿਸਾਨ-ਮੋਰਚਿਆਂ ਦੀ ਮਜ਼ਬੂਤੀ ਲਈ ਬੀਕੇਯੂ ਡਕੌਂਦਾ ਵੱਲੋਂ ਮੀਟਿੰਗ
ਦਲਜੀਤ ਕੌਰ ਭਵਾਨੀਗੜ੍ਹ
- ਕਿਸਾਨ-ਅੰਦੋਲਨ ਦੇ 9 ਮਹੀਨੇ ਪੂਰੇ ਹੋਣ 'ਤੇ ਦਿੱਲੀ ਮੋਰਚਿਆਂ 'ਤੇ ਪਹੁੰਚਣ ਦਾ ਸੱਦਾ
ਸਿੰਘੂ ਬਾਰਡਰ ਦਿੱਲੀ, 25 ਅਗਸਤ, 2021: ਦਿੱਲੀ ਦੀਆਂ ਹੱਦਾਂ 'ਤੇ ਮਹੀਨਿਆਂ ਤੋਂ ਜਾਰੀ ਦੇਸ਼-ਵਿਆਪੀ ਕਿਸਾਨ-ਅੰਦੋਲਨ ਦੀ ਮਜ਼ਬੂਤੀ ਲਈ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਵੱਲੋਂ ਪੰਜਾਬ ਭਰ 'ਚ ਮੀਟਿੰਗਾਂ ਕਰਦਿਆਂ ਕਿਸਾਨਾਂ ਦੀ ਲਾਮਬੰਦੀ ਜਾਰੀ ਹੈ। ਸਿੰਘੂ-ਬਾਰਡਰ 'ਤੇ ਜਥੇਬੰਦੀ ਦੇ ਕਾਰਕੁਨਾਂ ਦੀ ਮੀਟਿੰਗ ਸੂੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਦੀ ਅਗਵਾਈ 'ਚ ਹੋਈ ਅਤੇ ਕਨਵੈਨਸ਼ਨ ਸਫ਼ਲ ਬਣਾਉਣ ਲਈ ਤਿਆਰੀਆਂ ਕੀਤੀਆ ਗਈਆਂ।
ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ 26 ਅਗਸਤ ਨੂੰ ਦਿੱਲੀ ਦੇ ਕਿਸਾਨ-ਮੋਰਚਿਆਂ ਨੂੰ 9 ਮਹੀਨੇ ਪੂਰੇ ਹੋ ਰਹੇ ਹਨ। ਸੰਯੁਕਤ ਕਿਸਾਨ ਮੋਰਚਾ 26-27 ਅਗਸਤ 2021 ਨੂੰ ਦਿੱਲੀ ਵਿਖੇ ਇੱਕ ਆਲ ਇੰਡੀਆ ਕਨਵੈਨਸ਼ਨ ਦਾ ਆਯੋਜਨ ਕਰ ਰਿਹਾ ਹੈ, ਜਿਸ ਲਈ ਕਿਸਾਨਾਂ ਅਤੇ ਜਨਤਕ ਸੰਗਠਨਾਂ ਨੂੰ ਭਾਗੀਦਾਰੀ ਦਾ ਸੱਦਾ ਦਿੱਤਾ ਗਿਆ ਹੈ। ਇਸ ਦੇ ਅਨੁਸਾਰ ਪੂਰੇ ਭਾਰਤ ਤੋਂ ਉਤਸ਼ਾਹਜਨਕ ਹੁੰਗਾਰਾ ਮਿਲ ਰਿਹਾ ਹੈ। ਰਾਸ਼ਟਰੀ ਸੰਮੇਲਨ ਵਿੱਚ ਭਾਰਤ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਤੀਨਿਧਾਂ ਦੀ ਮੌਜੂਦਗੀ ਦਿਖਾਈ ਦੇਵੇਗੀ। ਕਿਸਾਨਾਂ ਅਤੇ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਕੇਂਦਰ ਸਰਕਾਰ ਦੇ ਹੰਕਾਰੀ, ਸੰਵੇਦਨਹੀਣ ਅਤੇ ਗੈਰ-ਜਮਹੂਰੀ ਰਵੱਈਏ ਪ੍ਰਤੀ ਕਿਸਾਨ ਅੰਦੋਲਨਾਂ ਦਾ ਹੁੰਗਾਰਾ ਵਿਚਾਰਿਆ ਜਾਵੇਗਾ ਅਤੇ ਵਿਚਾਰ -ਵਟਾਂਦਰਾ ਕੀਤਾ ਜਾਵੇਗਾ ਅਤੇ ਅਗਲੇ ਦਿਸ਼ਾ-ਨਿਰਦੇਸ਼ਾਂ ਅਤੇ ਰੋਸ਼ ਅੰਦੋਲਨ ਵਿੱਚ ਕਾਰਵਾਈ ਸਾਂਝੇ ਤੌਰ ਤੇ ਨਿਰਧਾਰਤ ਕੀਤੀ ਜਾਵੇਗੀ ਅਤੇ ਫਿਰ ਲਾਗੂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਮੇਸ਼ਾਂ ਇਹ ਦਿਖਾਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਇਤਿਹਾਸਕ ਕਿਸਾਨ ਅੰਦੋਲਨ ਕੁਝ ਰਾਜਾਂ ਤੱਕ ਹੀ ਸੀਮਿਤ ਹੈ, ਇਸ ਤੱਥ ਨੂੰ ਨਜ਼ਰ ਅੰਦਾਜ਼ ਕਰਦੇ ਹੋਏ ਕਿ ਦੇਸ਼ ਭਰ ਦੇ ਕਿਸਾਨ ਬਚੇ ਰਹਿਣ ਲਈ ਸੰਘਰਸ਼ ਕਰ ਰਹੇ ਹਨ। ਜਥੇਬੰਦੀ ਵੱਲੋਂ ਪੰਜਾਬ ਭਰ 'ਚ ਪਿੰਡਾਂ 'ਚ ਕਿਸਾਨਾਂ ਦੀ ਲਾਮਬੰਦੀ ਕਰਦਿਆਂ 26 ਅਗਸਤ ਨੂੰ ਦਿੱਲੀ ਪਹੁੰਚਣ ਅਤੇ ਮੋਰਚਿਆਂ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ ਜਾ ਰਿਹਾ ਹੈ।
ਕਿਸਾਨ-ਆਗੂਆਂ ਨੇ ਕਿਹਾ ਕਿ 3 ਖੇਤੀ ਕਾਨੂੰਨ, ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਦੇ ਨਾਲ-ਨਾਲ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਗਰੰਟੀ ਕਾਨੂੰਨ ਬਣਵਾਉਣ ਤੱਕ ਸੰਘਰਸ਼ ਜਾਰੀ ਰਹੇਗਾ।