ਚੰਨੀ ਦੇ ਬੇਟੇ ਨੇ ਡੀਜੀਪੀ ਨਾਲ ਮੀਟਿੰਗ ਵਿੱਚ ਸ਼ਾਮਲ ਹੋ ਕੇ 'ਸ਼ਾਸਨ' ਦੇ ਸਾਰੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ: ਅਸ਼ਵਨੀ ਸ਼ਰਮਾ
ਚੰਡੀਗੜ੍ਹ: 2 ਅਕਤੂਬਰ 2021 - ਹਾਲ ਹੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨੂੰ ਡੀ.ਜੀ.ਪੀ. ਨਾਲ ਇੱਕ ਉਚ ਪਧਰੀ ਬੈਠਕ ਦੌਰਾਨ ਹਿੱਸਾ ਲੈਂਦੀਆਂ ਦੇਖਿਆ ਗਿਆ ਸੀ, ‘ਤੇ ਸਖਤ ਨੋਟਿਸ ਲੈਂਦਿਆਂ, ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਅੱਜ ਤੱਕ ਅਜਿਹਾ ਕਦੇ ਨਹੀਂ ਹੋਇਆ, ਕਿਉਂਕਿ ਇਹ ਪੂਰੀ ਤਰ੍ਹਾਂ ਅਨੈਤਿਕ,ਗੈਰਕਾਨੂੰਨੀ ਅਤੇ ਅਸੰਵਿਧਾਨਕ ਹੈ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ "ਸ਼ਾਸਨ ਦੇ ਨਿਯਮਾਂ" ਤੋਂ ਚੰਗੀ ਤਰ੍ਹਾਂ ਜਾਣੂ ਹਨ, ਕਿਉਂਕਿ ਉਹ ਸਾਬਕਾ ਮੰਤਰੀ ਅਤੇ ਤਿੰਨ ਵਾਰ ਵਿਧਾਇਕ ਵੀ ਰਹਿ ਚੁੱਕੇ ਹਨ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਵਿਧਾਨ ਦੇ ਨਿਯਮਾਂ ਦਾ ਸਨਮਾਨ ਕਰਦੇ ਹੋਏ ਹਮੇਸ਼ਾਂ ਆਪਣੇ ਔਹਦੇ ਦੀ ਭਰੋਸੇਯੋਗਤਾ ਅਤੇ ਸਨਮਾਨ ਨੂੰ ਕਾਇਮ ਰੱਖਣਾ ਚਾਹੀਦਾ ਹੈ। ਪਰ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸੀਨੀਅਰ ਨੌਕਰਸ਼ਾਹਾਂ ਨੇ ਨਿਯਮਾਂ ਅਤੇ ਮਾਪਦੰਡਾਂ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹੋਣ ਦੇ ਬਾਵਜੂਦ ਇਸ ਗਲਤੀ ਨੂੰ ਵਾਪਰਨ ਦਿੱਤਾI