ਸੰਸਦੀ ਪ੍ਰਕਿਰਿਆ ਰਾਹੀ ਖੇਤੀ ਕਾਨੂੰਨ ਰੱਦ ਹੋਣ ਤੱਕ ਅਤੇ ਐੱਮਐੱਸਪੀ ਗਾਰੰਟੀ ਕਾਨੂੰਨ ਬਨਣ ਤੱਕ ਸੰਘਰਸ਼ ਰਹੇਗਾ ਜਾਰੀ: ਡਾ. ਦਰਸ਼ਨ ਪਾਲ
ਦਲਜੀਤ ਕੌਰ ਭਵਾਨੀਗੜ੍ਹ
- 26 ਨਵੰਬਰ ਨੂੰ ਦਿੱਲੀ ਬਾਰਡਰਾਂ ਤੇ ਹੋਣਗੇ ਵੱਡੇ ਇਕੱਠ
- ਕਰਾਂਤੀਕਾਰੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਦੀ ਮੀਟਿੰਗ 'ਚ ਅਹਿਮ ਮੁੱਦਿਆਂ ਤੇ ਹੋਈ ਵਿਚਾਰ-ਚਰਚਾ
ਸਿੰਘੂ ਬਾਰਡਰ, ਦਿੱਲੀ, 24 ਨਵੰਬਰ, 2021: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਡਾ. ਦਰਸ਼ਨ ਪਾਲ ਦੀ ਪ੍ਰਧਾਨਗੀ ਹੇਠ ਸਿੰਘ ਬਾਰਡਰ ਤੇ ਹੋਈ। ਇਸ ਮੀਟਿੰਗ ਵਿੱਚ ਸੀਨੀਅਰ ਮੀਤ ਪ੍ਰਧਾਨ ਹਰਭਜਨ ਸਿੰਘ ਬੁੱਟਰ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਮੀਤ ਪ੍ਰਧਾਨ ਰੇਸ਼ਮ ਸਿੰਘ ਮਿਡਾ, ਸੂਬਾ ਖਜਾਨਜੀ ਗੁਰਮੀਤ ਸਿੰਘ ਦਿੱਤੂਪਰ ਅਤੇ ਅਵਤਾਰ ਮਹਿਮਾ ਤੋਂ ਇਲਾਵਾ ਵੱਖ ਵੱਖ ਜ਼ਿਲ੍ਹਿਆਂ ਦੇ ਆਗੂ ਹਾਜ਼ਰ ਹੋਏ। ਮੋਦੀ ਸਰਕਾਰ ਵੱਲੋਂ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਕਿਸਾਨ ਅੰਦੋਲਨ ਦੀ ਇਤਿਹਾਸਕ ਜਿੱਤ ਅਤੇ ਐੱਮਐੱਸਪੀ ਦੇ ਨਾਲ ਨਾਲ ਕਿਸਾਨਾਂ ਦੇ ਬਾਕੀ ਮੁੱਦਿਆਂ ਉੱਪਰ ਵਿਚਾਰ ਚਰਚਾ ਕੀਤੀ ਗਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਮਹਿਮਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣਾ ਇਤਿਹਾਸਕ ਕਿਸਾਨ ਅੰਦੋਲਨ ਸਿਰੜ ਅਤੇ ਸਿਦਕ ਦੀ ਵੱਡੀ ਜਿੱਤ ਹੈ। ਉਨ੍ਹਾਂ ਕਿਹਾ ਕਿ ਚਾਰੇ ਪਾਸਿਆਂ ਤੋਂ ਘਿਰੀ ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨਾ ਕਿਸਾਨਾਂ ਦੇ ਬਾਕੀ ਮੁੱਦਿਆਂ ਤੋਂ ਪਾਸਾ ਵੱਟ ਲੈਣ ਦੀ ਕਾਰਵਾਈ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਸ਼ੁਰੂ ਕਰਨ ਵੇਲੇ ਤੋਂ ਹੀ ਸਰਕਾਰ ਤੋਂ ਬਿਜਲੀ ਸੋਧ ਬਿੱਲ ਰੱਦ ਕਰਨ, ਵਾਤਾਵਰਣ ਸੰਬੰਧੀ ਬਿੱਲ ਵਿੱਚੋਂ ਪਰਾਲੀ ਦੀ ਸਮੱਸਿਆ ਕਾਰਨ ਕਿਸਾਨਾਂ ਨੂੰ ਇਸ ਬਿੱਲ ਵਿੱਚੋਂ ਬਾਹਰ ਕਰਨ, ਐੱਮਐੱਸਪੀ ਦਾ ਗਾਰੰਟੀ ਐਕਟ ਬਣਾਉਣ ਅਤੇ ਅੰਦੋਲਨ ਦੌਰਾਨ ਕਿਸਾਨਾਂ ਉੱਪਰ ਦਰਜ ਹੋਏ ਕੇਸ ਵਾਪਸ ਕਰਵਾਉਣ ਦੇ ਨਾਲ ਨਾਲ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਅਤੇ ਸ਼ਹੀਦਾਂ ਦੀ ਯਾਦਗਾਰ ਬਣਾਉਣ ਦੇ ਮੁੱਦੇ ਬਹੁਤ ਜਰੂਰੀ ਹਨ। ਉਨ੍ਹਾਂ ਕਿਹਾ ਕਿ ਅਜਿਹੇ ਮੁੱਦਿਆਂ ਦਾ ਹੱਲ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸੰਸਦ ਵਿੱਚ ਇਨ੍ਹਾਂ ਕਾਨੂੰਨਾਂ ਦੇ ਰੱਦ ਹੋਣ ਦੇ ਨਾਲ ਬਾਕੀ ਸਾਰੇ ਮੁੱਦਿਆਂ ਦਾ ਜਦੋਂ ਤਕ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਅੰਦੋਲਨ ਜਾਰੀ ਰਹੇਗਾ। ਉਨ੍ਹਾਂ ਦੱਸਿਆ ਕਿ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਤੇ ਦਿੱਲੀ ਬਾਰਡਰਾਂ 'ਤੇ ਵੱਡੇ ਇਕੱਠ ਕੀਤੇ ਜਾਣਗੇ, ਜਿਨ੍ਹਾਂ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਜਥੇ ਸ਼ਾਮਲ ਹੋਣਗੇ।