ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਗ੍ਰਹਿ ਮੰਤਰਾਲਾ ਲੈ ਸਕਦਾ ਹੈ ਵੱਡਾ ਅਤੇ ਸਖ਼ਤ ਫੈਸਲਾ, ਕੇਂਦਰੀ ਮੰਤਰੀ ਨੇ ਦਿੱਤੇ ਸੰਕੇਤ
ਦੀਪਕ ਗਰਗ
ਚੰਡੀਗੜ੍ਹ 6 ਜਨਵਰੀ 2022
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪੱਖੋਂ ਹੋਈ ਕੁਤਾਹੀ ਤੇ ਵੱਡੀ ਕਾਰਵਾਈ ਦੇ ਸੰਕੇਤ ਦਿੱਤੇ ਹਨ। ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰਵਾਰ ਨੂੰ ਕਿਹਾ ਕਿ ਗ੍ਰਹਿ ਮੰਤਰਾਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੌਰਾਨ ਸੁਰੱਖਿਆ ਖਾਮੀਆਂ ਬਾਰੇ ਜਾਣਕਾਰੀ ਇਕੱਠੀ ਕਰ ਰਿਹਾ ਹੈ ਅਤੇ ਵੱਡੇ ਅਤੇ ਸਖ਼ਤ ਫੈਸਲੇ ਲਏ ਜਾਣਗੇ।
ਪੀਟੀਆਈ ਮੁਤਾਬਿਕ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੁਰੱਖਿਆ ਉਲੰਘਣ ਦੇ ਮੁੱਦੇ 'ਤੇ ਸਵਾਲਾਂ ਦੇ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਕੁਝ ਲੋਕ ਇਸ ਸਬੰਧੀ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਅਨੁਰਾਗ ਠਾਕੁਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ, 'ਗ੍ਰਹਿ ਮੰਤਰਾਲੇ ਨੇ ਵੀ ਕਾਰਵਾਈ ਕਰਨ ਦੀ ਗੱਲ ਕੀਤੀ ਹੈ। ਜਾਣਕਾਰੀ ਇਕੱਠੀ ਕਰਨ ਤੋਂ ਬਾਅਦ, ਜੋ ਵੀ ਕਦਮ ... ਵੱਡੇ ਅਤੇ ਸਖ਼ਤ ਫੈਸਲੇ ਲਏ ਜਾਣਗੇ।
ਉਨ੍ਹਾਂ ਕਿਹਾ, "ਮੇਰਾ ਪੱਕਾ ਵਿਸ਼ਵਾਸ ਹੈ ਕਿ ਦੇਸ਼ ਦੀ ਨਿਆਂ ਪ੍ਰਣਾਲੀ ਸਾਰਿਆਂ ਨਾਲ ਨਿਆਂ ਕਰਦੀ ਹੈ ਅਤੇ ਜਦੋਂ ਅਜਿਹੀਆਂ ਗਲਤੀਆਂ ਹੁੰਦੀਆਂ ਹਨ, ਤਾਂ ਜੋ ਵੀ ਕਦਮ ਚੁੱਕਣ ਦੀ ਲੋੜ ਹੁੰਦੀ ਹੈ, ਉਹ ਚੁੱਕੇ ਜਾਣਗੇ।" ਮੰਤਰੀ ਮੰਡਲ ਅਤੇ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਤੋਂ ਇਲਾਵਾ ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।
ਗੌਰਤਲਬ ਹੈ ਕਿ ਪੰਜਾਬ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਢਿੱਲ ਦੇਣ ਦੀ ਘਟਨਾ ਬੁੱਧਵਾਰ ਨੂੰ ਉਸ ਸਮੇਂ ਵਾਪਰੀ ਜਦੋਂ ਕੁਝ ਪ੍ਰਦਰਸ਼ਨਕਾਰੀਆਂ ਨੇ ਫਿਰੋਜ਼ਪੁਰ 'ਚ ਜਿਸ ਸੜਕ ਤੋਂ ਉਨ੍ਹਾਂ ਨੇ ਲੰਘਣਾ ਸੀ, ਨੂੰ ਰੋਕ ਦਿੱਤਾ। ਇਸ ਕਾਰਨ ਪ੍ਰਧਾਨ ਮੰਤਰੀ ਕਰੀਬ 20 ਮਿੰਟ ਤੱਕ ਫਲਾਈਓਵਰ 'ਤੇ ਫਸੇ ਰਹੇ। ਘਟਨਾ ਤੋਂ ਬਾਅਦ ਪ੍ਰਧਾਨ ਮੰਤਰੀ ਬਿਨਾਂ ਕਿਸੇ ਪ੍ਰੋਗਰਾਮ 'ਚ ਸ਼ਾਮਲ ਹੋਏ ਦਿੱਲੀ ਪਰਤ ਗਏ।