ਆਦਰਸ਼ ਚੋਣ ਜ਼ਾਬਤੇ ਤੋਂ ਕਰਾਇਆ ਜਾਣੂ, ਸਹਿਯੋਗ ਦੀ ਮੰਗ
ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸਫ਼ਲ ਚੋਣਾਂ ਕਰਾਉਣ ਵਿੱਚ ਮੀਡੀਆ ਅਹਿਮ ਭੂਮਿਕਾ ਨਿਭਾਅ ਸਕਦਾ ਹੈ - ਜ਼ਿਲ੍ਹਾ ਚੋਣ ਅਫ਼ਸਰ
21 ਜਨਵਰੀ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਅਤੇ 14 ਫਰਵਰੀ ਨੂੰ ਹੋਵੇਗਾ ਮਤਦਾਨ
ਚੋਣ ਜ਼ਾਬਤੇ ਦੀ ਉਲੰਘਣਾ ’ਤੇ ਹੋਵੇਗੀ ਸਖਤ ਕਾਰਵਾਈ
ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਮੁਕੰਮਲ ਪਾਬੰਦੀ
ਮਾਲੇਰਕੋਟਲਾ, 10 ਜਨਵਰੀ 2022: ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਦੀਆਂ ਵਿਧਾਨ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਜਿਸ ਦੀ ਪਾਲਣਾ ਹਰ ਹੀਲੇ ਕੀਤੀ ਜਾਵੇਗੀ। ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਸਫ਼ਲ ਚੋਣਾਂ ਕਰਾਉਣ ਵਿੱਚ ਮੀਡੀਆ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਇਹ ਵਿਚਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ - ਕਮ - ਡਿਪਟੀ ਕਮਿਸ਼ਨਰ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਅੱਜ ਮੀਡੀਆ ਕਰਮੀਆਂ ਨਾਲ ਵਿਸ਼ੇਸ਼ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ।
ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਜ਼ਿਲ੍ਹੇ ਵਿੱਚ 2 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ।
ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਦੋਵੇਂ ਵਿਧਾਨ ਸਭਾ ਹਲਕਿਆਂ ਵਾਸਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿਖੇ 21 ਜਨਵਰੀ ਤੋਂ 28 ਜਨਵਰੀ, 2022 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 29 ਜਨਵਰੀ ਨੂੰ ਅਤੇ ਵਾਪਸੀ 31 ਜਨਵਰੀ ਤੱਕ ਹੋ ਸਕੇਗੀ। ਮਤਦਾਨ 14 ਫਰਵਰੀ 2022 ਨੂੰ ਹੋਵੇਗਾ ਅਤੇ ਗਿਣਤੀ 10 ਮਾਰਚ 2022 ਨੂੰ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ 15 ਜਨਵਰੀ ਤੱਕ ਸਿਆਸੀ ਰੈਲੀਆਂ, ਇਕੱਠਾਂ ਉੱਪਰ ਮੁਕੰਮਲ ਰੂਪ ਵਿਚ ਪਾਬੰਦੀ ਲਾਈ ਗਈ ਹੈ। ਇਸ ਤੋਂ ਇਲਾਵਾ ਪਹਿਲਾਂ ਦਿੱਤੀਆਂ ਮਨਜ਼ੂਰੀਆਂ ਵੀ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾ ਚੁੱਕੇ ਹਨ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਸ਼੍ਰੀਮਤੀ ਮਾਧਵੀ ਕਟਾਰੀਆ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕੁੱਲ 324159 ਵੋਟਰ ਦਰਜ ਹਨ। ਇਹਨਾਂ ਵਿੱਚ 171645 ਮਰਦ ਅਤੇ 152505 ਔਰਤ ਵੋਟਰ ਸ਼ਾਮਿਲ ਹਨ। ਸਰਵਿਸ ਵੋਟਰਾਂ ਦੀ ਗਿਣਤੀ 1215 ਅਤੇ ਤੀਜੇ ਲਿੰਗ ਵਾਲੇ 9 ਵੋਟਰ ਹਨ। ਜ਼ਿਲ੍ਹੇ ਵਿੱਚ 6373 ਵੋਟਰ 80+ ਉਮਰ ਵਾਲੇ ਅਤੇ 2000 ਵਿਕਲਾਂਗ ਵੋਟਰ ਹਨ। 80+ ਉਮਰ ਵਾਲੇ ਅਤੇ 2000 ਵਿਕਲਾਂਗ ਵੋਟਰਾਂ ਸਮੇਤ ਕਰੋਨਾ ਤੋਂ ਪੀੜਤ ਇਲਾਜ਼ ਕਰਵਾ ਰਹੇ ਮਰੀਜ਼ਾਂ ਨੂੰ ਉਹਨਾਂ ਦੀ ਮੰਗ ਅਨੁਸਾਰ ਪੋਸਟਲ ਬੈਲਟ ਪੇਪਰ ਨਾਲ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜੇਕਰ ਕਿਸੇ ਯੋਗ ਵਿਅਕਤੀ ਨੇ ਵੋਟ ਬਣਾਉਣੀ ਹੈ ਤਾਂ ਉਹ 28 ਜਨਵਰੀ, 2022 ਤੱਕ ਅਪਲਾਈ ਕਰ ਸਕਦਾ ਹੈ। ਪੋਲਿੰਗ ਸਟੇਸ਼ਨਾਂ ਦੀ ਗਿਣਤੀ 400 ਹੈ।
ਉਹਨਾਂ ਕਿਹਾ ਕਿ ਜ਼ਿਲ੍ਹਾ ਮਾਲੇਰਕੋਟਲਾ ਦੇ ਵੋਟਰਾਂ ਦੀ ਸਹੂਲਤ ਅਤੇ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਲਈ ਜ਼ਿਲ੍ਹਾ ਪੱਧਰੀ ਸ਼ਿਕਾਇਤ ਸੈੱਲ ਦਾ ਗਠਨ ਕਰ ਦਿੱਤਾ ਗਿਆ ਹੈ ਜਿਸ ਦਾ ਨੰਬਰ 01675252520 ਹੈ। ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਨੂੰ ਸ਼ਿਕਾਇਤ ਸੈੱਲ ਦਾ ਨੋਡਲ ਅਫ਼ਸਰ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਜਲਦ ਹੀ ਚੋਣ ਕਮਿਸ਼ਨ ਦਾ ਟੋਲ ਫਰੀ ਨੰਬਰ 1950 ਵੀ ਚਾਲੂ ਹੋ ਜਾਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ। ਇਸ ਦੌਰਾਨ ਉਹਨਾਂ ਸਮੂਹ ਮੀਡੀਆ ਕਰਮੀਆਂ ਨੂੰ ਅਗਾਮੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਹਰ ਸੰਭਵ ਸਹਿਯੋਗ ਕਰਨ ਦੀ ਅਪੀਲ ਕੀਤੀ।