ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਦੀ ਪ੍ਰਕ੍ਰਿਆ ਪੂਰੀ ਕਰਵਾਉਂਦੇ ਹੋਏ। ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਏ.ਡੀ.ਸੀ (ਜ) ਸ. ਗੁਰਪ੍ਰੀਤ ਸਿੰਘ ਥਿੰਦ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਕੁਮਾਰ ਅਤੇ ਚੋਣ ਤਹਿਸੀਲਦਾਰ ਸ੍ਰੀ ਰਾਮਜੀ ਲਾਲ ਵੀ ਨਜ਼ਰ ਆ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਮਲੇ ਦੀ ਰੈਂਡੇਮਾਈਜੇਸ਼ਨ ਕਰਵਾਈ, ਪਹਿਲੀ ਰਿਹਰਸਲ 22 ਜਨਵਰੀ ਨੂੰ
ਰਿਹਰਸਲ ਦੌਰਾਨ ਦਿੱਤੀਆਂ ਹਦਾਇਤਾਂ, ਨਿਯਮਾਂ ਤੇ ਨਸੀਹਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ-ਜ਼ਿਲ੍ਹਾ ਚੋਣ ਅਫ਼ਸਰ
ਕਿਸੇ ਕਿਸਮ ਦੀ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਤੇ ਹੁਕਮ ਅਦੂਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ-ਹੰਸ
ਪਟਿਆਲਾ, 17 ਜਨਵਰੀ 2022: ਪਟਿਆਲਾ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਚੋਣ ਅਮਲੇ ਦੀ ਤਾਇਨਾਤੀ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਅੱਜ ਚੋਣ ਅਮਲੇ ਦੀ ਤਾਇਨਾਤੀ ਲਈ ਪਹਿਲੀ ਰੈਂਡੇਮਾਈਜੇਸ਼ਨ ਦੀ ਪ੍ਰਕ੍ਰਿਆ ਪੂਰੀ ਕਰਵਾਈ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਮਲੇ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਇਹ ਚੋਣਾਂ ਨਿਰਵਿਘਨ, ਨਿਰਪੱਖ ਅਤੇ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਲਗਾਈ ਗਈ ਆਪਣੀ ਡਿਊਟੀ ਨੂੰ ਪੂਰੀ ਪ੍ਰਤੀਬੱਧਤਾ ਨਾਲ ਨਿਭਾਉਣ।
ਸ੍ਰੀ ਸੰਦੀਪ ਹੰਸ ਨੇ ਸਮੂਹ ਚੋਣ ਅਮਲੇ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਚੋਣਾਂ ਲਈ ਰਿਟਰਨਿੰਗ ਅਧਿਕਾਰੀਆਂ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਪਹਿਲੀ ਰਿਹਰਸਲ ਲਈ 22 ਜਨਵਰੀ ਨੂੰ ਤੈਅ ਕੀਤੇ ਸਮੇਂ ਦੀ ਪਾਲਣਾ ਅਤੇ ਚੋਣ ਅਮਲ ਨੂੰ ਸਿਰੇ ਚਾੜ੍ਹਨ ਲਈ ਰਿਹਰਸਲ ਦੌਰਾਨ ਦਿੱਤੀਆਂ ਗਈਆਂ ਹਦਾਇਤਾਂ, ਨਿਯਮਾਂ ਅਤੇ ਨਸੀਹਤਾਂ ਦੀ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਰੀ ਪ੍ਰਕ੍ਰਿਆ ਦੌਰਾਨ ਅਧਿਕਾਰੀਆਂ ਜਾਂ ਕਰਮਚਾਰੀਆਂ ਵੱਲੋਂ ਕਿਸੇ ਵੀ ਕਿਸਮ ਦੀ ਕੀਤੀ ਗਈ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਹੁਕਮ ਅਦੂਲੀ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਦੇ ਸਮੁੱਚੇ ਚੋਣ ਅਮਲ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਚੋਣ ਅਮਲੇ ਸਮੇਤ ਕਰੀਬ 10000 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਚੋਣਾਂ ਲਈ 1784 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਚੋਣ ਅਮਲੇ ਦੀ ਪਹਿਲੀ ਰਿਹਰਸਲ 22 ਜਨਵਰੀ 2022 ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਏ.ਡੀ.ਸੀ (ਜ) ਸ. ਗੁਰਪ੍ਰੀਤ ਸਿੰਘ ਥਿੰਦ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਸੰਜੀਵ ਕੁਮਾਰ ਅਤੇ ਚੋਣ ਤਹਿਸੀਲਦਾਰ ਸ੍ਰੀ ਰਾਮਜੀ ਲਾਲ ਵੀ ਮੌਜੂਦ ਸਨ।