ਦਰਸ਼ਨ ਕੋਟਫੱਤਾ ਦੇ ਹੱਕ ’ਚ ਪ੍ਰਚਾਰ ਮੌਕੇ ਹਰਸਿਮਰਤ ਵੱਲੋਂ ਚੰਨੀ ਤੇ ਨਿਸ਼ਾਨੇ, ਵੀਡੀਓ ਵੀ ਦੇਖੋ
ਅਸ਼ੋਕ ਵਰਮਾ
ਬਠਿੰਡਾ, 20 ਜਨਵਰੀ 2021: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ ਉਹਨਾਂ ਦੇ ਮੁੱਖ ਮੰਤਰੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਕਰੋੜਾਂ ਰੁਪਏ ਇਕੱਠੇ ਕੀਤੇ ਹਨ। ਬਠਿੰਡਾ ਜ਼ਿਲ੍ਹੇ ਵਿਚ ਭੁੱਚੋ ਹਲਕੇ ਤੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਦੇ ਚੋਣ ਦਫਤਰ ਦਾ ਉਦਘਾਟਨ ਕਰਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਵੱਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਰਿਹਾਇਸ਼ ’ਤੇ ਮਾਰੇ ਛਾਪਿਆਂ ਤੇ 11 ਕਰੋੜ ਰੁਪਏ ਨਗਦ ਦੀ ਬਰਾਮਦੀ ਨੇ ਇਹ ਗੱਲ ਸਪਸ਼ਟ ਕਰ ਦਿੱਤੀ ਹੈ । ਉਹਨਾਂ ਕਿਹਾ ਕਿ ਇਹ ਵੀ ਸਾਫ ਕੀਤਾ ਹੈ ਕਿ ਸੂਬੇ ਵਿਚ ਰੇਤ ਮਾਫੀਆ ਚੰਨੀ ਵੱਲੋਂ ਚਲਾਇਆ ਜਾ ਰਿਹਾ ਹੈ।
ਉਹਨਾਂ ਨੇ ਇਹ ਵੀ ਮੰਗ ਕੀਤੀ ਕਿ ਅਖੌਤੀ ਗਰੀਬ ਮੁੱਖ ਮੰਤਰੀ ਪੰਜਾਬੀਆਂ ਨੁੰ ਦੱਸਣ ਕਿ ਕਿਵੇਂ ਉਹਨਾਂ ਦੇ ਨਜ਼ਦੀਕੀ ਰਿਸ਼ਤੇਦਾਰ ਕੋਲੋਂ 11 ਕਰੋੜ ਰੁਪਏ ਬੇਨਾਮੀ ਮਿਲੇ ਹਨ।ਬੀਬੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਵੀ ਰਿਪੋਰਟਾਂ ਹਨ ਕਿ ਮੁੱਖ ਮੰਤਰੀ ਨੇ ਆਪਣੀ ਮੋਰਿੰਡਾ ਰਿਹਾਇਸ਼ ਤੋਂ ਵੱਡੀ ਮਾਤਰਾ ਵਿਚ ਨਗਦੀ ਚੰਡੀਗੜ੍ਹ ਵਿਚ ਆਪਣੀ ਸਰਕਾਰੀ ਰਿਹਾਇਸ਼ ’ਤੇ ਪਹੁੰਚਾਏ ਹਨ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸੰਵਦੇਨਸ਼ੀਲ ਮਾਮਲਾ ਹੈ ਤੇ ਇਸਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਚੰਗਾ ਹੋਵੇਗਾ ਜੇਕਰ ਇਹ ਸੀਨੀਅਰ ਜੱਜ ਵੱਲੋਂ ਕੀਤੀ ਜਾਵੇ।ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜ ਸਾਲਾਂ ਦੇ ਰਾਜਕਾਲ ਦੌਰਾਨ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ।
ਵੀਡੀਓ ਵੀ ਦੇਖੋ....
https://www.facebook.com/BabushahiDotCom/videos/3194883487415324
ਉਹਨਾਂ ਕਿਹਾ ਕਿ ਪਿਛਲੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜ ਠੱਪ ਕਰ ਦਿੱਤੇ ਗਏ। ਸਰਕਾਰ ਸਮਾਜ ਦੇ ਹਰ ਵਰਗ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜ ਗਈ। ਸਮਾਜ ਦੇ ਗਰੀਬ ਤੇ ਐਸ ਸੀ ਵਰਗ ਦੀਆਂ ਸਮਾਜ ਭਲਾਈ ਸਕੀਮਾਂ ਵਿਚੋਂ ਅਨੇਕਾਂ ਲਾਭਪਾਤਰੀਆਂ ਦੀ ਨਾਂ ਕੱਟ ਦਿੱਤੇ ਗਏ ਤੇ ਕਈ ਸਕੀਮਾਂ ਤਾਂ ਬੰਦ ਕਰ ਦਿੱਤੀਆਂ ਗਈਆਂ। ਉਹਨਾਂ ਕਿਹਾ ਕਿ ਅਜਿਹਾ ਰਿਕਾਰਡ ਹੋਣ ਦੇ ਬਾਵਜੂਦ ਕਾਂਗਰਸ ਪਾਰਟੀ ਫਿਰ ਤੋਂ ਤਿੰਨ ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲ ਕੇ ਲੋਕਾਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੀ ਹੈ। ਵੱਡੀਆਂ ਵੱਡੀਆਂ ਸਕੀਮਾਂ ਤੇ ਰਾਹਤਾਂ ਦਾ ਐਲਾਨ ਕੀਤਾ ਗਿਆ ਪਰ ਜ਼ਮੀਨੀ ਪੱਧਰ ’ਤੇ ਕੋਈ ਲਾਗੂ ਨਹੀਂ ਹੋਈਆਂ।
ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪੰਜਾਬ ਕਾਂਗਰਸ ਦੀ ਸਿਖ਼ਰਲੀ ਕੁਰਸੀ ਵਾਸਤੇ ਅੰਦਰੂਨੀ ਲੜਾਈ ਕਾਰਨ ਲੋਕਾਂ ਨੁੰ ਮੁਸ਼ਕਿਲਾਂ ਝੱਲਣੀਆਂ ਪਈਆਂ ਕਿਉਂਕਿ ਪ੍ਰਸ਼ਾਸਕੀ ਕੰਮਕਾਜ ਠੱਪ ਹੋ ਗਿਆ ਤੇ ਅਮਨ ਕਾਨੁੰਨ ਵਿਵਸਥਾ ਵੀ ਢਹਿ ਢੇਰੀ ਹੋ ਗਈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵਰ੍ਹਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਆਪਣੀਆਂ ਕੋਝੀਆਂ ਚਾਲਾਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕਰ ਰਹੇ ਹਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸੂਬੇ ਦੇ ਸਾਰੇ ਹਲਕਿਆਂ ਲਈ ਟਿਕਟਾਂ ਵੇਚਣ ਤੋਂ ਬਾਅਦ ਉਹਨਾਂ ਨੇ ਇਕ ਜਾਅਲੀ ਜਿਹਾ ਫੋਨ ਸਰਵੇਖਣ ਕਰਵਾ ਕੇ ਪਾਰਟੀ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਚੇਹਰੇ ਦੀ ਪੋਸਟ ਵੀ ਵੇਚ ਦਿੱਤੀ ਹੈ।
ਉਹਨਾਂ ਨੇ ਆਪ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਭਗਵੰਤ ਮਾਨ ਨੁੰ ਵੀ ਆਖਿਆ ਕਿ ਉਹ ਪੰਜਾਬੀਆਂ ਨੁੰ ਦੱਸਣ ਕਿ ਰਬੜ ਦੀ ਮੋਹਰ ਹੋ ਕੇ ਉਹ ਕੇਜਰੀਵਾਲ ਦਾ ਵਿਰੋਧ ਕਿਵੇਂ ਕਰਨਗੇ ਤੇ ਕਿਵੇਂ ਉਹਨਾ ਨੂੰ ਪੰਜਾਬ ਦੇ ਦਰਿਆਈ ਪਾਣੀ ਹਰਿਆਣਾ ਤੇ ਦਿੱਲੀ ਨੂੰ ਦੇਣ ਅਤੇ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਨ ਦੇ ਫੈਸਲੇ ਦਾ ਵਿਰੋਧ ਕਰਨਗੇ। ਉਹਨਾਂ ਨੇ ਮਾਨ ਨੂੰ ਆਖਿਆ ਕਿ ਉਹ ਇਹ ਵੀ ਦੱਸਣ ਕਿ ਉਹਨਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਕੇਸ ਦਰਜ ਕਰਨ ਲਈ ਕੇਜਰੀਵਾਲ ਦੀ ਮੰਗ ਦਾ ਹੁਣ ਤੱਕ ਕਦੇ ਵਿਰੋਧ ਕਿਉਂ ਨਹੀਂ ਕੀਤਾ।
ਉਹਨਾਂ ਅਪੀਲ ਕੀਤੀ ਕਿ ਉਹ ਸਰਦਾਰ ਦਰਸ਼ਨ ਸਿੰਘ ਕੋਟਫੱਤਾ ਦੀ ਜਿੱਤ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਉਹਨਾਂ ਨੁੰ ਵਿਸ਼ਵਾਸ ਹੈ ਕਿ ਅਕਾਲੀ ਦਲ ਤੇ ਬਸਪਾ ਗਠਜੋੜ ਪੰਜਾਬ ਚੋਣਾਂ ਵਿਚ ਹੂੰਝਾਫੇਰ ਜਿੱਤ ਦਰਜ ਕਰੇਗਾ ਅਤੇ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਬਣਨ ਤੋਂ ਬਾਅਦ ਹਰ ਪਿੰਡ ਨੁੰ ਵਿਕਾਸ ਕਾਰਜਾਂ ਲਈ ਢੁੱਕਵੀਂ ਗਰਾਂਟ ਪ੍ਰਦਾਨ ਕੀਤੀ ਜਾਵੇਗੀ।