ਦਲਜੀਤ ਕੌਰ ਭਵਾਨੀਗੜ੍ਹ
ਜਲੰਧਰ, 14 ਫਰਵਰੀ, 2022: ਕੁੱਲ ਹਿੰਦ ਕਿਸਾਨ ਮਜ਼ਦੂਰ ਸਭਾ ਦੀ ਪੰਜਾਬ ਇਕਾਈ ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਵੱਖ-ਵੱਖ ਕਿਸਾਨ ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ, ਕਾਰਕੁੰਨਾਂ ਨੂੰ ਘਰਾਂ ਚ ਨਜ਼ਰਬੰਦ ਕਰਨ ਤੋਂ ਇਲਾਵਾ ਕਿਰਤੀ ਕਿਸਾਨ ਯੂਨੀਅਨ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੀ ਲੀਡਰਸ਼ਿਪ ਅਤੇ ਕਾਰਕੁਨਾਂ ਆਸ਼ਾ ਵਰਕਰਾਂ ਸਮੇਤ ਮੁਲਾਜ਼ਮਾਂ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਖੇ ਨਜਰਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਕੌਮੀ ਮੀਤ ਪ੍ਰਧਾਨ ਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸਭਾ ਦੇ ਕੌਮੀ ਸਕੱਤਰ ਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ ਨੇ ਕਿਹਾ ਕਿ ਇਹ ਆਮ ਲੋਕਾਂ ਦਾ ਸ਼ਾਂਤਮਈ ਵਿਰੋਧ ਕਰਨ ਦੇ ਹੱਕ ਤੇ ਹਮਲਾ ਹੈ । ਨਰਿੰਦਰ ਮੋਦੀ ਦੀ ਚੋਣਾਂ ਸੰਬੰਧੀ ਪੰਜਾਬ ਫੇਰੀ ਦੌਰਾਨ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਸਮਰਾ, ਮੱਖਣ ਸਿੰਘ ਕੰਦੋਲਾ, ਯੂਥ ਵਿੰਗ ਦੇ ਜ਼ਿਲ੍ਹਾ ਆਗੂ ਬੂਟਾ ਸਿੰਘ ਸ਼ਾਦੀਪੁਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਆਗੂ ਹਰਿੰਦਰ ਦੋਸਾਂਝ, ਗੁਰਇੰਦਰਜੀਤ ਸਿੰਘ, ਬੀਕੇਯੂ ਦੋਆਬਾ ਦੇ ਜ਼ਿਲ੍ਹਾ ਪ੍ਰਧਾਨ ਮੱਲੀ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਕਰਤਾਰਪੁਰ ਤੋਂ ਆਗੂ ਅਮਰਜੀਤ ਸਿੰਘ ਨਵਾਂ ਪਿੰਡ ਅਤੇ ਉਸਦੇ ਪਰਿਵਾਰ ਨੂੰ ਸ਼ਹਿਰ ਚ ਹੀ ਨਜ਼ਰਬੰਦ ਕਰਨ ਦੀ ਯੂਨੀਅਨ ਸਖ਼ਤ ਨਿਖੇਧੀ ਕਰਦੀ ਹੈ।
ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਰਹਿੰਦੀਆਂ ਮੰਗਾਂ ਤੇ ਜਿਸ ਵਿਚ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਦੋਸ਼ੀਅਾਂ ਨੂੰ ਕੇਸ ਕਮਜ਼ੋਰ ਕਰਕੇ ਜਮਾਨਤਾਂ ਦੇਣਾ, ਸ਼ਹੀਦ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਸੰਬੰਧੀ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਤੇ ਕਾਨੂੰਨ ਬਣਾਉਣ ਸੰਬੰਧੀ ਸਰਕਾਰ ਪੂਰੀ ਤਰ੍ਹਾਂ ਚੁੱਪ ਹੈ। ਜਿਸ ਤੇ ਕਿਸਾਨ ਜੱਥੇਬੰਦੀਆਂ ਵੱਲੋਂ ਇਸਦੇ ਵਿਰੋਧ 'ਚ ਮੋਦੀ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਕਰਕੇ ਕਿਸਾਨਾਂ ਅਤੇ ਮਜਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਘਰਾਂ 'ਚ ਬੰੰਦ ਕਰਨਾ ਸਿਰੇ ਦੀ ਬੇਸ਼ਰਮੀ ਹੈ।