ਮੋਦੀ ਵੱਲੋਂ ਪੰਜਾਬੀਆਂ ਨੂੰ 5 ਸਾਲ ਸੇਵਾ ਕਰਨ ਦਾ ਮੌਕਾ ਦੇਣ ਦੀ ਅਪੀਲ
ਚੰਡੀਗੜ੍ਹ: 16 ਫਰਵਰੀ 2022 - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀਆਂ ਨੂੰ 5 ਸਾਲ ਸੇਵਾ ਕਰਨ ਦਾ ਮੌਕਾ ਦੇਣ ਦੀ ਭਾਵੁਕ ਅਪੀਲ ਕੀਤੀ ਹੈ। ਉਨ੍ਹਾਂ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੇਤੀਬਾੜੀ, ਵਪਾਰ ਅਤੇ ਉਦਯੋਗ ਨੂੰ ਪੂਰੀ ਤਰ੍ਹਾਂ ਸੁਰਜੀਤ ਕਰਨ ਦਾ ਵਾਅਦਾ ਕੀਤਾ ਹੈ। ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਦੀ ਸਰਕਾਰ ਬਣਦੀ ਹੈ, ਲੋਕ ਉਸ ਨੂੰ ਜਾਣ ਨਹੀਂ ਦਿੰਦੇ ਅਤੇ ਕਦੇ ਵੀ ਕੋਈ ਵਿਰੋਧ ਨਹੀਂ ਹੁੰਦਾ ਕਿਉਂਕਿ ਭਾਜਪਾ ਸਰਕਾਰ ਲੋਕਾਂ ਦੀ ਸੇਵਾ ਕਰਨ ਅਤੇ ਸੂਬੇ ਦੀ ਤਰੱਕੀ ਵਿੱਚ ਵਿਸ਼ਵਾਸ ਰੱਖਦੀ ਹੈ। ਜਿੱਥੇ ਵੀ ਭਾਜਪਾ ਸੱਤਾ ਵਿੱਚ ਆਉਂਦੀ ਹੈ, ਉੱਥੇ ਭ੍ਰਿਸ਼ਟਾਚਾਰ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਭਾਜਪਾ ਜਿੱਥੇ ਵੀ ਵਿਕਾਸ ਅਤੇ ਤਰੱਕੀ ਦਾ ਕਾਫ਼ਲਾ ਸ਼ੁਰੂ ਕਰਦੀ ਹੈ, ਵੱਧ ਤੋਂ ਵੱਧ ਲੋਕ ਇਸ ਨਾਲ ਜੁੜਦੇ ਹਨ ਅਤੇ ਉਹ ਇਸ ਨੂੰ ਨਹੀਂ ਛੱਡਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ 20 ਫਰਵਰੀ ਨੂੰ ਵੋਟ ਪਾਉਣ। ਲੋਕਾਂ ਨੂੰ 20 ਫਰਵਰੀ ਨੂੰ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਅਤੇ ਸੂਬੇ ਦੀ ਤਰੱਕੀ ਲਈ ਵੋਟ ਪਾਉਣੀ ਚਾਹੀਦੀ ਹੈ।
ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪਰਵ 'ਤੇ ਸ਼ਰਧਾਂਜਲੀ ਭੇਟ ਕਰਕੇ ਕੀਤੀ। ਉਨ੍ਹਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਹ ਆਪਣੇ ਵਿਚਾਰਾਂ ਵਿੱਚ ਵਿਸ਼ਵਾਸ ਰੱਖਦੇ ਹਨ ਕਿ ਸਭ ਨੂੰ ਬਰਾਬਰ ਹੋਣਾ ਚਾਹੀਦਾ ਹੈ ਅਤੇ ਸਾਰਿਆਂ ਨੂੰ ਸਰਕਾਰ ਦਾ ਭੋਜਨ ਮਿਲਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਡਬਲ ਇੰਜਨ ਸਰਕਾਰ ਦੀ ਲੋੜ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਇਸ ਵਾਰ ਭਾਜਪਾ ਨੂੰ ਮੌਕਾ ਦੇਣ ਦਾ ਫੈਸਲਾ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਵਿੱਚ ਭਾਜਪਾ ਦੀ ਸਰਕਾਰ ਨਹੀਂ ਸੀ ਤਾਂ ਕੇਂਦਰ ਸਰਕਾਰ ਨੇ ਇੱਥੇ ਹਾਈਵੇਅ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਲਈ ਵੱਡੀ ਰਕਮ ਦਾ ਨਿਵੇਸ਼ ਕੀਤਾ।
ਮੋਦੀ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ 'ਤੇ ਅਪਰਾਧਾਂ 'ਚ ਭਾਈਵਾਲ ਹੋਣ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਨੇ ਸ਼੍ਰੀ ਰਾਮ ਮੰਦਰ ਦੀ ਉਸਾਰੀ ਦਾ ਵਿਰੋਧ ਕੀਤਾ ਸੀ ਅਤੇ ਸਾਡੇ ਰੱਖਿਆ ਬਲਾਂ ਦੀ ਬਹਾਦਰੀ 'ਤੇ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਇੱਕ ਧਿਰ ਨੇ ਸੂਬੇ ਨੂੰ ਨਸ਼ਿਆਂ ਵਿੱਚ ਧਕੇਲਿਆ ਹੈ, ਉਥੇ ਦੂਜੀ ਧਿਰ ਦਿੱਲੀ ਦੇ ਕੋਨੇ-ਕੋਨੇ ਵਿੱਚ ਸ਼ਰਾਬ ਫੈਲਾ ਰਹੀ ਹੈ। ਦੋਵੇਂ ਪਾਰਟੀਆਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।
ਮੋਦੀ ਨੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਜਦੋਂ ਪਠਾਨਕੋਟ 'ਚ ਅੱਤਵਾਦੀ ਹਮਲਾ ਹੋਇਆ ਸੀ ਅਤੇ ਪੂਰਾ ਦੇਸ਼ ਇਕਜੁੱਟ ਸੀ ਤਾਂ ਕਾਂਗਰਸ ਪਾਕਿਸਤਾਨ ਵਾਂਗ ਵੱਖਰਾ ਰਾਗ ਅਲਾਪ ਰਹੀ ਸੀ। ਉਨ੍ਹਾਂ ਨੇ ਸਾਡੇ ਜਵਾਨਾਂ ਦੀ ਬਹਾਦਰੀ 'ਤੇ ਸਵਾਲ ਕੀਤਾ, ਅਜਿਹਾ ਕਿਉਂ? ਉਹ ਸਾਡੇ ਸੈਨਿਕਾਂ ਦੀ ਕੁਰਬਾਨੀ ਅਤੇ ਬਹਾਦਰੀ ਦਾ ਸਬੂਤ ਚਾਹੁੰਦੇ ਸਨ। ਉਨ੍ਹਾਂ ਸਰਜੀਕਲ ਸਟ੍ਰੀਕਸ ਬਾਰੇ ਖਦਸ਼ਾ ਪ੍ਰਗਟਾਉਣ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਦੋਂ ਸਾਡੇ ਜਵਾਨ ਆਪਣੀ ਬਹਾਦਰੀ ਅਤੇ ਕੁਰਬਾਨੀ ਦਿਖਾ ਰਹੇ ਸਨ ਤਾਂ ਭਾਰਤ ਦੀਆਂ ਕੁਝ ਸਿਆਸੀ ਪਾਰਟੀਆਂ ਪਾਕਿਸਤਾਨ ਦੀ ਭਾਸ਼ਾ ਬੋਲ ਰਹੀਆਂ ਸਨ।
ਪ੍ਰਧਾਨ ਮੰਤਰੀ ਨੇ ਕਾਂਗਰਸ 'ਤੇ ਦੇਸ਼ ਦੀ ਵੰਡ ਵੇਲੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ 1965 ਅਤੇ 1971 ਦੀਆਂ ਜੰਗਾਂ ਵਿੱਚ ਭਾਰਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਵਾਪਸ ਲੈਣ ਦਾ ਸੁਨਹਿਰੀ ਮੌਕਾ ਮਿਲਿਆ ਸੀ ਪਰ ਕਾਂਗਰਸ ਸਰਕਾਰਾਂ ਨੇ ਇਸ ਦੀ ਪ੍ਰਵਾਹ ਨਹੀਂ ਕੀਤੀ। ਸਰਹੱਦੀ ਖੇਤਰਾਂ ਵਿੱਚ ਵਿਕਾਸ ਬਾਰੇ ਉਨ੍ਹਾਂ ਕਿਹਾ ਕਿ ਮੌਜੂਦਾ ਬਜਟ ਵਿੱਚ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਮੋਦੀ ਨੇ ਪਠਾਨਕੋਟ ਅਤੇ ਇੱਥੋਂ ਦੇ ਲੋਕਾਂ ਨਾਲ ਆਪਣੇ ਪੁਰਾਣੇ ਰਿਸ਼ਤੇ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਵਿੱਚ ਆਮ ਵਰਕਰ ਵਜੋਂ ਕੰਮ ਕਰਦਾ ਸੀ ਤਾਂ ਉਹ ਕਈ ਵਾਰ ਦੋ ਪਹੀਆ ਵਾਹਨ ਅਤੇ ਰੇਲ ਗੱਡੀ ਰਾਹੀਂ ਜੰਮੂ ਤੋਂ ਦਿੱਲੀ ਜਾਂਦੇ ਸਨ ਤਾਂ ਲੋਕ ਆ ਕੇ ਉਸ ਨੂੰ ਟਿਫ਼ਨ ਲੈ ਕੇ ਫੜਾ ਜਾਂਦੇ ਸਨ। ਉਹ ਲੋਕਾਂ ਦੇ ਉਸ ਪਿਆਰ ਅਤੇ ਸਬੰਧ ਨੂੰ ਨਹੀਂ ਭੁੱਲ ਸਕਦੇ।