ਮੋਹਾਲੀ:ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਰਾਬਤਾ ਕਾਇਮ
ਹਰਜਿੰਦਰ ਸਿੰਘ ਭੱਟੀ
- ਜ਼ਿਲ੍ਹੇ ਦੇ ਐਸਡੀਐਮ ਤੇ ਤਹਿਸੀਲਦਾਰ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ ਵਿਚ ਜਾ ਕੇ ਕਰ ਰਹੇ ਹਨ ਮੁਲਾਕਾਤ : ਈਸ਼ਾ ਕਾਲੀਆ
ਐਸ ਏ ਐਸ ਨਗਰ 1 ਮਾਰਚ 2022 - ਜ਼ਿਲ੍ਹਾ ਐਸ ਏ ਐਸ ਨਗਰ ਪ੍ਰਸ਼ਾਸਨ ਵੱਲੋਂ ਯੂਕ੍ਰੇਨ ਵਿਚ ਫਸੇ ਵਿਦਿਆਰਥੀਆਂ ਦੇ ਮਾਪਿਆਂ ਤੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੇ ਘਰ ਵਿੱਚ ਜਾ ਕੇ ਮੁਲਾਕਾਤ ਦਾ ਸਿਲਸਿਲਾ ਆਰੰਭਿਆ ਹੋਇਆ ਹੈ l ਪ੍ਰਸ਼ਾਸਨ ਵੱਲੋਂ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦਾ ਵੇਰਵਾ ਲੈ ਕੇ ਉਨ੍ਹਾਂ ਦੀ ਸਕੁਸ਼ਲ ਭਾਰਤ ਵਾਪਸੀ ਲਈ ਚਾਰਾਜੋਈ ਕੀਤੀ ਜਾ ਰਹੀ ਹੈ l ਇਸੇ ਸਿਲਸਿਲੇ ਵਿੱਚ ਅੱਜ ਐਸਏਐਸ ਨਗਰ ਦੇ ਐਸ ਡੀ ਐਮ ਸ੍ਰੀ ਹਰਬੰਸ ਸਿੰਘ , ਖਰੜ ਦੇ ਐਸ ਡੀ ਐਮ ਸ਼੍ਰੀ ਅਵਿਕੇਸ਼ ਗੁਪਤਾ ਤਹਿਸੀਲਦਾਰ ਸ੍ਰੀ ਪੁਨੀਤ ਬਾਂਸਲ ਅਤੇ ਨਾਇਬ ਤਹਿਸੀਲਦਾਰ ਸ੍ਰੀ ਦੀਪਕ ਭਾਰਦਵਾਜ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਜੰਗ ਮਾਰੂ ਦੇਸ਼ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੇ ਮਾਪੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਵੇਰਵੇ ਇਕੱਤਰ ਕੀਤੇ ਗਏ l ਅਧਿਕਾਰੀਆਂ ਵੱਲੋਂ ਪਰਿਵਾਰਕ ਮੈਂਬਰਾਂ ਦਾ ਹਾਲ ਚਾਲ ਪੁੱਛਿਆ ਗਿਆ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਸਹਾਇਤਾ ਦਾ ਭਰੋਸਾ ਵੀ ਦਿੱਤਾ ਗਿਆ l
ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਅੱਜ ਜ਼ਿਲ੍ਹੇ ਦੇ ਕਰੀਬ 19 ਅਜਿਹੇ ਪਰਿਵਾਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਨ੍ਹਾਂ ਦੇ ਬੱਚੇ ਯੂਕਰੇਨ ਵਿੱਚ ਫਸੇ ਹੋਏ ਹਨ l ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਪਹਿਲ ਦੇ ਆਧਾਰ ਤੇ ਪੂਰੀ ਗੰਭੀਰਤਾ ਨਾਲ ਇਨ੍ਹਾਂ ਬੱਚਿਆਂ ਦੇ ਵੇਰਵੇ ਇਕੱਤਰ ਕਰਕੇ ਭਾਰਤ ਸਰਕਾਰ ਰਾਹੀਂ ਇਨ੍ਹਾਂ ਬੱਚਿਆਂ ਦੀ ਸਕੁਸ਼ਲ ਵਤਨ ਵਾਪਸੀ ਲਈ ਹਰ ਹੀਲਾ ਵਰਤ ਰਹੀ ਹੈ l
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਐਸਏਐਸ ਨਗਰ ਪ੍ਰਸਾਸ਼ਨ ਵੱਲੋਂ ਯੂਕ੍ਰੇਨ ਵਿਚ ਫਸੇ ਵਿਦਿਆਰਥੀਆਂ ਦੇ ਵੇਰਵੇ ਇਕੱਤਰ ਕਰਨ ਲਈ ਪਹਿਲਾਂ ਤੋਂ ਹੀ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ ਉਨ੍ਹਾਂ ਦੱਸਿਆ ਕਿ ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋ ਹੈਲਪਲਾਈਨ ਨੰਬਰ 01722219505 ਅਤੇ 01722219506 ਸਥਾਪਤ ਕੀਤਾ ਗਿਆ ਹੈ, ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਇਹ ਹੈਲਪਲਾਈਨ ਨੰਬਰ 24 ਘੰਟੇ ਚੱਲਦਾ ਰਹੇਗਾ l