10 ਮਾਰਚ ਨੂੰ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਨੇ ਗਿਣਤੀ ਸਟਾਫ਼ ਨੂੰ ਦਿੱਤੀ ਸਿਖਲਾਈ
- ਗਿਣਤੀ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਡਿਪਟੀ ਕਮਿਸ਼ਨਰ
- ਈ.ਟੀ.ਪੀ.ਬੀ.ਐਸ. ਦੀ ਪ੍ਰਕਿਰਿਆ ਸਬੰਧੀ ਡਰਾਈ ਰਨ ਕਰਵਾਇਆ, ਏਨਕੋਰ ਕਾਊਂਟਿੰਗ ਮੋਡੀਊਲ ਸਬੰਧੀ ਵਿਸਥਾਰ ਨਾਲ ਦਿੱਤੀ ਜਾਣਕਾਰੀ
ਜਲੰਧਰ, 4 ਮਾਰਚ 2022 - 10 ਮਾਰਚ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਲਈ ਅਪਣਾਈ ਜਾਣ ਵਾਲੀ ਸਮੁੱਚੀ ਪ੍ਰਕਿਰਿਆ ਬਾਰੇ ਜਾਣਕਾਰੀ ਦੇਣ ਲਈ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ।
ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਮੈਰੀਟੋਰੀਅਸ ਸਕੂਲ, ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਅਤੇ ਦਫ਼ਤਰ, ਡਾਇਰੈਕਟਰ ਲੈਂਡ ਰਿਕਾਰਡ ਵਿਖੇ ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ। ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਵਾਰ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ ਅਤੇ ਹਰੇਕ ਗਿਣਤੀ ਕੇਂਦਰ ਵਿੱਚ 7-7 (ਕੁੱਲ 14) ਗਿਣਤੀ ਟੇਬਲ ਲਗਾਏ ਜਾਣਗੇ, ਜਿਨ੍ਹਾਂ ’ਤੇ ਕਾਊਂਟਿੰਗ ਸੁਪਰਵਾਈਜ਼ਰ, ਕਾਊਂਟਿੰਗ ਅਸਿਸਟੈਂਟ ਅਤੇ ਮਾਈਕਰੋ ਅਬਜ਼ਰਵਰ ਤਾਇਨਾਤ ਹੋਣਗੇ। ਇਸ ਤੋਂ ਇਲਾਵਾ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈ.ਟੀ.ਪੀ.ਬੀ.ਐਸ.) ਅਤੇ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਲਈ ਵੀ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਮੀਦਵਾਰ ਜਾਂ ਉਨ੍ਹਾਂ ਦੇ ਕਾਊਂਟਿੰਗ ਏਜੰਟਾਂ ਸਮੇਤ ਕਿਸੇ ਨੂੰ ਵੀ ਗਿਣਤੀ ਕੇਂਦਰਾਂ ਦੇ ਅੰਦਰ ਮੋਬਾਈਲ ਫ਼ੋਨ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਇਕ ਰਾਊਂਡ ਦੀ ਗਿਣਤੀ ਮੁਕੰਮਲ ਹੋਣ ਤੋਂ ਬਾਅਦ ਹੀ ਦੂਜੇ ਰਾਊਂਡ ਦੀ ਗਿਣਤੀ ਸ਼ੁਰੂ ਹੋਵੇਗੀ ਅਤੇ ਹਰੇਕ ਰਾਊਂਡ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈੱਬਸਾਈਟ 'ਤੇ ਨਾਲੋ-ਨਾਲ ਅਪਡੋਲ ਕੀਤੀ ਜਾਵੇਗੀ।
ਇਸ ਦੌਰਾਨ ਜ਼ਿਲ੍ਹਾ ਪੱਧਰੀ ਮਾਸਟਰ ਟਰੇਨਰਾਂ ਵੱਲੋਂ ਪਾਵਰ ਪੁਆਇੰਟ ਪ੍ਰਜੈਂਟੇਸ਼ਨ ਰਾਹੀਂ ਗਿਣਤੀ ਸਟਾਫ਼ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਤੇ ਵੀ.ਵੀ.ਪੈਟ ਮਸ਼ੀਨਾਂ ਨੂੰ ਗਿਣਤੀ ਕੇਂਦਰਾਂ ਵਿੱਚ ਲਿਆਉਣ, ਈ.ਵੀ.ਐਮਜ਼ ਤੋਂ ਗਿਣਤੀ ਕਰਨ ਦੀ ਸਮੁੱਚੀ ਪ੍ਰਕਿਰਿਆ, ਰਾਊਂਡ ਵਾਈਜ਼ ਨਤੀਜਾ ਘੋਸ਼ਿਤ ਕਰਨ, ਸਮੁੱਚੀ ਪ੍ਰਕਿਰਿਆ ਦੀ ਵੀਡੀਓ ਰਿਕਾਰਡਿੰਗ ਕਰਵਾਉਣ ਸਮੇਤ ਹੋਰ ਅਹਿਮ ਜਾਣਕਾਰੀ ਮੁਹੱਈਆ ਕਰਵਾਈ ਗਈ। ਗਿਣਤੀ ਸਟਾਫ਼ ਨੂੰ ਇਸ ਮੌਕੇ ਏਨਕੋਰ ਕਾਊਂਟਿੰਗ ਮੋਡੀਊਲ ਸਬੰਧੀ ਵਿਸਥਾਰ ਨਾਲ ਸਿਖਲਾਈ ਦੇਣ ਤੋਂ ਇਲਾਵਾ ਈ.ਟੀ.ਪੀ.ਬੀ.ਐਸ. ਦੀ ਪ੍ਰਕਿਰਿਆ ਸਬੰਧੀ ਡਰਾਈ ਰਨ ਵੀ ਕਰਵਾਇਆ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਮੂਹ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ ਚੋਣ ਤਹਿਸੀਦਾਰ ਸੁਖਦੇਵ ਸਿੰਘ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਤਕਨੀਕੀ ਟੀਮਾਂ ਦੇ ਮੈਂਬਰ ਮੌਜੂਦ ਸਨ।
ਉਪਰੰਤ ਭਾਰਤ ਚੋਣ ਕਮਿਸ਼ਨ ਵੱਲੋਂ ਕਰਵਾਏ ਆਨਲਾਈਨ ਡਾਊਟ ਕਲੀਅਰਿੰਗ ਸੈਸ਼ਨ ਵਿੱਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੁੱਚੇ 9 ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਨੇ ਹਿੱਸਾ ਲਿਆ।