ਚੋਣ ਕਮਿਸ਼ਨ ਨੇ ਨਤੀਜਿਆਂ ਤੋਂ ਬਾਅਦ ਜੇਤੂ ਜਲੂਸ ਕੱਢਣ 'ਤੇ ਲਗਾਈ ਪਾਬੰਦੀ : ਡਿਪਟੀ ਕਮਿਸ਼ਨਰ ਜਲੰਧਰ
- ਕਿਹਾ ਚੋਣ ਪ੍ਰਮਾਣ-ਪੱਤਰ ਪ੍ਰਾਪਤ ਕਰਨ ਸਮੇਂ ਉਮੀਦਵਾਰ ਦੇ ਨਾਲ ਸਿਰਫ਼ ਦੋ ਵਿਅਕਤੀਆਂ ਨੂੰ ਜਾਣ ਦੀ ਇਜਾਜ਼ਤ
- ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ
ਜਲੰਧਰ, 9 ਮਾਰਚ 2022 - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਕਿਹਾ ਕਿ ਭਾਰਤ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦੇ ਜੇਤੂ ਜਲੂਸ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਲਈ ਚੋਣਾਂ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਵਿੱਚ ਗਿਣਤੀ ਦੌਰਾਨ ਜਾਂ ਗਿਣਤੀ ਤੋਂ ਬਾਅਦ ਕਿਸੇ ਵੀ ਕਿਸਮ ਦਾ ਜੇਤੂ ਜਲੂਸ ਕੱਢਣ 'ਤੇ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਸਮੇਂ ਜੇਤੂ ਉਮੀਦਵਾਰਾਂ ਦੇ ਨਾਲ ਜਾਣ ਵਾਲੇ ਵਿਅਕਤੀਆਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਗਈ ਹੈ। ਚੋਣ ਸਰਟੀਫਿਕੇਟ ਜਾਰੀ ਕਰਨ ਦੌਰਾਨ ਉਮੀਦਵਾਰ ਜਾਂ ਉਸ ਦੇ ਅਧਿਕਾਰਤ ਨੁਮਾਇੰਦੇ ਦੇ ਨਾਲ ਸਿਰਫ਼ ਦੋ ਵਿਅਕਤੀ ਹੀ ਜਾ ਸਕਦੇ ਹਨ । ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 9 ਰਿਟਰਨਿੰਗ ਅਫ਼ਸਰਾਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ 'ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਦੱਸਿਆ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਇਸ ਸਾਲ ਹਰੇਕ ਵਿਧਾਨ ਸਭਾ ਹਲਕੇ ਲਈ ਦੋ ਗਿਣਤੀ ਹਾਲ ਬਣਾਏ ਗਏ ਹਨ।