ਕਪੂਰਥਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਤੋਂ ਕਾਂਗਰਸ ਅਤੇ ਇੱਕ ਤੋਂ ਆਜ਼ਾਦ ਉਮੀਦਵਾਰ ਜੇਤੂ
- ਜ਼ਿਲਾ ਚੋਣ ਅਫ਼ਸਰ ਵਲੋਂ ਸਮੂਹ ਚੋਣ ਅਮਲੇ ਦਾ ਧੰਨਵਾਦ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ,10 ਮਾਰਚ 2022 - ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਪੂਰਥਲਾ ਜ਼ਿਲ੍ਹਾ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਲਈ 20 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਵਿਰਸਾ ਵਿਹਾਰ ਵਿਖੇ ਮੁਕੰਮਲ ਹੋਇਆ। ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉੱਪਲ ਅਤੇ ਭਾਰਤੀ ਚੋਣ ਕਮਿਸ਼ਨ ਦੇ ਗਿਣਤੀ ਆਬਜ਼ਰਵਾਂ ਦੀ ਨਿਗਰਾਨੀ ਹੇਠ ਸਵੇਰੇ 8 ਵਜੇ ਸ਼ੁਰੂ ਹੋਇਆ।
ਜਿਸ ਵਿਚ ਕਪੂਰਥਲਾ ਹਲਕੇ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਣਾ ਗੁਰਜੀਤ ਸਿੰਘ,ਭੁਲੱਥ ਹਲਕੇ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ,ਫਗਵਾੜਾ ਹਲਕੇ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਅਤੇ ਸੁਲਤਾਨਪੁਰ ਲੋਧੀ ਹਲਕੇ ਤੋਂ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਾਤਪ ਸਿੰਘ ਜੇਤੂ ਰਹੇ।
ਜ਼ਿਲਾ ਚੋਣ ਅਫ਼ਸਰ ਨੇ ਦੱਸਿਆ ਕਿ ਭੁਲੱਥ ਹਲਕੇ ਵਿਚ ਕੁੱਲ 90122 ਵੋਟਾਂ ਵਿੱਚੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਬੀਬੀ ਜਾਗੀਰ ਕੌਰ ਨੂੰ 9204 ਵੋਟਾਂ ਦੇ ਫ਼ਰਕ ਨਾਲ ਹਰਾਇਆ। ਸੁਖਪਾਲ ਸਿੰਘ ਖਹਿਰਾ ਨੂੰ 37089 ਅਤੇ ਬੀਬੀ ਜਾਗੀਰ ਕੌਰ ਨੂੰ 27885 ਵੋਟਾਂ ਮਿਲੀਆਂ।
ਇਸੇ ਤਰ੍ਹਾਂ ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਰਾਣਾ ਗੁਰਜੀਤ ਸਿੰਘ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੂੰ 7254 ਵੋਟਾਂ ਨਾਲ ਹਰਾਇਆ। ਰਾਣਾ ਗੁਰਜੀਤ ਸਿੰਘ ਨੂੰ 43752 ਅਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ਨੂੰ 36498 ਵੋਟਾਂ ਪਈਆਂ।
ਸੁਲਤਾਨਪੁਰ ਲੋਧੀ ਹਲਕੇ ਵਿਚ ਆਜ਼ਾਦ ਉਮੀਦਵਾਰ ਰਾਣਾ ਇੰਦਰਪ੍ਰਤਾਪ ਸਿੰਘ ਜੇਤੂ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੱਜਣ ਸਿੰਘ ਚੀਮਾ ਨੂੰ 11519 ਵੋਟਾਂ ਨਾਲ ਹਰਾਇਆ। ਰਾਣਾ ਇੰਦਰਪ੍ਰਤਾਪ ਸਿੰਘ ਨੂੰ 41125 ਅਤੇ ਆਮ ਆਦਮੀ ਪਾਰਟੀ ਦੇ ਸੱਜਣ ਸਿੰਘ ਚੀਮਾ ਨੂੰ 29606 ਵੋਟਾਂ ਮਿਲੀਆ।
ਫਗਵਾੜਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਜੇਤੂ ਰਹੇ। ਉਨ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ 2710 ਵੋਟਾਂ ਨਾਲ ਹਰਾਇਆ। ਬਲਵਿੰਦਰ ਸਿੰਘ ਧਾਲੀਵਾਲ ਨੂੰ 37102 ਅਤੇ ਆਮ ਆਦਮੀ ਪਾਰਟੀ ਦੇ ਜੋਗਿੰਦਰ ਸਿੰਘ ਮਾਨ ਨੂੰ 34392 ਵੋਟਾਂ ਮਿਲੀਆਂ।
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੇ ਚੋਣ ਅਮਲੇ, ਪ੍ਰਸ਼ਾਸਨਿਕ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਅਤੇ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਨੁਮਾਇੰਦਿਆਂ ਦਾ ਧੰਨਵਾਦ ਵੀ ਕੀਤਾ।