ਜਿੱਤ ਤੋਂ ਬਾਅਦ ਭਗਵੰਤ ਮਾਨ ਨੇ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ, ਸਹੁੰ ਚੁੱਕ ਸਮਾਗਮ ਲਈ ਦਿੱਤਾ ਸੱਦਾ
-16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ 'ਚ ਚੁੱਕਣਗੇ ਮੁੱਖ ਮੰਤਰੀ ਦੀ ਸਹੁੰ
-13 ਮਾਰਚ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਗੁਰੂ ਕੀ ਨਗਰੀ ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਫਿਰ ਕਰਨਗੇ ਰੋਡ ਸ਼ੋਅ
ਦਿੱਲੀ/ਚੰਡੀਗੜ੍ਹ, 11 ਮਾਰਚ 2022 - ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਵਿੱਚ ਸ਼ਾਨਦਾਰ ਜਿੱਤ ਤੋਂ ਬਾਅਦ ਅੱਜ ਭਗਵੰਤ ਮਾਨ ਨੇ 'ਆਪ' ਸੁਪਰੀਮੋਂ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿੱਚ ਉਨਾਂ ਦੀ ਰਿਹਾਇਸ 'ਤੇ ਮੁਲਾਕਾਤ ਕੀਤੀ ਅਤੇ ਸਹੁੰ ਚੁੱਕ ਸਮਾਗਮ ਵਿੱਚ ਆਉਣ ਲਈ ਸੱਦਾ ਦਿੱਤਾ। ਇਸ ਮੌਕੇ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ, ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪਾਰਟੀ ਦੇ ਪੰਜਾਬ ਮਾਮਲਿਆਂ ਬਾਰੇ ਸਹਿ ਪ੍ਰਭਾਰੀ ਰਾਘਵ ਚੱਢਾ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ।
ਸ਼ੁੱਕਰਵਾਰ ਨੂੰ ਦਿੱਲੀ ਵਿੱਚ 'ਆਪ' ਆਗੂਆਂ ਦੀ ਬੈਠਕ 'ਚ ਫ਼ੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ 13 ਮਾਰਚ ਨੂੰ ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਮੰਦਰ ਦੇ ਦਰਸ਼ਨ ਕਰਨਗੇ ਅਤੇ ਇਤਿਹਾਸਕ ਜਿੱਤ ਲਈ ਮੱਥਾ ਟੇਕ ਕੇ ਪ੍ਰਮਾਤਮਾ ਦਾ ਸ਼ੁਕਰੀਆ ਕਰਨਗੇ। ਇਸ ਤੋਂ ਬਾਅਦ ਦੋਵੇਂ ਆਗੂ ਪੰਜਾਬ ਵਾਸੀਆਂ ਦਾ ਧੰਨਵਾਦ ਕਰਨ ਲਈ ਅੰਮ੍ਰਿਤਸਰ 'ਚ ਰੋਡ ਸ਼ੋਅ ਕਰਨਗੇ।
ਜਦੋਂ ਕਿ 16 ਮਾਰਚ ਨੂੰ ਭਗਵੰਤ ਮਾਨ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਣਗੇ। ਜ਼ਿਕਰਯੋਗ ਹੈ ਕਿ 'ਆਪ' ਦੀ ਪੰਜਾਬ 'ਚ ਸ਼ਾਨਦਾਰ ਜਿੱਤ ਤੋਂ ਬਾਅਦ ਵੀਰਵਾਰ ਨੂੰ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਐਲਾਨ ਕੀਤਾ ਸੀ ਉਹ ਸ਼ਹੀਦ ਭਗਤ ਸਿੰਘ ਦੇ ਸਨਮਾਨ 'ਚ ਅਤੇ ਸ਼ਰਧਾਂਜਲੀ ਦੇਣ ਲਈ ਖਟਕੜ ਕਲਾਂ ਵਿੱਚ ਸਹੁੰ ਚੁਕਣਗੇ।