ਮੁੱਖ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਆਪਣੇ ਘਰ ਸੰਗਰੂਰ ਪੁੱਜੇ ਭਗਵੰਤ ਮਾਨ, ਦਿੱਤਾ ਗਿਆ ਗਾਰਡ ਆਫ਼ ਆਨਰ
- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਭਰਵਾਂ ਸੁਆਗਤ; ਦਿੱਤਾ ਗਿਆ ਗਾਰਡ ਆਫ਼ ਆਨਰ
ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 18 ਮਾਰਚ, 2022 : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਆਪਣੇ ਘਰ ਡਰੀਮਲੈਂਡ ਕਲੋਨੀ ਵਿਖੇ ਪਹੁੰਚੇ। ਇੱਥੇ ਉਨ੍ਹਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਰਵਾਂ ਸੁਆਗਤ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸੰਗਰੂਰ ਪੁੱਜਣ 'ਤੇ ਜੀ ਆਇਆਂ ਨੂੰ ਕਿਹਾ ਗਿਆ।
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੀ ਸਲਾਮੀ ਦੇ ਕੇ ਸਨਮਾਨਿਤ ਕੀਤਾ ਗਿਆ। ਅੱਜ ਰੰਗਾਂ ਦੇ ਤਿਉਹਾਰ ਹੋਲੀ ਮੌਕੇ ਭਗਵੰਤ ਮਾਨ ਸੰਗਰੂਰ ਵਿਖੇ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਪ੍ਰਮੁੱਖ ਆਗੂ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਸਨ।
ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਭਗਵੰਤ ਮਾਨ ਦੇ ਘਰ ਡਰੀਮਲੈਂਡ ਕਾਲੋਨੀ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਅਤੇ ਜ਼ਿਲ੍ਹਾ ਪੁਲਸ ਮੁਖੀ ਸਵੱਪਨ ਸਰਮਾ ਦੀ ਉਚੇਚੇ ਤੌਰ 'ਤੇ ਹਾਜ਼ਰ ਰਹੇ।