ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
ਅੰਮ੍ਰਿਤਸਰ, 3 ਜੂਨ 2022 - ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ (ਵੀਡੀਓ ਵੀ ਦੇਖੋ)
ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਸੁਖਰਾਜ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ, ਭਾਈ ਹਰਪ੍ਰੀਤ ਸਿੰਘ ਸਮੇਤ ਸੰਗਤਾਂ ਹਾਜਰ ਸਨ।