ਕਿਸਾਨ ਮੋਰਚੇ ਦੇ ਦੇਸ਼ ਵਿਆਪੀ ਸੱਦੇ 'ਤੇ ਬੀ ਕੇ ਯੂ ਉਗਰਾਹਾਂ ਵੱਲੋਂ ਅਗਨੀਪਥ ਯੋਜਨਾ ਖਿਲਾਫ਼ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ
- ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪੇ ਜਾਣਗੇ
ਦਲਜੀਤ ਕੌਰ ਭਵਾਨੀਗੜ੍ਹ
ਚੰਡੀਗੜ੍ਹ, 23 ਜੂਨ, 2022: ਕੇਂਦਰੀ ਭਾਜਪਾ ਮੋਦੀ ਸਰਕਾਰ ਦੀ ਬਹੁਚਰਚਿਤ ਫੌਜੀ ਭਰਤੀ ਦੀ ਅਗਨੀਪੱਥ ਯੋਜਨਾ ਵਿਰੁੱਧ ਦੇਸ਼ ਭਰ ਵਿੱਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ 'ਤੇ ਲੈ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ ਪੰਜਾਬ ਭਰ ਵਿੱਚ ਡੀਸੀ/ਐੱਸਡੀਐੱਮ ਦਫ਼ਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹਰ ਪੱਧਰ 'ਤੇ ਜਥੇਬੰਦਕ ਆਗੂਆਂ ਰਾਹੀਂ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਜਨਤਕ ਜਮਹੂਰੀ ਕਾਰਕੁਨਾਂ ਨਾਲ ਸੰਪਰਕ ਕਰਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਪ੍ਰਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਯੋਜਨਾ ਦੇਸ਼ ਦੇ ਕਰੋੜਾਂ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀ ਸਰਕਾਰੀ ਨੌਕਰੀ ਦੀ ਗਰੰਟੀ ਦਾ ਹੱਕ ਵੀ ਖੋਂਹਦੀ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਖੜ੍ਹਾ ਕਰਦੀ ਹੈ।
ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨਾਂ ਮੌਕੇ ਸਰਕਾਰੀ ਉੱਚ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਅਗਨੀਪਥ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ। ਫੌਜ ਵਿੱਚ ਪਿਛਲੇ ਦੋ ਸਾਲਾਂ ਤੋਂ ਬੰਦ ਕੀਤੀ ਭਰਤੀ ਕਾਰਨ ਰਹਿੰਦੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੀ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ।
ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਉਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ। ਕਿਸੇ ਵੀ ਫੌਜੀ ਭਰਤੀ ਲਈ ਬਿਨੈਕਾਰਾਂ 'ਤੇ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ ਨਾ ਲਗਾਈ ਜਾਵੇ ਜਿਹੜੀ ਉਹਨਾਂ ਨੂੰ ਜਨਤਕ ਜਮਹੂਰੀ ਪ੍ਰਦਰਸ਼ਨਾਂ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੋਵੇ। ਬੀਤੇ ਦਿਨੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰ ਰਹੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ ਅਤੇ ਦਿੱਲੀ ਵਿਖੇ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਵਿੱਚ ਡੱਕੇ ਗਏ ਸੈਂਕੜੇ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।
ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਹੈ ਕਿ ਸਮੂਹ ਕਿਰਤੀਆਂ ਬੇਰੁਜ਼ਗਾਰਾਂ ਅਤੇ ਦੇਸ਼ਭਗਤ ਜਮਹੂਰੀ ਲੋਕਾਂ ਨੂੰ ਇਸ ਹੱਕੀ ਅੰਦੋਲਨ ਵਿਚ ਖੁੱਲ੍ਹਕੇ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਮੋਦੀ ਮਾਰਕਾ ਕੱਟੜਪੰਥੀ ਹਕੂਮਤ ਦੀਆਂ ਅਜਿਹੀਆਂ ਦੇਸ਼ ਵਿਰੋਧੀ ਨੀਤੀਆਂ ਨੂੰ ਮੁਕੰਮਲ ਭਾਂਜ ਦਿੱਤੀ ਜਾ ਸਕੇ।