‘ਅਗਨੀਪਥ ਸਕੀਮ’: ਸੜਕ ਜਾਮ ਕਰਕੇ ਕੇਂਦਰ ਸਰਕਾਰ ਦਾ ਕੱਢਿਆ ਧੂੰਆਂ
ਅਸ਼ੋਕ ਵਰਮਾ
ਬਠਿੰਡਾ, 24 ਜੂਨ,2022 : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਨੇ ਰੋਸ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਵੱਲੋਂ ਫੌਜ ਵਿੱਚ ਨਵੀਂ ਭਰਤੀ ਲਈ ਲਿਆਂਦੀ ਅਗਨੀਪਥ ਸਕੀਮ ਖਿਲਾਫ ਹਨੂੰਮਾਨ ਚੌਂਕ ’ਚ ਸੜਕ ਜਾਮ ਕਰਕੇ ਇਹ ਪ੍ਰਬੰਧ ਵਾਪਿਸ ਲੈਣ ਦੀ ਮੰਗ ਕੀਤੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਇਸ ਸਕੀਮ ਨਾਲ ਫੌਜ ਵਿੱਚ ਭਰਤੀ ਰਾਹੀਂ ਕਿਸਾਨਾਂ ਮਜ਼ਦੂਰਾਂ ਬੱਚਿਆਂ ਨੂੰ ਮਿਲਦੇ ਇੱਕੋ ਇੱਕ ਸਰਕਾਰੀ ਰੁਜ਼ਗਾਰ ਦਾ ਉਜਾੜਾ ਹੋਵੇਗਾ।
ਉਨ੍ਹਾਂ ਆਖਿਆ ਕਿ ਇਹ ਪੰਬੰਧ ਲਾਗੂ ਹੋਣ ਤੋਂ ਬਾਅਦ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਦੀ ਆਰਥਿਕ ਹਾਲਤ ਹੋਰ ਨਿੱਘਰ ਜਾਵੇਗੀ ਕਿਉਂਕਿ ਇਸ ਸਕੀਮ ਤਹਿਤ ਅਗਨੀਵੀਰ ਦੇ ਨਾਮ ਨਾਲ ਭਰਤੀ ਕੀਤੇ ਨੌਜਵਾਨ ਸਿਰਫ਼ ਚਾਰ ਸਾਲ ਹੀ ਨੌਕਰੀ ਕਰ ਸਕਣਗੇ । ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਰਿਟਾਇਰ ਹੋਣ ਤੇ ਉਨ੍ਹਾਂ ਨੂੰ ਨਾ ਪੈਨਸ਼ਨ ਮਿਲੇਗੀ ਤੇ ਨਾ ਹੀ ਕੋਈ ਹੋਰ ਸਰਕਾਰੀ ਸਹੂਲਤਾਂ ਮਿਲਣਗੀਆਂ ।
ਉਨ੍ਹਾਂ ਕਿਹਾ ਕਿ ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵਧ ਰਹੀ ਬੇਰੁਜ਼ਗਾਰੀ ਦੇ ਸਿੱਟੇ ਵਜੋਂ ਨੌਜਵਾਨਾਂ ਵਿੱਚ ਵਧ ਰਹੇ ਨਸ਼ਿਆਂ , ਗੈਂਗਸਟਰਵਾਦ ਅਤੇ ਹੋਰ ਅਪਰਾਧਾਂ ਨੂੰ ਰੋਕਣ ਲਈ ਲੋੜ ਤਾਂ ਹੋਰ ਵਧੇਰੇ ਪੱਕੇ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਸੀ ਪਰ ਇਸ ਦੇ ਉਲਟ ਕੇਂਦਰ ਸਰਕਾਰ ਪਹਿਲਾਂ ਮਿਲਦਾ ਰੁਜ਼ਗਾਰ ਉਜਾੜ ਕੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿੱਚ ਪਾ ਰਹੀ ਹੈ । ਬੁਲਾਰਿਆਂ ਨੇ ਕਿਹਾ ਕਿ ਫ਼ੌਜ ਦੀ ਨਵੀਂ ਭਰਤੀ ਦੇ ਨਾਦਰਸ਼ਾਹੀ ਫਰਮਾਨ ਖ਼ਿਲਾਫ਼ ਦੇਸ਼ ਦੇ ਨੌਜਵਾਨਾਂ ਵੱਲੋਂ ਰੋਸ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਜਮਹੂਰੀ ਹੱਕ ਹੈ ।
ਸੰਘਰਸ਼ੀ ਲੋਕਾਂ ਦੇ ਖ਼ਿਲਾਫ਼ ਪਰਚੇ ਦਰਜ ਕਰਨ, ਪੁਲੀਸ ਤਸ਼ੱਦਦ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਆਗੂਆਂ ਨੇ ਨੌਜਵਾਨਾਂ ਖਿਲਾਫ ਦਰਜ ਕੇਸ ਰੱਦ ਕਰਕੇ ਉਨ੍ਹਾਂ ਨੂੰ ਤੁਰੰਤ ਜੇਲ੍ਹਾਂ ਚੋਂ ਰਿਹਾਅ ਕਰਨ ਦੀ ਮੰਗ ਕੀਤੀ । ਇਸ ਮੌਕੇ ਆਗੂਆਂ ਨੇ ਇਸ ਸਕੀਮ ਨੂੰ ਰੱਦ ਕਰਵਾਉਣ ਲਈ ਸਰਕਾਰ ਖਿਲਾਫ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਹਮਾਇਤ ਦਾ ਐਲਾਨ ਕੀਤਾ । ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮਿੰਨੀ ਸਕੱਤਰੇਤ ਤੋਂ ਹਨੂੰਮਾਨ ਚੌਕ ਤੱਕ ਰੋਸ ਮੁਜ਼ਾਹਰਾ ਕੀਤਾ ਅਤੇ ਪ੍ਰਸ਼ਾਸ਼ਨ ਦੇ ਵਤੀਰੇ ਖਿਲਾਫ ਜਾਮ ਲਾਇਆ ।
ਇਸ ਮੌਕੇ ਡਿਪਟੀ ਕਮਿਸ਼ਨਰ ਬਠਿੰਡਾ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਮੰਗ ਪੱਤਰ ਰਾਹੀਂ ਅਗਨੀਪਥ ਸਕੀਮ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਨ, ਇਸ ਸਕੀਮ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲੈਣ,ਫੌਜ ਵਿੱਚ ਪਿਛਲੀਆਂ ਕਰੀਬ ਸਵਾ ਲੱਖ ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60ਹਜ਼ਾਰ ਅਸਾਮੀਆਂ ਵਾਸਤੇ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕਰਨ ਤੋਂ ਇਲਾਵਾ ਪਹਿਲਾਂ ਸ਼ੁਰੂ ਭਰਤੀ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦੇਣ , ਨੌਜਵਾਨਾਂ ਖਿਲਾਫ ਦਰਜ ਮੁਕੱਦਮੇ ਰੱਦ ਅਤੇ ਕਿਸੇ ਵੀ ਭਰਤੀ ਲਈ ਬਿਨੈਕਾਰਾਂ ’ਤੇ ਸ਼ਾਂਤਮਈ ਅਤੇ ਜਮਹੂਰੀ ਢੰਗ ਨਾਲ ਪ੍ਰਦਰਸ਼ਨ ਦੇ ਅਧਿਕਾਰ ਤੋਂ ਵਾਂਝਾ ਕਰਨ ਵਾਲੀ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ ਆਦਿ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।
ਅੱਜ ਦੇ ਇਕੱਠ ਨੂੰ ਬਸੰਤ ਸਿੰਘ ਕੋਠਾ ਗੁਰੂ ,ਜਗਦੇਵ ਸਿੰਘ ਜੋਗੇਵਾਲਾ’ ਜਗਸੀਰ ਸਿੰਘ ਝੁੰਬਾ, ਪਰਮਜੀਤ ਕੌਰ ਕੋਟੜਾ, ਸੁਖਜੀਤ ਕੌਰ ਚੱਕ ਫਤਿਹ ਸਿੰਘ ਵਾਲਾ , ਗੁਲਾਬ ਸਿੰਘ ਜਿਓਂਦ ,ਬਲਜੀਤ ਸਿੰਘ ਪੂਹਲਾ, ਜਸਪਾਲ ਸਿੰਘ ਕੋਠਾਗੁਰੂ, ਅਮਰੀਕ ਸਿੰਘ ਸਿਵੀਆਂ, ਕੁਲਵੰਤ ਸ਼ਰਮਾ, ਕਾਲਾ ਸਿੰਘ ਚੱਠੇਵਾਲਾ ਅਤੇ ਸਿਕੰਦਰ ਸਿੰਘ ਘੁੰਮਣ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਡੀਟੀਐਫ ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਖੇਮੂਆਣਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਨੇ ਵੀ ਸੰਬੋਧਨ ਕੀਤਾ ।