ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ 'ਚ ਹਾਈ ਕੋਰਟ ਦੀ ਨਿਗਰਾਨੀ 'ਚ ਜਾਂਚ ਹੋਵੇ - ਵੜਿੰਗ
ਚੰਡੀਗੜ੍ਹ, 14 ਸਤੰਬਰ 2022 - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਉਹ ਆਪਣੇ ਵਿਧਾਇਕਾਂ ਨੂੰ ਕਥਿਤ ਤੌਰ 'ਤੇ ਰਿਸ਼ਵਤ ਦੇਣ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਾਉਣ। ਇਸ ਸਬੰਧੀ ਉਨ੍ਹਾਂ ਨੇ ਸਰਕਾਰ ਨੂੰ ਆਪਣੀ ਪਾਰਟੀ ਦੇ ਸਮਰਥਨ ਦੀ ਪੇਸ਼ਕਸ਼ ਕੀਤੀ ਹੈ ਕਿਉਂਕਿ ਦੋਸ਼ ਗੰਭੀਰ ਹਨ ਅਤੇ ਸੰਵਿਧਾਨਕ ਪ੍ਰਕਿਰਿਆ ਨੂੰ ਨੁਕਸਾਨ ਪਹੁੰਚਾਉਂਦੇ ਹਨ ਅਤੇ ਲੋਕਾਂ ਦਾ ਫਤਵਾ ਚੋਰੀ ਕਰਨ ਦੇ ਬਰਾਬਰ ਹਨ।
ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਹਾਲਾਂਕਿ ‘ਆਪ’ ਸਰਕਾਰ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ‘ਤੇ ਸ਼ੰਕਾ ਜ਼ਾਹਰ ਕੀਤੀ, ਜੋ ਸਰਕਾਰ ਦੀਆਂ ਨਾਕਾਮੀਆਂ ਤੇ ਪਰਦਾ ਪਾਉਣ ਲਈ ਪਹਿਲਾਂ ਤੋਂ ਮਨਘੜਤ ਕਹਾਣੀ ਦਾ ਹਿੱਸਾ ਹੋ ਸਕਦੇ ਹਨ ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਵਿਧਾਇਕਾਂ ਨੂੰ ਰਿਸ਼ਵਤ ਦੇਣ ਦੇ ਮਾਮਲੇ 'ਚ ਹਾਈ ਕੋਰਟ ਦੀ ਨਿਗਰਾਨੀ 'ਚ ਜਾਂਚ ਹੋਵੇ - ਵੜਿੰਗ (ਵੀਡੀਓ ਵੀ ਦੇਖੋ)
ਵੜਿੰਗ ਨੇ ਕਿਹਾ ਕਿ ਆਪ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੰਤਰਰਾਸ਼ਟਰੀ ਸਰਹੱਦ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਰਕਾਰ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਸਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਘਰਾਂ ਤੱਕ ਰਾਸ਼ਨ ਮੁਫ਼ਤ ਪਹੁੰਚਾਉਣ ਦੀ ਨੀਤੀ 'ਤੇ ਰੋਕ ਲਗਾ ਦਿੱਤੀ ਸੀ ਅਤੇ ਉਸ ਤੋਂ ਬਾਅਦ ਫੌਜਾ ਸਿੰਘ ਸਰਾਰੀ ਵੱਲੋਂ ਠੇਕੇਦਾਰਾਂ ਤੋਂ ਪੈਸੇ ਵਸੂਲਣ ਦੀ ਸਾਜ਼ਿਸ਼ ਦੀ ਆਡੀਓ ਸਾਹਮਣੇ ਆਈ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਦੇ ਵਿਧਾਇਕਾਂ ਨੂੰ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਸ਼ਰਮ ਤੋਂ ਬਚਣ ਲਈ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਆਪ ਦੇ ਵਿਧਾਇਕਾਂ ਨੂੰ ਖ਼ਰੀਦਣ ਸਬੰਧੀ ਲਾਏ ਦੋਸ਼ਾਂ ਪ੍ਰਤੀ ਇੰਨੇ ਹੀ ਇਮਾਨਦਾਰ ਹੋ ਤਾਂ ਇਸ ਮਾਮਲੇ 'ਚ ਮਾਮਲਾ ਦਰਜ ਕਿਉਂ ਨਹੀਂ ਕੀਤਾ ਜਾਂਦਾ।
'ਆਪ' ਮੰਤਰੀਆਂ ਵੱਲੋਂ ਡੀਜੀਪੀ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਬਾਰੇ, ਵੜਿੰਗ ਨੇ ਕਿਹਾ ਕਿ ਇਹ ਇੱਕ ਵਾਰ ਫਿਰ ਡਰਾਮਾ ਹੈ ਕਿਉਂਕਿ ਇੱਕ ਮੰਤਰੀ ਹਮੇਸ਼ਾ ਡੀਜੀਪੀ ਨੂੰ ਮੀਟਿੰਗ ਅਤੇ ਗੱਲਬਾਤ ਲਈ ਬੁਲਾ ਸਕਦਾ ਹੈ। ਪਰ ਇਹ ਉਹ ਪ੍ਰਚਾਰ ਨਹੀਂ ਦਿੰਦਾ ਜੋ ਆਪ ਚਾਹੁੰਦੀ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ 'ਚ 'ਆਪ' 'ਚ ਫੁੱਟ ਪੈਣ ਦੀ ਪ੍ਰਬਲ ਸੰਭਾਵਨਾ ਹੈ, ਜਿਸ ਦੇ ਵਿਧਾਇਕ ਪਾਰਟੀ 'ਚ ਘੁਟਨ, ਨਿਰਾਸ਼ ਅਤੇ ਨਜ਼ਰਅੰਦਾਜ਼ ਮਹਿਸੂਸ ਕਰ ਰਹੇ ਹਨ, ਕਿਉਂਕਿ ਸੱਤਾ ਦਾ ਆਨੰਦ ਬਾਹਰਲੇ ਲੋਕਾਂ ਨੂੰ ਮਿਲ ਰਿਹਾ ਹੈ। ਜਿਸ ਕਾਰਨ ਪਾਰਟੀ ਵੱਲੋਂ ਦਿੱਲੀ ਦੀ ਤਰਜ਼ 'ਤੇ ਦੋਸ਼ ਲਗਾ ਕੇ ਬਹਾਨਾ ਬਣਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੋਸ਼ਾਂ ਤੋਂ ਕੁਝ ਨਹੀਂ ਨਿਕਲੇਗਾ।
ਇਸੇ ਤਰ੍ਹਾਂ ਅਗਨੀਪਥ ਸਕੀਮ ਬਾਰੇ ਪੁੱਛੇ ਸਵਾਲ 'ਤੇ, ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਸਮਰਥਨ ਕਰੇਗੀ, ਵੜਿੰਗ ਨੇ ਕਿਹਾ ਕਿ ਇਸੇ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਦਾ ਵਿਰੋਧ ਕੀਤਾ ਸੀ।