ਮੁੱਖ ਮੰਤਰੀ ਕਿਸਾਨ ਸੰਗਠਨਾਂ ਖਿਲਾਫ ਭੱਦੀ ਸ਼ਬਦਾਵਲੀ ਲਈ ਮੁਆਫੀ ਮੰਗਣ : ਦਲਜੀਤ ਚੀਮਾ (ਵੀਡੀਓ ਵੀ ਦੇਖੋ)
- ਆਪ ਸਰਕਾਰ ਕਿਸਾਨ ਯੂਨੀਅਨਾਂ ਨਾਲ ਲਿਖਤੀ ਮੰਨੀਆਂ ਮੰਗਾਂ ਦੀ ਨੋਟੀਫਿਕੇਸ਼ਨ ਤੋਂ ਨਾ ਭੱਜੇ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 18 ਨਵੰਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਕਿਸਾਨ ਯੂਨੀਅਨਾਂ ਖਿਲਾਫ ਭੱਦੀ ਸ਼ਬਦਾਵਲੀ ਵਰਤਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਕਿਸਾਨ ਜਥੇਬੰਦੀਆਂ ਤੋਂ ਮੁਆਫੀ ਮੰਗਣ ਅਤੇ ਪਾਰਟੀ ਨੇ ਆਪ ਸਰਕਾਰ ਕਿਸਾਨ ਜਥੇਬੰਦੀਆਂ ਦੀਆਂ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦੇ ਨੋਟੀਫਿਕੇਸ਼ਨ ਤੋਂ ਭੱਜ ਰਹੀ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ....
ਮੁੱਖ ਮੰਤਰੀ ਕਿਸਾਨ ਸੰਗਠਨਾਂ ਖਿਲਾਫ ਭੱਦੀ ਸ਼ਬਦਾਵਲੀ ਲਈ ਮੁਆਫੀ ਮੰਗਣ : ਦਲਜੀਤ ਚੀਮਾ (ਵੀਡੀਓ ਵੀ ਦੇਖੋ)
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਸਰਕਾਰ ਨੂੰ ਸਿਰਫ ਇਹੀ ਆਖ ਰਹੀਆਂ ਹਨ ਕਿ ਉਹ ਉਹਨਾਂ ਨਾਲ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਕਰੇ। ਉਹਨਾਂ ਕਿਹਾ ਕਿ ਜਦੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰੋਂ ਪਿਛਲੇ ਮਹੀਨੇ ਧਰਨਾ ਚੁੱਕਿਆ ਗਿਆ ਸੀਤਾਂ ਉਸ ਵੇਲੇ ਸਰਕਾਰ ਨੇ ਕਿਸਾਨ ਜਥੇਬੰਦੀਆਂ ਦੀਆਂ ਮੰਗਾਂ ਨਿਸ਼ਚਿਤ ਸਮੇਂ ਅੰਦਰ ਲਾਗੂ ਕਰਵਾਉਣ ਲਈ ਸਹਿਮਤੀ ਦਿੱਤੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਹੁਣ ਇਹ ਮੰਗਾਂ ਲਾਗੂ ਕਰਨ ਤੋਂ ਭੱਜ ਰਹੇ ਹਨ ਅਤੇ ਇਸੇ ਲਈ ਉਹਨਾਂ ਕਿਸਾਨ ਜਥੇਬੰਦੀਆਂ ਪ੍ਰਤੀ ਮੰਦੀ ਸ਼ਬਦਾਵਲੀ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।
ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਤੁਰੰਤ ਕਿਸਾਨਾਂ ਦੀਆ ਮੰਨੀਆਂ ਸਾਰੀਆਂ ਮੰਗਾਂ ਲਾਗੂ ਕਰਨ। ਉਹਨਾਂ ਕਿਹਾ ਕਿ ਫਸਲਾਂ ਦੇ ਹੋਏ ਨੁਕਸਾਨ ਦੇ ਮੁਆਵਜ਼ੇ ਦੇ ਨਾਲ ਨਾਲ ਕਿਸਾਨਾਂ ਦੇ ਦੁਧਾਰੂ ਪਸ਼ੂਆਂ ਦੀ ਲੰਪੀ ਚਮੜੀ ਰੋਗ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੀ ਮੁਆਵਜ਼ਾ ਜਲਦੀ ਤੋਂ ਜਲਦੀ ਜਾਰੀ ਕੀਤਾ ਜਾਵੇ। ਉਹਨਾਂ ਕਿਹਾ ਕਿ ਇਸੇ ਤਰੀਕੇ ਕਿਸਾਨਾਂ ਨੂੰ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਵੱਧ ਤੋਂ ਵੱਧ ਰਾਹਤ ਦਿੱਤੀ ਜਾਵੇ ਅਤੇ ਪਰਾਲੀ ਸਾੜਨ ਲਈ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਰੱਦ ਕੀਤੇ ਜਾਣ ਤੇ ਕਿਸਾਨਾਂ ਦੇ ਜ਼ਮੀਨੀ ਖਾਤਿਆਂ ਵਿਚ ਕੀਤੀਆਂ ਲਾਲ ਐਂਟਰੀਆਂ ਵੀ ਤੁਰੰਤ ਖਤਮ ਕੀਤੀਆਂ ਜਾਣ।
ਡਾ. ਚੀਮਾ ਨੇ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦਿੱਤੀ ਕਿ ਉਹ ਸਿਆਣਪ ਨਾਲ ਕੰਮ ਲੈਣ ਅਤੇ ਗੈਰ ਜ਼ਿੰਮੇਵਾਰਾਨਾ ਬਿਆਨਾਂ ਨਾਲ ਸੂਬੇ ਦਾ ਮਾਹੌਲ ਖਰਾਬ ਨਾ ਕਰਨ। ਉਹਨਾਂ ਕਿਹਾ ਕਿ ਦੂਜਿਆਂ ਖਿਲਾਫ ਦੂਸ਼ਣਬਾਜ਼ੀ ਕਰਨਾ ਹਮੇਸ਼ਾ ਆਪ ਦਾ ਪਹਿਲਾ ਏਜੰਡਾ ਰਿਹਾ ਹੈ ਤੇ ਪਾਰਟੀ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਕੀਤੀ ਦੂਸ਼ਣਬਾਜ਼ੀ ਤੋਂ ਪਹਿਲਾਂ ਹੀ ਭੱਜ ਚੁੱਕੀ ਹੈ ਅਤੇ ਹੁਣ ਇਸਨੇ ਕਿਸਾਨ ਸੰਗਠਨਾਂ ਖਿਲਾਫ ਬਿਆਨਬਾਜ਼ੀ ਸ਼ੁਰੂ ਕਰ ਦਿੱਤੀ ਹੈ।
ਉਹਨਾਂ ਕਿਹਾ ਕਿ ਅਮਨ ਕਾਨੂੰਨ ਵਿਵਸਥਾ ਪਹਿਲਾਂ ਹੀ ਢਹਿ ਢੇਰੀ ਹੋ ਗਈ ਹੈ। ਉਹਨਾਂ ਕਿਹਾ ਕਿ ਸੂਬਾ ਮੁੱਖ ਮੰਤਰੀ ਦੇ ਟਕਰਾਅ ਵਾਲੇ ਬਿਆਨਾਂ ਸਦਕਾ ਸੂਬੇ ਵਿਚ ਬੇਚੈਨੀ ਨਹੀਂ ਝੱਲ ਸਕਦਾ। ਉਹਨਾਂ ਕਿਹਾ ਕਿ ਆਪ ਸਰਕਾਰ ਨੂੰ ਕਿਸਾਨ ਸੰਗਠਨਾਂ ਦੀਆਂ ਮੰਨੀਆਂ ਮੰਗਾਂ ਦਾ ਨੋਟੀਫਿਕੇਸ਼ਨ ਤੁਰੰਤਜਾਰੀ ਕਰਨਾ ਚਾਹੀਦਾਹੈ ਨਾ ਕਿ ਉਹਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।