ਵੜਿੰਗ ਨੇ ਟਰਾਂਸਪੋਰਟ ਮੰਤਰੀ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ
ਚੰਡੀਗੜ੍ਹ, 14 ਦਸੰਬਰ 2022: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਿਛਲੀ ਕਾਂਗਰਸ ਸਰਕਾਰ ਤਰਫੋਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਲਾਭ ਦਿੱਤੇ ਜਾਣ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ ਹੈ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰੋ.....
ਵੜਿੰਗ ਨੇ ਟਰਾਂਸਪੋਰਟ ਮੰਤਰੀ ਦੇ ਦਾਅਵਿਆਂ ਨੂੰ ਸਿਰੇ ਤੋਂ ਨਕਾਰਿਆ (ਵੀਡੀਓ ਵੀ ਦੇਖੋ)
ਭੁੱਲਰ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ, ਪਿਛਲੀ ਕਾਂਗਰਸ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਰਹੇ ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਟਰਾਂਸਪੋਰਟ ਦੇ ਹਿੱਤ ਵਿੱਚ ਸਾਰੇ ਰੂਟ ਵਾਪਸ ਲੈ ਲਏ ਸਨ। ਇਸ ਸਬੰਧੀ ਉਨ੍ਹਾਂ ਦਸਤਾਵੇਜ਼ ਵੀ ਪੇਸ਼ ਕੀਤੇ।
ਪ੍ਰਾਈਵੇਟ ਟਰਾਂਸਪੋਰਟਰਾਂ ਵੱਲੋਂ ਚੰਡੀਗੜ੍ਹ ਲਈ ਬੱਸਾਂ ਚਲਾਉਣ ਬਾਰੇ ਵੜਿੰਗ ਨੇ ਕਿਹਾ ਕਿ ਇਸ ਨੀਤੀ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਲੈਣੀ ਪੈਂਦੀ ਸੀ। ਕਿਉਂਕਿ ਇਸ ਨਾਲ ਸਭ ਤੋਂ ਵੱਧ ਬਾਦਲਾਂ ਦੀ ਟਰਾਂਸਪੋਰਟ ਪ੍ਰਭਾਵਿਤ ਹੋਣੀ ਸੀ, ਜਿਨ੍ਹਾਂ ਦਾ ਕੇਂਦਰ ਵਿੱਚ ਭਾਜਪਾ ਨਾਲ ਗਠਜੋੜ ਸੀ, ਜਿਸ ਕਾਰਨ ਉਨ੍ਹਾਂ ਨੇ ਕੇਂਦਰ ਤੋਂ ਇਸ ਨੀਤੀ ਨੂੰ ਮਨਜ਼ੂਰੀ ਨਹੀਂ ਮਿਲਣ ਦਿੱਤੀ।
ਸੂਬਾ ਕਾਂਗਰਸ ਪ੍ਰਧਾਨ ਨੇ ਭੁੱਲਰ ਤੋਂ ਪੁਛਿਆ ਕਿ ਕਿਹੜੀ ਸਰਕਾਰ ਜਾਂ ਕਿਸ ਮੰਤਰੀ ਨੇ ਰੂਟਾਂ ਦੇ ਵਧੇ ਪਰਮਿਟ ਰੱਦ ਕਰਕੇ ਸਰਕਾਰੀ ਖਜ਼ਾਨੇ ਵਿੱਚ ਵਾਧਾ ਕੀਤਾ ਸੀ। ਜਦੋਂ ਕਿ ਵੜਿੰਗ ਦੇ ਕਾਰਜਕਾਲ ਦੌਰਾਨ ਟਰਾਂਸਪੋਰਟ 'ਤੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਉਸਦੀ ਅਦਾਇਗੀ ਕਰਨੀ ਪਈ ਸੀ।
ਉਨ੍ਹਾਂ ਨੇ ਭੁੱਲਰ ਨੂੰ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਸਰਕਾਰ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਜਾਣ ਦੀ ਇਜਾਜ਼ਤ ਨਾ ਦੇਣ ਦਾ ਵੀ ਚੇਤਾ ਕਰਵਾਇਆ, ਜਿਸਦੇ ਕਾਰਨਾਂ ਤੋਂ ਲੋਕ ਚੰਗੀ ਤਰ੍ਹਾਂ ਜਾਣੂ ਹਨ। ਜਿਸ ਨੀਤੀ ਤੋਂ ਬਾਦਲਾਂ ਨੂੰ ਸਿੱਧਾ ਫਾਇਦਾ ਹੋਇਆ ਸੀ।